ਪੁਰਾਣੀ ਰੰਜਿਸ਼ ਦੇ ਚਲਦਿਆਂ ਰਿਸ਼ਤੇਦਾਰ ਨੂੰ ਮਾਰੀ ਗੋਲੀ

05/23/2020 9:06:16 PM

ਬਠਿੰਡਾ, (ਵਰਮਾ)— ਪੁਰਾਣੀ ਰੰਜਿਸ਼ ਦੇ ਚੱਲਦੇ ਸ਼ੁੱਕਰਵਾਰ ਦੇਰ ਰਾਤ ਤਿੰਨ ਲੋਕਾਂ ਨੇ ਆਪਣੇ ਰਿਸ਼ਤੇਦਾਰ ਨੂੰ ਰੋਕ ਕੇ ਉਸ ਨਾਲ ਬਹਿਸ ਕੀਤੀ ਤੇ ਬਾਅਦ 'ਚ ਗੋਲੀ ਮਾਰ ਕੇ ਫਰਾਰ ਹੋ ਗਏ। ਸੂਚਨਾ ਮਿਲਦੇ ਮੌਕੇ 'ਤੇ ਪਹੁੰਚੀ ਪੁਲਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ। ਜਾਣਕਾਰੀ ਅਨੁਸਾਰ ਗੁਰੂ ਗੋਬਿੰਦ ਸਿੰਘ ਨਗਰ 'ਚ ਪੁਰਾਣੀ ਰੰਜਿਸ਼ ਤਹਿਤ ਕੁਝ ਲੋਕਾਂ ਨੇ ਆਪਣੇ ਰਿਸ਼ਤੇਦਾਰ ਨੂੰ ਗੋਲੀ ਮਾਰ ਕੇ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ। ਜ਼ਖਮੀ ਹੋਏ ਨੌਜਵਾਨ ਨੂੰ ਇਲਾਜ ਲਈ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ 'ਤੇ ਸ਼ਨੀਵਾਰ ਨੂੰ ਉਸ ਦਾ ਆਪ੍ਰੇਸ਼ਨ ਹੋਇਆ।
ਉਥੇ ਹੀ ਥਾਣਾ ਥਰਮਲ ਪੁਲਸ ਨੇ ਇਸ ਮਾਮਲੇ 'ਚ ਗੋਲੀ ਚਲਾਉਣ ਵਾਲੇ ਤਿੰਨ ਰਿਸ਼ਤੇਦਾਰਾਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਅਜੇ ਫਰਾਰ ਹੈ, ਜਿੰਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਕੋਸ਼ਿਸ਼ ਕਰ ਰਹੀ ਹੈ। ਪੁਲਸ ਨੂੰ ਦਿੱਤੇ ਬਿਆਨ 'ਚ ਗੁਰੂ ਗੋਬਿੰਦ ਸਿੰਘ ਨਗਰ ਗਲੀ ਨੰਬਰ 10/7 ਦੇ ਰਹਿਣ ਵਾਲੇ ਮਨਦੀਪ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਕਰੀਬ 9.30 ਵਜੇ ਉਹ ਆਪਣੀ ਐਕਟਿਵਾ 'ਤੇ ਘਰ ਜਾ ਰਿਹਾ ਸੀ। ਜਿਵੇਂ ਹੀ ਘਰ ਕੋਲ ਪੁੱਜਾ ਤਾਂ ਇਕ ਗੱਡੀ 'ਚ ਸਵਾਰ ਹੋ ਕੇ ਆਏ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਢਿੱਲੋਂ ਕਾਲੋਨੀ, ਮਨਪ੍ਰੀਤ ਸਿੰਘ ਤੇ ਹੈਪੀ ਬੁੱਟਰ ਵਾਸੀ ਪਿੰਡ ਅਬਲੂ ਕੋਟਲੀ ਨੇ ਆਪਣੀ ਗੱਡੀ ਉਸਦੇ ਅੱਗੇ ਖੜ੍ਹੀ ਕਰ ਦਿੱਤੀ। ਗੱਡੀ 'ਚੋਂ ਉਤਰੇ ਤਿੰਨ ਨੌਜਵਾਨਾਂ ਨੇ ਉਸ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇਕ ਨੌਜਵਾਨ ਨੇ ਪਿਸਤੌਲ ਨਾਲ ਫਾਇਰਿੰਗ ਕਰ ਦਿੱਤੀ ਜੋ ਉਸਦੇ ਬਾਂਹ 'ਚ ਜਾ ਲੱਗੀ। ਮੁਲਜ਼ਮ ਉਸ ਨੂੰ ਜ਼ਖਮੀ ਕਰਨ ਤੋਂ ਬਾਅਦ ਮੌਕੇ 'ਤੋਂ ਫਰਾਰ ਹੋ ਗਏ। ਉਸਨੇ ਤੁਰੰਤ ਇਸਦੀ ਜਾਣਕਾਰੀ ਆਪਣੇ ਪਰਿਵਾਰ ਵਾਲਿਆਂ ਨੂੰ ਦਿੱਤੀ। ਉਸਦੇ ਪਰਿਵਾਰ ਵਾਲਿਆਂ ਨੇ ਉਸਨੂੰ ਪਹਿਲਾਂ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਉਸ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਮਨਦੀਪ ਸਿੰਘ ਨੇ ਦੱਸਿਆ ਕਿ ਉਸ 'ਤੇ ਹਮਲਾ ਕਰਨ ਵਾਲੇ ਉਸਦੇ ਰਿਸ਼ਤੇਦਾਰ ਹਨ। ਜਿੰਨ੍ਹਾਂ ਦਾ ਉਸਦੇ ਨਾਲ ਕੁਝ ਸਮੇਂ ਪਹਿਲਾ ਘਰੇਲੂ ਝਗੜਾ ਹੋਇਆ ਸੀ। ਉਸ ਮਾਮਲੇ 'ਚ ਸਮਝੌਤਾ ਹੋ ਗਿਆ ਸੀ ਪਰ ਰੰਜਿਸ਼ ਰੱਖੇ ਹੋਏ ਸੀ। ਇਸ ਗੱਲ ਦੀ ਰੰਜਿਸ਼ 'ਚ ਮੁਲਜ਼ਮਾਂ ਨੇ ਉਸ 'ਤੇ ਜਾਨਲੇਵਾ ਹਮਲਾ ਕੀਤਾ। ਜਾਂਚ ਅਧਿਕਾਰੀ ਸਬ ਇੰਸਪੈਕਟਰ ਬਲਕੌਰ ਸਿੰਘ ਨੇ ਦੱਸਿਆ ਕਿ ਜ਼ਖਮੀ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।


KamalJeet Singh

Content Editor

Related News