''ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ''

03/20/2022 6:21:49 PM

ਸੰਗਰੂਰ (ਸਿੰਗਲਾ) : ਅੱਜ ਇਥੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀ ਸੂਬਾ ਪੱਧਰੀ ਮੀਟਿੰਗ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਆਗੂਆਂ ਨੇ 28-29 ਮਾਰਚ ਦੀ ਦੇਸ਼ ਵਿਆਪੀ ਹੜਤਾਲ 'ਚ ਸ਼ਮੂਲੀਅਤ ਕਰਨ 'ਤੇ ਸਹਿਮਤੀ ਜਤਾਈ ਅਤੇ ਵਿਭਾਗ ਬਾਰੇ ਅੱਜ ਦੀ ਮੀਟਿੰਗ ਵਿੱਚ ਮਹਿਕਮੇ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਗੱਲਬਾਤ ਕੀਤੀ। ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਅਤੇ ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਵੱਲ ਧਿਆਨ ਨਹੀਂ ਦਿੱਤਾ ਕਿਉਂਕਿ ਮੰਤਰੀਆਂ ਦੀਆਂ ਆਪਣੀਆਂ ਬੱਸਾਂ ਚੱਲਦੀਆਂ ਸਨ, ਹੁਣ ਨਵੀਂ ਸਰਕਾਰ ਦੇ ਆਉਣ 'ਤੇ ਵਰਕਰਾਂ ਵਿੱਚ ਇਕ ਆਸ ਜਾਗੀ ਹੈ ਪਰ ਅਫ਼ਸਰਸ਼ਾਹੀ ਅਤੇ ਮੈਨੇਜਮੈਂਟ ਵੱਲੋ ਕੁਰੱਪਸ਼ਨ ਨੂੰ ਹੱਲਾਸ਼ੇਰੀ ਦੇਣ ਤੇ ਕੁਝ ਡਿਪੂਆਂ ਵਿੱਚ ਵਰਕਰਾਂ ਨਾਲ ਹੋ ਰਹੀ ਧੱਕੇਸ਼ਾਹੀ ਕਰਕੇ ਤੰਗ ਕਰਨ ਸਮੇਤ ਵਰਕਰਾਂ ਨੂੰ ਬਣਦਾ ਓਵਰ ਟਾਈਮ ਸਹੀ ਤਰੀਕੇ ਨਾਲ ਨਾ ਦੇ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਘਰ ਦੀ ਛੱਤ ਤੋਂ ਗਰਿੱਲਾਂ ਸਣੇ ਹੇਠਾਂ ਡਿੱਗਾ 7 ਸਾਲਾ ਬੱਚਾ

ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਵਰਕਰਾਂ ਨਾਲ ਹੋ ਰਿਹਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੂਬਾ ਸੈਕਟਰੀ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਵੀ ਹਵਾ 'ਚ ਬਿਆਨਬਾਜ਼ੀ ਕਰਕੇ ਵਿਭਾਗਾਂ ਵਿੱਚ ਪਹਿਲਾਂ ਹੀ ਠੇਕੇ 'ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲ ਧਿਆਨ ਨਹੀਂ ਦਿੱਤਾ ਤੇ ਨਾ ਹੀ ਉਨ੍ਹਾਂ ਨੂੰ ਰੈਗੂਲਰ ਕਰਨ ਸਬੰਧੀ ਨੋਟਿਸ ਲਿਆ ਗਿਆ, ਜਿਸ ਦਾ ਵਰਕਰਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਤੇ ਹਰਕੇਸ਼ ਵਿੱਕੀ ਨੇ ਕਿਹਾ ਕਿ ਮੌਜੂਦਾ ਸਰਕਾਰ ਵਰਕਰਾਂ ਦਾ ਦਿਲ ਜਿੱਤ ਕੇ ਸੱਤਾ ਵਿੱਚ ਆਈ ਹੈ ਪਰ ਕੰਮ ਇਸ ਦੇ ਉਲਟ ਕਰ ਰਹੀ ਹੈ। ਮੌਜੂਦਾ ਠੇਕੇ 'ਤੇ ਕੰਮ ਕਰ ਰਹੇ ਵਰਕਰਾਂ ਨੂੰ ਪੱਕਾ ਕਰਨ ਦੀ ਬਜਾਏ ਨਵੀਂ ਭਰਤੀ ਕੀਤੀ ਜਾ ਰਹੀ ਹੈ, ਜਿਸ ਦਾ ਕੱਚੇ ਮੁਲਾਜ਼ਮਾਂ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ : UK ਭੇਜਣ ਦੇ ਨਾਂ 'ਤੇ ਟ੍ਰੈਵਲ ਏਜੰਟ ਨੇ ਮਾਰੀ 25 ਲੱਖ ਤੋਂ ਵੱਧ ਦੀ ਠੱਗੀ, ਦੁਖੀ ਹੋ ਵਿਅਕਤੀ ਨੇ ਕੀਤੀ ਖੁਦਕੁਸ਼ੀ

ਸੂਬਾ ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਆਉਣ ਵਾਲੀ 28-29 ਮਾਰਚ ਨੂੰ ਕੇਂਦਰ ਸਰਕਾਰ ਵੱਲੋਂ ਮੁਲਾਜ਼ਮ ਤੇ ਜਨਤਾ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਭਾਰਤ ਬੰਦ ਦਾ ਸਮਰਥਨ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਠੇਕੇ 'ਤੇ ਰੱਖੇ ਵਰਕਰਾਂ ਬਾਰੇ ਨਾ ਸੋਚ ਕੇ ਸਗੋਂ ਨਵੀਂ ਭਰਤੀ ਰੈਗੂਲਰ ਕਰਨ ਦਾ ਨੋਟਿਸ ਲੈਂਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਰੈਗੂਲਰ ਨਾ ਕੀਤਾ ਤਾਂ ਆਉਣ ਵਾਲੇ ਸਮੇਂ 'ਚ ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵੱਲੋਂ ਤਿੱਖੇ ਸੰਘਰਸ਼ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ। ਇਸ ਮੌਕੇ ਡਿਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਸੈਕਟਰੀ ਸੁਖਜਿੰਦਰ ਸਿੰਘ ਧਾਲੀਵਾਲ, ਰੁਪਿੰਦਰ ਸਿੰਘ, ਕੈਸ਼ੀਅਰ ਰਣਜੀਤ ਸਿੰਘ, ਪਰਮਿੰਦਰ ਸਿੰਘ ਟਿੱਬਾ, ਲਖਵਿੰਦਰ ਸਿੰਘ ਬਿੱਟੂ, ਹਰਪ੍ਰੀਤ ਸਿੰਘ ਗਰੇਵਾਲ, ਰਮਨਦੀਪ ਸਿੰਘ, ਪਰਮਿੰਦਰ ਸਿੰਘ ਜੱਸੜ ਤੇ ਸ਼ਮਸ਼ੇਰ ਸਿੰਘ ਢਿੱਲੋਂ ਸਮੇਤ ਪਨਬੱਸ ਤੇ ਪੀ. ਆਰ. ਟੀ. ਸੀ. ਦੇ ਆਗੂ ਹਾਜ਼ਰ ਸਨ।


Gurminder Singh

Content Editor

Related News