ਬਿਜਲੀ ਸੰਕਟ ਨੂੰ ਹੱਲ ਕਰਨ ਚ ਪੰਜਾਬ ਸਰਕਾਰ ਨਾਕਾਮ: ਅਸ਼ਵਨੀ ਸ਼ਰਮਾ
Wednesday, Sep 16, 2026 - 11:06 PM (IST)
ਚੰਡੀਗੜ੍ਹ - ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਨੂੰ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ।
ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਅਸ਼ਵਨੀ ਸ਼ਰਮਾ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਪੰਜਾਬ ਸਰਕਾਰ ਨਾਕਾਮ ਰਹੀ ਹੈ। ਦੂਜੇ ਪਾਸੇ ਬਿਜਲੀ ਦੀ ਸਮੱਸਿਆ ਕਾਰਨ ਸੂਬੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਪੂਰੀ ਤਰ੍ਹਾਂ ਬੰਦ ਹੋ ਗਏ ਹਨ, ਜਿਸ ਨਾਲ ਬਿਜਲੀ ਸੰਕਟ ਹੋਰ ਗੰਭੀਰ ਹੋ ਗਿਆ ਹੈ।
ਸ਼ਰਮਾ ਨੇ ਕਿਹਾ ਕਿ ਰਾਜਪੁਰਾ ਅਤੇ ਤਲਵੰਡੀ ਸਾਬੋ ਦੇ ਥਰਮਲ ਪਲਾਂਟ ਵੀ ਤਕਨੀਕੀ ਕਾਰਨਾਂ ਕਰਕੇ ਪੂਰੀ ਸਮਰੱਥਾ ਨਾਲ ਕੰਮ ਨਹੀਂ ਕਰ ਰਹੇ। ਇਨ੍ਹਾਂ ਥਰਮਲ ਪਲਾਂਟਾਂ ਦੀ ਬਿਜਲੀ ਉਤਪਾਦਨ ਸਮਰੱਥਾ 1,468 ਮੈਗਾਵਾਟ ਹੈ, ਪਰ ਇਸ ਵੇਲੇ ਇਹ ਘਟ ਕੇ ਸਿਰਫ਼ 300 ਮੈਗਾਵਾਟ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਬਿਜਲੀ ਦੀ ਸਮੱਸਿਆ ਲਗਾਤਾਰ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ਼ਰਮਾ ਨੇ ਦੱਸਿਆ ਕਿ ਸਰਕਾਰੀ ਥਰਮਲ ਪਲਾਂਟਾਂ ਨੂੰ ਕੇਂਦਰੀ ਪੂਲ ਤੋਂ ਵੱਧ ਬਿਜਲੀ ਖਰੀਦਣੀ ਪੈ ਰਹੀ ਹੈ।ਸੋਲਰ ਪਲਾਂਟ ਪ੍ਰਾਜੈਕਟ ਤੋਂ ਵੀ ਸਿਰਫ਼ 200 ਤੋਂ 300 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ, ਜੋ ਇਸ ਦੀ ਸਮਰੱਥਾ ਨਾਲੋਂ ਘੱਟ ਹੈ।
ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ। ਸੂਬੇ ਦੇ ਲੋਕ ਬਿਜਲੀ ਦੀ ਕਮੀ ਕਾਰਨ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ ਅਤੇ ਸਰਕਾਰ ਪ੍ਰਤੀ ਆਪਣਾ ਰੋਸ ਜ਼ਾਹਰ ਕਰ ਰਹੇ ਪਰ ਸੂਬਾ ਸਰਕਾਰ ਇਸ ਨੂੰ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ।
