ਮੀਂਹ ਨੇ ਕੱਢਿਆ ਕਿਸਾਨਾਂ ਦੀਆਂ ਅੱਖਾਂ ਚੋਂ ਪਾਣੀ, ਸਰਕਾਰ ਦੀ ਹਮਦਰਦੀ ਚੜ੍ਹੀ ਦਾਅਵਿਆਂ ਦੀ ਭੇਂਟ
Monday, Sep 07, 2020 - 02:30 PM (IST)
ਫਰੀਦਕੋਟ (ਜਗਤਾਰ ਦੁਸਾਂਝ ) - ਜਿੱਥੇ 2 ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਮੀਂਹ ਨੇ ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਜਿੰਨ੍ਹਾਂ ਦੀਆਂ ਜ਼ਮੀਨਾਂ ਨੀਵੀਆਂ ਹਨ ਅਤੇ ਬਰਸਾਤੀ ਪਾਣੀ ਦੇ ਨਿਕਾਸ ਦਾ ਕੋਈ ਹੱਲ ਨਹੀਂ ਹੈ। ਇਸੇ ਤਰ੍ਹਾਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਨਥਲ ਵਾਲਾ ਦੇ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਅਤੇ ਹਰੇ ਚਾਰੇ ਦੀ ਫ਼ਸਲ ਮੀਂਹ ਦੇ ਪਾਣੀ ਵਿਚ ਡੁੱਬ ਚੁੱਕੀ ਹੈ। ਕਿਸਾਨਾਂ ਨੇ ਕਿਹਾ ਕਿ ਹਰ ਸਾਲ ਉਨ੍ਹਾਂ ਦੀਆਂ ਫ਼ਸਲਾਂ ਵਿਚ ਪਾਣੀ ਭਰ ਜਾਂਦਾ ਹੈ ਅਤੇ ਫ਼ਸਲ ਦਾ ਨੁਕਸਾਨ ਹੁੰਦਾ ਹੈ।
ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਜ਼ਮੀਨ ਨੂੰ ਕਰੀਬ 7 ਪਿੰਡਾਂ ਤੋਂ ਬਰਸਾਤੀ ਪਾਣੀ ਮਾਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਉਨ੍ਹਾਂ ਦੀਆਂ ਫ਼ਸਲਾਂ ਵਿਚ ਪਾਣੀ ਭਰ ਜਾਂਦਾ ਹੈ ਅਤੇ ਫ਼ਸਲ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਨਾ ਤਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਾ ਹੀ ਸਰਕਾਰ ਉਨ੍ਹਾਂ ਦੀ ਮਦਦ ਕਰਦੀ ਹੈ। ਇਸ ਵਾਰ ਵੀ ਮੀਂਹ ਦੇ ਪਾਣੀ ਨਾਲ ਉਨ੍ਹਾਂ ਦੀ ਝੋਨੇ ਦੀ ਪੱਕੀ ਫ਼ਸਲ ਜੋ ਕਰੀਬ 15 ਦਿਨਾਂ ਬਾਅਦ ਕੱਟਣ ਵਾਲੀ ਸੀ ਵਿਚ ਬਹੁਤ ਪਾਣੀ ਭਰ ਗਿਆ ਹੈ, ਜਿਸ ਨਾਲ ਫਸਲ ਪੁਰੀ ਤਰ੍ਹਾਂ ਨਸ਼ਟ ਹੋ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਖਰਾਬ ਹੋਈਆਂ ਫ਼ਸਲਾਂ ਦਾ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਬਰਸਾਤੀ ਪਾਣੀ ਦੇ ਪੱਕੇ ਨਿਕਾਸ ਦਾ ਪ੍ਰਬੰਧ ਕੀਤਾ ਜਾਵੇ।