ਪੰਜਾਬ ਸਰਕਾਰ ਵਲੋਂ ਪੰਜਾਬੀ ਫਿਲਮ ਵਿਕਾਸ ਕੌਂਸਲ ਦਾ ਕੀਤਾ ਜਾਵੇਗਾ ਗਠਨ

Friday, Dec 17, 2021 - 01:52 AM (IST)

ਪੰਜਾਬ ਸਰਕਾਰ ਵਲੋਂ ਪੰਜਾਬੀ ਫਿਲਮ ਵਿਕਾਸ ਕੌਂਸਲ ਦਾ ਕੀਤਾ ਜਾਵੇਗਾ ਗਠਨ

ਮੋਹਾਲੀ(ਨਿਆਮੀਆਂ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬੀ ਫਿਲਮ ਵਿਕਾਸ ਕੌਂਸਲ ਪੰਜਾਬ ਦੇ ਗਠਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਬੰਧੀ ਪ੍ਰਸਤਾਵ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿਚ ਹਰੀ ਝੰਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਨਾਮੱਤੀ ਸੱਭਿਆਚਾਰਕ ਵਿਰਾਸਤ ਨੂੰ ਫਿਲਮਾਂ ਰਾਹੀਂ ਪ੍ਰਫੁੱਲਿਤ ਕਰਨਾ ਸਮੇਂ ਦੀ ਲੋੜ ਹੈ, ਜੋ ਕਿ ਅਜੋਕੇ ਸਮੇਂ ਵਿਚ ਸੰਚਾਰ ਦਾ ਨਵੀਨਤਮ ਅਤੇ ਪ੍ਰਭਾਵਸ਼ਾਲੀ ਸਾਧਨ ਹਨ। ਮੁੱਖ ਮੰਤਰੀ ਨੇ ਇਹ ਗੱਲ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪੰਜਾਬੀ ਕਲਾਕਾਰਾਂ, ਗਾਇਕਾਂ, ਸੰਗੀਤਕਾਰਾਂ ਅਤੇ ਬੈਕਗ੍ਰਾਊਂਡ ’ਚ ਕੰਮ ਕਰਨ ਵਾਲੇ ਕਲਾਕਾਰਾਂ ਨੂੰ ਪੰਜਾਬੀ ਸੱਭਿਆਚਾਰ ਵਿਚ ਪਾਏ ਯੋਗਦਾਨ ਸਬੰਧੀ ਸਨਮਾਨਿਤ ਕਰਨ ਲਈ ਕਰਵਾਏ ਗਏ ਇਕ ਐਵਾਰਡ ਸਮਾਰੋਹ ਦੌਰਾਨ ਕਹੀ। ਪੰਜਾਬੀ ਫਿਲਮ, ਸੰਗੀਤ ਅਤੇ ਟੈਲੀਵਿਜ਼ਨ ਗਿਲਡ ਸੋਸਾਇਟੀ ਅਤੇ ਪੰਜਾਬ ਸੈਰ-ਸਪਾਟਾ ਵਿਭਾਗ ਵੱਲੋਂ ਕਰਵਾਏ ਇਸ ਸ਼ਾਨ-ਏ-ਪੰਜਾਬ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੰਜਾਬੀ ਲੋਕ ਗਾਇਕ ਮਰਹੂਮ ਗੁਰਮੀਤ ਬਾਵਾ ਅਤੇ ਸਰਦੂਲ ਸਿਕੰਦਰ ਨੂੰ ਸ਼ਾਨ-ਏ-ਪੰਜਾਬ ਸ਼ਰਧਾਂਜਲੀ ਪੁਰਸਕਾਰ ਅਤੇ ਉੱਘੇ ਪੰਜਾਬੀ ਸੰਗੀਤਕਾਰ ਚਰਨਜੀਤ ਆਹੂਜਾ ਅਤੇ ਪੰਜਾਬੀ ਅਭਿਨੇਤਾ ਗੱਗੂ ਗਿੱਲ ਨੂੰ ਸ਼ਾਨ-ਏ-ਪੰਜਾਬ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਸਿੱਧੂ ਮੂਸੇਵਾਲਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਅਤੇ ਪੰਜਾਬੀ ਫ਼ਿਲਮ ਅਦਾਕਾਰ ਯੋਗਰਾਜ ਸਿੰਘ, ਉਪਾਸਨਾ ਸਿੰਘ, ਸਤਿੰਦਰ ਸੱਤੀ, ਰਣਜੀਤ ਬਾਵਾ, ਮਾਸਟਰ ਸਲੀਮ ਵੀ ਹਾਜ਼ਰ ਰਹੇ। ਇਸ ਸਮਾਰੋਹ ਵਿਚ ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਤੇ ਸੱਭਿਆਚਾਰ ਸੰਜੇ ਕੁਮਾਰ, ਡਾਇਰੈਕਟਰ ਸੈਰ-ਸਪਾਟਾ ਤੇ ਸੱਭਿਆਚਾਰ ਕਮਲਪ੍ਰੀਤ ਕੌਰ ਬਰਾੜ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸੰਧੂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਗਾਇਕ ਗਿੱਪੀ ਗਰੇਵਾਲ, ਸੁਨੰਦਾ ਸ਼ਰਮਾ, ਰਣਜੀਤ ਬਾਵਾ ਤੋਂ ਇਲਾਵਾ ਅਦਾਕਾਰ ਦੇਵ ਖਰੋੜ, ਗਾਇਕ ਗੁਰਲੇਜ ਅਖ਼ਤਰ ਅਤੇ ਕੁਲਵਿੰਦਰ ਕੈਲੀ ਨੂੰ ਵੀ ਸਨਮਾਨਿਤ ਕੀਤਾ ਗਿਆ।


author

Bharat Thapa

Content Editor

Related News