ਵਿਧਾਨ ਸਭਾ 'ਚ ਬੇਅਦਬੀ ਵਿਰੋਧੀ ਕਾਨੂੰਨ 'ਤੇ ਜ਼ੋਰਦਾਰ ਹੰਗਾਮਾ, ਸਦਨ ਦੀ ਕਾਰਵਾਈ ਮੁਲਤਵੀ

Wednesday, Aug 05, 2026 - 12:15 PM (IST)

ਵਿਧਾਨ ਸਭਾ 'ਚ ਬੇਅਦਬੀ ਵਿਰੋਧੀ ਕਾਨੂੰਨ 'ਤੇ ਜ਼ੋਰਦਾਰ ਹੰਗਾਮਾ, ਸਦਨ ਦੀ ਕਾਰਵਾਈ ਮੁਲਤਵੀ

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਬੇਅਦਬੀ ਵਿਰੋਧੀ ਕਾਨੂੰਨ 'ਤੇ ਜ਼ੋਰਦਾਰ ਹੰਗਾਮਾ ਹੋ ਗਿਆ। ਸਦਨ 'ਚ ਵਿਰੋਧੀ ਧਿਰ ਵਲੋਂ ਸਰਕਾਰ ਦੇ ਖ਼ਿਲਾਫ਼ ਇਸ ਮੁੱਦੇ ਨੂੰ ਲੈ ਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ 11.30 ਵਜੇ ਤੱਕ ਮੁਲਤਵੀ ਕਰਨਾ ਪਿਆ। ਦਰਅਸਲ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਵਲੋਂ ਇਸ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਗਿਆ, ਜਿਸ ਤੋਂ ਬਾਅਦ ਕਾਂਗਰਸ ਵਲੋਂ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਸਦਨ 'ਚ ਹੰਗਾਮੇ ਨੂੰ ਦੇਖਦਿਆਂ ਕਾਰਵਾਈ ਨੂੰ 11.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਗਨੀਵ ਕੌਰ ਮਜੀਠੀਆ ਦੇ ਸੰਬੋਧਨ ਦੌਰਾਨ ਸਪੀਕਰ ਨਾਲ ਹੋਈ ਤਿੱਖੀ ਨੋਕ-ਝੋਕ ਤੋਂ ਬਾਅਦ ਸਦਨ 'ਚ ਹੰਗਾਮਾ ਸ਼ੁਰੂ ਹੋ ਗਿਆ। ਇਸ ਮਗਰੋਂ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਵਿਧਾਇਕ ਆਪਣੀਆਂ ਸੀਟਾਂ ਛੱਡ ਕੇ ਸਦਨ ਦੀ ਵੈੱਲ 'ਚ ਪਹੁੰਚ ਗਏ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕੁੱਝ ਸਮੇਂ ਲਈ ਸਦਨ ਦੀ ਕਾਰਵਾਈ ਹੰਗਾਮੇ ਦੀ ਭੇਂਟ ਚੜ੍ਹ ਗਈ।

ਗਨੀਵ ਕੌਰ ਮਜੀਠੀਆ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਵਿਧਾਨ ਸਭਾ 'ਚ ਮੌਜੂਦ ਕਈ ਵਿਧਾਇਕ ਅਤੇ ਮੰਤਰੀ ਪਹਿਲਾਂ ਅਕਾਲ ਤਖ਼ਤ ਸਾਹਿਬ ਵਿਖੇ ਗਏ ਸਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਿਤ ਕਾਨੂੰਨ ਬਾਰੇ ਵਿਚਾਰ-ਵਟਾਂਦਰਾ ਹੋਇਆ ਸੀ। ਉਨ੍ਹਾਂ ਕਿਹਾ ਕਿ ਉਸ ਮੌਕੇ ਅਰਦਾਸ ਕਰਨ ਅਤੇ ਜੈਕਾਰਾ ਛੱਡਣ ਤੋਂ ਬਾਅਦ ਇਹ ਭਰੋਸਾ ਦਿੱਤਾ ਗਿਆ ਸੀ ਕਿ ਬੇਅਦਬੀ ਨਾਲ ਜੁੜੇ ਕਾਨੂੰਨ 'ਚ ਲੋੜੀਂਦੀ ਸੋਧ ਕੀਤੀ ਜਾਵੇਗੀ, ਪਰ ਹੁਣ ਤੱਕ ਉਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਸਪੀਕਰ ਵੱਲੋਂ ਇਹ ਕਿਹਾ ਗਿਆ ਸੀ ਕਿ ਸੰਗਤ ਸਭ ਤੋਂ ਉੱਚੀ ਹੈ ਪਰ ਸੰਗਤ ਦੀ ਪਰਿਭਾਸ਼ਾ ਨੂੰ ਸਹੀ ਢੰਗ ਨਾਲ ਸਮਝਣ ਦੀ ਲੋੜ ਹੈ। ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਜਦੋਂ ਸਾਰੇ ਅਕਾਲ ਤਖ਼ਤ ਸਾਹਿਬ ਵਿਖੇ ਮੌਜੂਦ ਸਨ, ਉਸ ਵੇਲੇ ਉਹ ਗੁਰੂ ਦੀ ਸੰਗਤ ਦਾ ਹਿੱਸਾ ਸਨ, ਜਦੋਂ ਕਿ ਵਿਧਾਨ ਸਭਾ ਦੇ ਅੰਦਰ ਉਹ ਲੋਕ ਪ੍ਰਤੀਨਿਧੀ ਵਜੋਂ ਬੈਠੇ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵਿਖੇ ਜੋ ਵਚਨ ਦਿੱਤੇ ਗਏ ਸਨ, ਉਨ੍ਹਾਂ ਤੋਂ ਹੁਣ ਸਰਕਾਰ ਪਿੱਛੇ ਹਟਦੀ ਨਜ਼ਰ ਆ ਰਹੀ ਹੈ।

ਅਕਾਲੀ ਵਿਧਾਇਕਾ ਨੇ ਇਹ ਵੀ ਦੋਸ਼ ਲਗਾਇਆ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨਾਲ ਸਰਕਾਰ ਨੇ ਕੋਈ ਗੰਭੀਰ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਭੇਜਿਆ ਗਿਆ ਪਰ ਕਮੇਟੀ ਨਾਲ ਢੰਗ ਨਾਲ ਵਿਚਾਰ-ਵਟਾਂਦਰਾ ਕਰਨ ਦੀ ਬਜਾਏ ਇਹ ਕਿਹਾ ਗਿਆ ਕਿ ਕੁੱਝ ਸਲਾਹਕਾਰਾਂ ਨਾਲ ਗੱਲ ਕਰਕੇ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਸਲਾਹਕਾਰ ਕੌਣ ਹਨ ਅਤੇ ਜਦੋਂ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਮੌਜੂਦ ਸੀ ਤਾਂ ਉਸ ਨਾਲ ਸਿੱਧੀ ਗੱਲਬਾਤ ਕਿਉਂ ਨਹੀਂ ਕੀਤੀ ਗਈ। ਜਦੋਂ ਗਨੀਵ ਕੌਰ ਮਜੀਠੀਆ ਆਪਣੀ ਗੱਲ ਰੱਖ ਰਹੇ ਸਨ ਤਾਂ ਸਪੀਕਰ ਨੇ ਉਨ੍ਹਾਂ ਨੂੰ ਸਮਾਂ ਖ਼ਤਮ ਹੋਣ ਦਾ ਹਵਾਲਾ ਦਿੰਦਿਆਂ ਆਪਣਾ ਭਾਸ਼ਣ ਖ਼ਤਮ ਕਰਨ ਲਈ ਕਿਹਾ। ਇਸ ਦੌਰਾਨ ਸਪੀਕਰ ਨੇ ਇਹ ਵੀ ਕਿਹਾ ਕਿ ਉਹ ਪੰਥਕ ਰੀਤਾਂ ਅਤੇ ਪਰੰਪਰਾਵਾਂ ਬਾਰੇ ਆਪਣੀ ਜਾਣਕਾਰੀ ਨੂੰ ਹੋਰ ਠੀਕ ਕਰਨ। ਸਪੀਕਰ ਦੀ ਇਸ ਟਿੱਪਣੀ 'ਤੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਤਿੱਖਾ ਇਤਰਾਜ਼ ਜਤਾਇਆ।
 


author

Babita

Content Editor

Related News