ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਤੁਰੰਤ ਲਾਗੂ ਕਰੇ: ਸੁਨੀਲ ਜਾਖੜ
Friday, Apr 10, 2026 - 06:46 PM (IST)
ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਵਿੱਚ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਫ਼ਸਲ ਬੀਮਾ ਯੋਜਨਾ ਲਾਗੂ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ। ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਸਰਕਾਰ 13 ਅਪ੍ਰੈਲ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਚ ਕਿਸਾਨਾਂ ਲਈ ਇਸ ਯੋਜਨਾ ਦਾ ਐਲਾਨ ਕਰੇ।
ਜਾਖੜ ਨੇ ਚਿੰਤਾ ਪ੍ਰਗਟਾਈ ਕਿ ਜਿੱਥੇ ਪੂਰੇ ਦੇਸ਼ 'ਚ ਕੇਂਦਰੀ ਫ਼ਸਲ ਬੀਮਾ ਯੋਜਨਾ ਦਾ ਲਾਭ ਮਿਲ ਰਿਹਾ ਹੈ, ਉੱਥੇ ਹੀ ਪੰਜਾਬ ਦੇ ਕਿਸਾਨ ਇਸ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਕੀਮ ਨੂੰ ਲਾਗੂ ਨਾ ਕਰਨਾ ਕਿਸਾਨੀ ਨਾਲ ਧਰੋਹ ਕਮਾਉਣ ਦੇ ਬਰਾਬਰ ਹੈ। ਉਨ੍ਹਾਂ ਯਾਦ ਕਰਵਾਇਆ ਕਿ ਮੁੱਖ ਮੰਤਰੀ ਨੇ ਤਿੰਨ ਸਾਲ ਪਹਿਲਾਂ ਕੇਂਦਰੀ ਸਕੀਮ ਦੀ ਥਾਂ ਸੂਬਾ ਪੱਧਰੀ ਬੀਮਾ ਯੋਜਨਾ ਲਿਆਉਣ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹੈ।
ਸੂਬੇ 'ਚ ਪਿਛਲੇ ਸਮੇਂ ਦੌਰਾਨ ਹੋਈ ਤਬਾਹੀ ਦਾ ਜ਼ਿਕਰ ਕਰਦਿਆਂ ਜਾਖੜ ਨੇ ਕਿਹਾ ਕਿ 2023 ਅਤੇ 2025 ਦੇ ਹੜ੍ਹਾਂ ਨੇ ਪੰਜਾਬ ਵਿੱਚ ਵੱਡੀ ਤਬਾਹੀ ਮਚਾਈ ਸੀ, ਪਰ ਬਹੁਤ ਸਾਰੇ ਕਿਸਾਨਾਂ ਨੂੰ ਅਜੇ ਤੱਕ ਉਸ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਮਿਲਿਆ। ਫ਼ਸਲ ਬੀਮਾ ਯੋਜਨਾ ਦੀ ਗੈਰ-ਮੌਜੂਦਗੀ ਕਾਰਨ ਕਿਸਾਨਾਂ ਨੂੰ ਵਾਰ-ਵਾਰ ਵਿੱਤੀ ਮਾਰ ਝੱਲਣੀ ਪੈ ਰਹੀ ਹੈ।
