ਪੰਜਾਬ ਵਿਧਾਨ ਸਭਾ ਦੇ ਆਖ਼ਰੀ ਦਿਨ ਸੁਖਪਾਲ ਖਹਿਰਾ ਅਤੇ ਸਰਵਜੀਤ ਮਾਣੂੰਕੇ ਵਿਚਾਲੇ ਖੜਕੀ
Wednesday, Oct 28, 2026 - 10:47 AM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖ਼ਰੀ ਦਿਨ ਮੰਗਲਵਾਰ ਨੂੰ ਸਦਨ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ ਅਤੇ ਧੱਕਾ-ਮੁੱਕੀ ਹੋਈ। ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਵਿਧਾਇਕਾਂ ਨੇ ਮੁਅੱਤਲ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਕੰਪਲੈਕਸ ’ਚ ਦਾਖ਼ਲ ਹੋਣ ਤੋਂ ਰੋਕੇ ਜਾਣ ’ਤੇ ਵਿਰੋਧ ਜਤਾਇਆ। ਕਾਂਗਰਸ ਵਿਧਾਇਕਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਸੈਸ਼ਨ ਦੇ ਆਖ਼ਰੀ ਦਿਨ ਦੀ ਕਾਰਵਾਈ ਦਾ ਬਾਈਕਾਟ ਕਰ ਦਿੱਤਾ। ਵਿਵਾਦ ਉਸ ਸਮੇਂ ਸ਼ੁਰੂ ਹੋਇਆ, ਜਦੋਂ ਸੈਸ਼ਨ ਤੋਂ ਮੁਅੱਤਲ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸਦਨ ’ਚ ਦਾਖ਼ਲ ਹੋਣ ਤੋਂ ਰੋਕਿਆ ਗਿਆ। ਕਾਂਗਰਸ ਆਗੂਆਂ ਨੇ ਇਸ ਨੂੰ ਲੋਕਤੰਤਰੀ ਅਧਿਕਾਰਾਂ ’ਤੇ ਹਮਲਾ ਦੱਸਦੇ ਹੋਏ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਇਸ ਤੋਂ ਬਾਅਦ ਵਿਧਾਨ ਸਭਾ ਕੰਪਲੈਕਸ ’ਚ ਤਣਾਅ ਵਧ ਗਿਆ।
ਵਿਧਾਨ ਸਭਾ ਦੇ ਬਾਹਰ ਮੀਡੀਆ ਪੋਡੀਅਮ ’ਤੇ ‘ਆਪ’ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਮੀਡੀਆ ਨਾਲ ਗੱਲ ਕਰ ਰਹੇ ਸਨ। ਇਸੇ ਦੌਰਾਨ ਕਾਂਗਰਸ ਵਿਧਾਇਕਾਂ ਨੇ ਉਨ੍ਹਾਂ ਨੂੰ ਪੋਡੀਅਮ ਤੋਂ ਹਟਾਉਣ ਦਾ ਯਤਨ ਕੀਤਾ ਅਤੇ ਮੀਡੀਆ ਸਾਹਮਣੇ ਆਪਣੀ ਗੱਲ ਰੱਖਣੀ ਸ਼ੁਰੂ ਕਰ ਦਿੱਤੀ। ‘ਆਪ’ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕਾਂਗਰਸ ਵਿਧਾਇਕਾਂ ਦਾ ਵਿਰੋਧ ਕੀਤਾ। ‘ਆਪ’ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਉਨ੍ਹਾਂ ਬਾਰੇ ਵਰਤੇ ਗਏ ਸ਼ਬਦਾਂ ਨਾਲ ਉਨ੍ਹਾਂ ਦੇ ਅਕਸ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ’ਚ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨਗੇ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ ਅਤੇ ਇਕ-ਦੂਜੇ ’ਤੇ ਦੋਸ਼ ਲਾਏ ਗਏ। ਵਿਧਾਨ ਸਭਾ ਦੇ ਬਾਹਰ ਕਾਂਗਰਸ ਵਿਧਾਇਕਾਂ ਨੇ ਕਾਲੇ ਕੱਪੜੇ ਪਾ ਕੇ ਅਤੇ ਹੱਥਾਂ ’ਚ ਤਖਤੀਆਂ ਲੈ ਕੇ ਪ੍ਰਦਰਸ਼ਨ ਕੀਤਾ। ਕਾਂਗਰਸ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਅਤੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
