CM ਚੰਨੀ ''ਤੇ ਗ੍ਰਹਿ ਮੰਤਰੀ ਰੰਧਾਵਾ ਨੂੰ ਪਤਾ ਸੀ ਕਿ ਮਜੀਠੀਆ ਕਿੱਥੇ ਹੈ, ਜਾਣ ਬੁੱਝ ਕੇ ਨਹੀਂ ਕੀਤਾ ਗ੍ਰਿਫ਼ਤਾਰ : ਰਾਘਵ ਚੱਢਾ
Tuesday, Jan 11, 2022 - 08:50 PM (IST)
ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ 'ਤੇ ਜਾਣਬੁੱਝ ਕੇ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੱਢਾ ਨੇ ਕਿਹਾ ਕਿ ਬਿਕਰਮ ਮਜੀਠੀਆ ਨੇ ਖ਼ੁਦ ਦੱਸਿਆ ਹੈ ਕਿ ਮੁੱਖ ਮੰਤਰੀ ਚੰਨੀ ਅਤੇ ਗ੍ਰਹਿ ਮੰਤਰੀ ਰੰਧਾਵਾ ਦੋਵਾਂ ਨੂੰ ਪਤਾ ਸੀ ਕਿ ਮਜੀਠੀਆ ਕਿੱਥੇ ਹੈ। ਪਰ ਉਸ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ। (ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸਿੰਘੇੜਾ ਅਤੇ ਹਰਮੋਹਨ ਧਵਨ ਵੀ ਹਾਜ਼ਰ ਸਨ) ਚੱਢਾ ਨੇ ਕਿਹਾ ਕਿ ਅਸੀਂ ਇਕ ਮਹੀਨਾ ਪਹਿਲਾਂ ਹੀ ਇਸ ਗੱਲ ਦੀ ਜਾਣਕਾਰੀ ਮੀਡੀਆ ਨੂੰ ਦੇ ਦਿੱਤੀ ਸੀ ਕਿ ਚੰਨੀ ਸਰਕਾਰ ਮਜੀਠੀਆ ਖ਼ਿਲਾਫ਼ ਬਹੁਤ ਹੀ ਕਮਜ਼ੋਰ ਕੇਸ ਦਰਜ ਕਰੇਗੀ ਅਤੇ ਉਸ ਨੂੰ ਜ਼ਮਾਨਤ ਦਿਲਵਾਏਗੀ।
ਇਹ ਵੀ ਪੜ੍ਹੋ :ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਗੀ 'ਆਪ' 'ਚ ਹੋਏ ਸ਼ਾਮਲ
ਮਜੀਠੀਆ ਦੀਆਂ ਗੱਲਾਂ ਨੇ ਸਾਡੇ ਆਰੋਪਾਂ ਨੂੰ ਸਹੀ ਸਾਬਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੁਧਿਆਣਾ ਸਿਟੀ ਸੈਂਟਰ ਘੁਟਾਲੇ 'ਚ ਮੁੱਖ ਮੰਤਰੀ ਚੰਨੀ ਦੇ ਭਰਾ ਨੂੰ ਸੁਖਬੀਰ ਬਾਦਲ ਨੇ ਬਚਾਇਆ ਸੀ, ਉਸੀ ਦੇ ਅਹਿਸਾਨ ਦੇ ਤੌਰ 'ਤੇ ਚੰਨੀ ਨੇ ਸੁਖਬੀਰ ਬਾਦਲ ਦੇ ਸਾਲੇ ਬਿਕਰਮ ਮਜੀਠੀਆ ਨੂੰ ਬਚਾਇਆ ਹੈ। ਚੰਨੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਲਈ ਮਜੀਠੀਆ 'ਤੇ ਕੇਸ ਦਰਜ ਕੀਤਾ ਸੀ। ਚੱਢਾ ਨੇ ਦੋਸ਼ ਲਗਾਇਆ ਕਿ ਚੰਨੀ ਸਰਕਾਰ ਨੇ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ 22 ਦਿਨਾਂ ਤੱਕ ਜਾਣਬੁੱਝ ਕੇ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਦੇ ਬਾਵਜੂਦ ਵੀ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਕਿਉਂਕਿ ਸਰਕਾਰ ਮਜੀਠੀਆ ਨੂੰ ਗ੍ਰਿਫਤਾਰ ਕਰਨਾ ਹੀ ਨਹੀਂ ਚਾਹੁੰਦੀ ਸੀ।
ਇਹ ਵੀ ਪੜ੍ਹੋ : ਸੰਯੁਕਤ ਰਾਸ਼ਟਰ ਨੇ ਅਫਗਾਨਿਸਤਾਨ ਲਈ 5 ਅਰਬ ਡਾਲਰ ਦੀ ਮੰਗੀ ਮਦਦ
ਪੁਲਸ ਨੂੰ ਸਪੱਸ਼ਟ ਕਿਹਾ ਗਿਆ ਸੀ ਕਿ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਨੀ ਹੈ। ਇਹ ਪੂਰੀ ਤਰ੍ਹਾਂ ਕਾਂਗਰਸ ਅਤੇ ਚੰਨੀ ਦਾ ਚੋਣ ਸਟੰਟ ਸੀ। ਚੱਢਾ ਨੇ ਕਿਹਾ ਕਿ ਚੰਨੀ ਸਰਕਾਰ ਬਹੁਤ ਹੀ ਕਮਜ਼ੋਰ ਅਤੇ ਲਾਚਾਰ ਸਰਕਾਰ ਸਾਬਤ ਹੋਈ ਹੈ। 111 ਦਿਨਾਂ ਦੇ ਆਪਣੇ ਕਾਰਜਕਾਲ ਦੌਰਾਨ ਚੰਨੀ ਸਰਕਾਰ ਨੇ ਤਿੰਨ ਵਾਰ ਡੀ.ਜੀ.ਪੀ. ਅਤੇ ਏ.ਜੀ. ਬਦਲੇ ਅਤੇ ਦਰਜਨਾਂ ਵਾਰ ਐੱਸ.ਪੀ. ਅਤੇ ਐੱਸ.ਐੱਸ.ਪੀ. ਦੇ ਤਬਾਦਲੇ ਕੀਤੇ। ਮੁੱਖ ਮੰਤਰੀ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ 11 ਦਿਨ ਵੀ ਪੰਜਾਬ 'ਚ ਨਸ਼ਿਆਂ ਦੀ ਵਿਕਰੀ ਬੰਦ ਨਹੀਂ ਹੋਈ। ਪੂਰੇ ਪੰਜਾਬ 'ਚ ਅੱਜ ਵੀ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ ਅਤੇ ਪੰਜਾਬ ਦੇ ਲੱਖਾਂ ਨੌਜਵਾਨ ਨਸ਼ਿਆਂ 'ਚ ਡੁੱਬ ਕੇ ਬਰਬਾਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਮਕਸਦ ਪੰਜਾਬ ਵਿੱਚੋਂ ਨਸ਼ਾ ਤਸਕਰੀ ਨੂੰ ਖਤਮ ਕਰਨਾ ਨਹੀਂ ਸੀ, ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਕੇ ਸਿਰਫ਼ ਚੋਣਾਵੀ ਲਾਹਾ ਲੈਣਾ ਸੀ।
ਇਹ ਵੀ ਪੜ੍ਹੋ :ਬ੍ਰਿਟੇਨ 'ਚ ਕੋਰੋਨਾ ਕਾਰਣ ਹੁਣ ਤੱਕ 1,50,000 ਤੋਂ ਜ਼ਿਆਦਾ ਲੋਕਾਂ ਦੀ ਹੋਈ ਮੌਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।