ਜਨਤਕ ਜਥੇਬੰਦੀਆ ਵੱਲੋਂ ਸਿਆਸੀ ਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਦੀ ਰਿਹਾਈ ਲਈ ਜ਼ਬਰਦਸਤ ਰੋਸ ਮੁਜ਼ਾਹਰਾ

04/08/2022 3:39:16 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਜਨਤਕ ਜਥੇਬੰਦੀਆ ਵੱਲੋਂ ਅੱਜ ਸੰਗਰੂਰ ਸ਼ਹਿਰ ’ਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ, ਸਿਆਸੀ ਕਾਰਕੁੰਨਾਂ ਅਤੇ ਨਾਜਾਇਜ਼ ਝੂਠੇ ਕੇਸਾਂ ’ਚ ਜੇਲ੍ਹੀਂ ਬੰਦ ਕੀਤੇ ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ ਅਤੇ ਜਮਹੂਰੀ ਹੱਕਾਂ ਲਈ ਲੜਨ ਵਾਲੇ ਕਾਰਕੁੰਨ ਤੁਰੰਤ ਰਿਹਾਅ ਕਰਵਾਉਣ ਲਈ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂੁਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਕਿਹਾ ਕਿ ਵੱਖ-ਵੱਖ   ਸਜ਼ਾ ਭੁਗਤ ਚੁੱਕੇ ਸਿੱਖ ਕੈਦੀਆਂ ਸਮੇਤ ਸਿਆਸੀ ਕਾਰਕੁੰਨਾਂ ਅਤੇ ਬਿਨਾਂ ਮੁਕੱਦਮੇ ਚਲਾਇਆਂ ਬੇਬੁਨਿਆਦ ਸੰਗੀਨ ਧਾਰਾਵਾਂ ਲਾ ਕੇ ਸਾਲਾਂਬੱਧੀ ਜੇਲ੍ਹਾਂ ’ਚ ਡੱਕੇ ਸਿਆਸੀ ਕਾਰਕੁੰਨਾਂ, ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ ਅਤੇ ਜਮਹੂਰੀ ਹੱਕਾਂ ਲਈ ਲੜਨ ਵਾਲੇ ਕਾਰਕੁੰਨਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ, ਦੇਸ਼ਧ੍ਰੋਹੀ, ਨੈਸ਼ਨਲ ਸਕਿਓਰਿਟੀ ਐਕਟ, ਅਫਜਪਾ, ਕਸ਼ਮੀਰ ਪਬਲਿਕ ਸੇਫਟੀ ਐਕਟ ਲਾਗੂ ਕਰਕੇ ਲੋਕਾਂ ਦੀ ਹੱਕੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਵਿਰੋਧ ਕਰਨ ਵਾਲਿਆਂ ਨੂੰ ਜੇਲ੍ਹਾਂ ’ਚ ਸੜਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਆਗੂ ਰੁਪਿੰਦਰ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਹਥਨ ਨੇ ਕਿਹਾ ਕਿ ਕੇਂਦਰ ਦੀ ਫਿਰਕੂ ਫਾਸ਼ੀਵਾਦੀ ਸਰਕਾਰ ਦੇਸ਼ ਭਰ ’ਚ ਫਿਰਕੂ ਤਣਾਅ ਪੈਦਾ ਕਰ ਰਹੀ ਹੈ। ਵੱਖ-ਵੱਖ ਭਾਈਚਾਰਿਆਂ ਨੂੰ ਧਰਮਾਂ ਦੇ ਨਾਂ ’ਤੇ ਲੜਾਇਆ ਜਾ ਰਿਹਾ ਹੈ, ਖਾਸ ਕਰਕੇ ਘੱਟਗਿਣਤੀ ਮੁਸਲਮਾਨ ਭਾਈਚਾਰੇ ਖਿਲਾਫ ਉਨ੍ਹਾਂ ਦੀਆਂ ਮਸਜਿਦਾਂ ਅਤੇ ਉਨ੍ਹਾਂ ਦੇ ਰਿਹਾਇਸ਼ੀ ਇਲਾਕਿਆਂ ’ਚ ਭਗਵਾ ਬ੍ਰਿਗੇਡ ਵੱਲੋਂ ਹਥਿਆਰਾਂ ਨੂੰ ਲਹਿਰਾਉਣਾ ਉਨ੍ਹਾਂ ’ਚ ਸਹਿਮ ਦਾ ਮਾਹੌਲ ਪੈਦਾ ਕਰਨ ਲਈ ਕੀਤਾ ਜਾ ਰਿਹਾ ਹੈ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਡਾ. ਰਘਵੀਰ ਸਿੰਘ ਭਵਾਨੀਗੜ੍ਹ ਨੇ ਨਿਭਾਈ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਦੇ ਮੇਘਰਾਜ, ਡੀ.ਟੀ.ਐੱਫ. ਦੇ ਅਮਨ ਵਸ਼ਿਸ਼ਟ, ਪਰਮਜੀਤ ਕੌਰ ਲੌਂਗੋਵਾਲ, ਜਸਦੀਪ ਸਿੰਘ ਬਹਾਦਰਪੁਰ, ਰਾਮਬੀਰ ਸਿੰਘ, ਬਿੱਕਰ ਸਿੰਘ ਹਥੋਆ, ਸੁਖਦੀਪ ਹਥਨ, ਪਰਮਜੀਤ ਕੌਰ, ਭਜਨ ਸਿੰਘ ਢੱਡਰੀਆਂ, ਸੁਖਦੇਵ ਸਿੰਘ ਉੱਭਾਵਾਲ, ਮਾਸਟਰ ਕੁਲਦੀਪ ਸਿੰਘ, ਗੁਰਬਖਸ਼ੀਸ਼ ਬਰਾੜ ਆਦਿ ਹਾਜ਼ਰ ਸਨ। ਇਸ ਉਪਰੰਤ ਸ਼ਹਿਰ ’ਚ ਰੋਸ ਮੁਜ਼ਾਹਰਾ ਕੀਤਾ ਗਿਆ।
 

Manoj

This news is Content Editor Manoj