ਪੰਜਾਬ ਏਕਤਾ ਪਾਰਟੀ ਵਲੋਂ ਮਾਪਿਆਂ ਦੇ ਸ਼ੰਘਰਸ਼ ਦੀ ਹਿਮਾਇਤ ਦਾ ਐਲਾਨ

07/30/2020 2:36:35 PM

ਭਵਾਨੀਗੜ੍ਹ (ਵਿਕਾਸ): ਕੋਰੋਨਾ ਕਾਲ ਦੌਰਾਨ ਲਾਕਡਾਊਨ ਦੇ ਸਮੇਂ ਸੂਬੇ ਦੇ ਨਿੱਜੀ ਸਕੂਲਾਂ ਵੱਲੋਂ ਆਨਲਾਈਨ ਪੜ੍ਹਾਈ ਦੇ ਬਹਾਨੇ ਬੱਚਿਆਂ ਦੇ ਮਾਪਿਆਂ ਦੀ ਨਵੇਂ ਢੰਗ ਨਾਲ ਲੁੱਟ ਸ਼ੁਰੂ ਕਰ ਦਿੱਤੀ ਹੈ। ਜਿਸ ਖਿਲਾਫ਼ ਪੰਜਾਬ ਏਕਤਾ ਪਾਰਟੀ ਲਗਾਤਾਰ ਸੰਘਰਸ਼ ਕਰ ਰਹੀ ਹੈ ਤੇ ਉਨ੍ਹਾਂ ਦੀ ਪਾਰਟੀ 1 ਅਗਸਤ ਨੂੰ ਮਾਪਿਆਂ ਵਲੋਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਸਬੰਧੀ ਉਲੀਕੇ ਪ੍ਰੋਗਰਾਮ ਵਿੱਚ ਪੂਰਨ ਤੌਰ 'ਤੇ ਮਾਪਿਆਂ ਦਾ ਸਾਥ ਦੇਵੇਗੀ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬਾਜਵਾ ਨੇ ਇੱਥੇ ਗੱਲਬਾਤ ਦੌਰਾਨ ਕੀਤਾ। ਬਾਜਵਾ ਨੇ ਦੋਸ਼ ਲਗਾਉਂਦੇ ਹੋਏ ਆਖਿਆ ਕਿ ਪ੍ਰਾਈਵੇਟ ਸਕੂਲ ਮਾਲਕ ਸਰਕਾਰ ਦੀ ਸ਼ਹਿ 'ਤੇ ਬੰਦ ਪਏ ਸਕੂਲਾਂ ਦੇ ਬਾਵਜੂਦ ਵੀ ਬੱਚਿਆਂ ਦੇ ਮਾਪਿਆਂ ਨੂੰ ਫੀਸ ਭਰਨ ਲਈ ਤੰਗ ਪ੍ਰੇਸ਼ਾਨ ਕਰ ਰਹੇ ਹਨ ਜਦੋਂਕਿ ਲਾਕਡਾਊਨ ਕਰਕੇ ਹਰੇਕ ਵਰਗ ਦੇ ਕੰਮ ਧੰਦੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਲੋਕ ਬਹੁਤ ਮੁਸ਼ਕਲ ਨਾਲ ਆਪਣਾ ਗੁਜ਼ਾਰਾ ਕਰ ਰਹੇ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਮੌਜੂਦਾ ਸਮੇਂ 'ਚ ਮਾਪਿਆਂ ਦੀ ਹਾਲਤ ਨੂੰ ਸਮਝਦੇ ਹੋਏ ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਨੂੰ ਨੱਥ ਪਾਉਣੀ ਚਾਹੀਦੀ ਹੈ ਨਹੀਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਇਸਦਾ ਖਮਿਆਜਾ ਭੁਗਤਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਦੇ ਸ਼ੰਘਰਸ਼ ਵਿੱਚ ਪੰਜਾਬ ਏਕਤਾ ਪਾਰਟੀ ਦੇ ਕਾਰਕੁੰਨ ਵੱਧ ਚੜ੍ਹ ਕੇ ਹਿੱਸਾ ਲੈਣਗੇ।


Shyna

Content Editor

Related News