ਸੇਵਾਮੁਕਤ IAS ਅਧਿਕਾਰੀ ਧਰਮਪਾਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਕੀਤਾ ਸਨਮਾਨ
Tuesday, Jun 02, 2026 - 06:26 PM (IST)
ਫਤਹਿਗੜ੍ਹ ਸਾਹਿਬ/ਖਮਾਣੋਂ/ਬੰਗਾ : ਪੰਜਾਬ ਸਰਕਾਰ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਅਤੇ ਚੰਡੀਗੜ੍ਹ ਵਿਚ ਰਾਜਪਾਲ ਦੇ ਸਾਬਕਾ ਸਲਾਹਕਾਰ ਰਹੇ ਸੇਵਾਮੁਕਤ IAS ਅਧਿਕਾਰੀ ਧਰਮਪਾਲ ਨੇ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਮਨ ਕੁਮਾਰ ਅਤੇ ਰਾਜਵਿੰਦਰ ਕੌਰ ਵੀ ਮੌਜੂਦ ਸਨ। ਬੰਗਾ ਦੇ ਰਹਿਣ ਵਾਲੇ ਧਰਮਪਾਲ, ਜੋ ਕਿ ਪ੍ਰਸ਼ਾਸਨਿਕ ਸੇਵਾਵਾਂ ਵਿਚ ਆਪਣੇ ਪ੍ਰਭਾਵਸ਼ਾਲੀ ਕਾਰਜਕਾਲ ਲਈ ਜਾਣੇ ਜਾਂਦੇ ਹਨ, ਨੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਦੀ ਕਮਾਨ ਮਿਲਣ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਢਿੱਲੋਂ ਦੇ ਤਜ਼ਰਬੇ, ਲੀਡਰਸ਼ਿਪ ਸਮਰੱਥਾ ਅਤੇ ਪ੍ਰਸ਼ਾਸਨਿਕ ਸਮਝ ਨਾਲ ਭਾਜਪਾ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਲੋਕ ਸੇਵਾ ਦੇ ਕੰਮਾਂ ਵਿਚ ਤੇਜ਼ੀ ਆਵੇਗੀ। ਧਰਮਪਾਲ ਨੇ ਇਸ ਮੌਕੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ, ਵਿਕਾਸ ਕਾਰਜਾਂ ਅਤੇ ਭਾਜਪਾ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।
ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਪਾਰਟੀ ਲਈ ਕੰਮ ਕਰਨਗੇ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਲਈ ਯੋਗਦਾਨ ਪਾਉਣਗੇ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਧਰਮਪਾਲ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਵਿਚ ਤਜ਼ਰਬੇਕਾਰ ਅਤੇ ਇਮਾਨਦਾਰ ਸ਼ਖਸੀਅਤਾਂ ਦਾ ਹਮੇਸ਼ਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਧਰਮਪਾਲ ਵਰਗੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਸੰਗਠਨ ਨੂੰ ਨਵੀਂ ਊਰਜਾ ਅਤੇ ਦਿਸ਼ਾ ਮਿਲੇਗੀ। ਢਿੱਲੋਂ ਨੇ ਕਿਹਾ ਕਿ ਧਰਮਪਾਲ ਆਪਣੇ ਤਜ਼ਰਬੇ ਦੇ ਬਲ 'ਤੇ ਜਨਤਾ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
