ਭਾਜਪਾ ਵੱਲੋਂ ਸਫ਼ਾਈ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ, ਕੀਤੀ ਜ਼ੋਰਦਾਰ ਨਾਅਰੇਬਾਜ਼ੀ

Monday, Jul 13, 2026 - 06:11 PM (IST)

ਭਾਜਪਾ ਵੱਲੋਂ ਸਫ਼ਾਈ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ, ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਬਰੇਟਾ (ਬਾਂਸਲ) : ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਵਿਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਜਾਣ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਬਰੇਟਾ ਇਕਾਈ ਵੱਲੋਂ ਜ਼ਿਲਾ ਜਨਰਲ ਸਕੱਤਰ ਗਗਨਦੀਪ ਸ਼ਰਮਾਂ, ਬਲਵਿੰਦਰ ਸਿੰਘ ਪਟਵਾਰੀ ਅਤੇ ਮੰਡਲ ਪ੍ਰਧਾਨ ਰਾਜ ਕੁਮਾਰ ਬਾਂਸਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰਾਂ ਕੋਲ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਸਫ਼ਾਈ ਪ੍ਰਬੰਧਾਂ 'ਤੇ ਸਵਾਲ ਉਠਾਏ। ਇਸ ਮੌਕੇ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਪੋਸਟਰ ਲਗਾਏ ਗਏ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ। 

ਭਾਜਪਾ ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ, ਜਿਸ ਨਾਲ ਗੰਦਗੀ ਫੈਲ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਭਾਜਪਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਨਾਲ ਜਲਦ ਗੱਲਬਾਤ ਕਰਕੇ ਹੜਤਾਲ ਦਾ ਹੱਲ ਕੱਢਿਆ ਜਾਵੇ ਅਤੇ ਸ਼ਹਿਰ ਵਿੱਚ ਜੰਗੀ ਪੱਧਰ 'ਤੇ ਸਫ਼ਾਈ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਸੂਰਜ ਪ੍ਰਕਾਸ਼, ਅਸ਼ੌਕ ਕੁਮਾਰ ਗੋਰਾ, ਓਮ ਲਾਲ ਬਾਲਮੀਕੀ, ਬਦਰੀ ਪ੍ਰਸ਼ਾਦ, ਨੀਰਜ ਕੁਮਾਰ, ਬਿੰਦਰ ਸਿੰਘ, ਮੋਤੀ ਸਿੰਘ, ਦਰਸ਼ਨ ਸਿੰਘ, ਪੁਨੀਤ ਮਿੱਤਲ, ਮੋਹਿਤ ਜਾਗੜਾਂ ਹਾਜਰ ਸਨ।


author

Gurminder Singh

Content Editor

Related News