ਮਾਨਸਾ ਦੇ ਗੁਰਦੁਆਰਾ ਸਾਹਿਬ ''ਚ ਬੇਅਦਬੀ ਦੀ ਘਟਨਾ, ਪੁਲਸ ਨੇ ਜਾਂਚ ਕੀਤੀ ਸ਼ੁਰੂ

Wednesday, Jul 15, 2026 - 05:01 PM (IST)

ਮਾਨਸਾ ਦੇ ਗੁਰਦੁਆਰਾ ਸਾਹਿਬ ''ਚ ਬੇਅਦਬੀ ਦੀ ਘਟਨਾ, ਪੁਲਸ ਨੇ ਜਾਂਚ ਕੀਤੀ ਸ਼ੁਰੂ

ਮਾਨਸਾ (ਸੰਦੀਪ ਮਿੱਤਲ) : ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਸਥਿਤ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਨਾਲ ਇਲਾਕੇ 'ਚ ਗੰਭੀਰ ਚਿੰਤਾ ਅਤੇ ਰੋਸ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ 'ਚ ਸਥਾਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇੱਕ ਪਾਵਨ ਸਰੂਪ ਦੇ ਕੁੱਝ ਅੰਗਾਂ ’ਤੇ ਇਤਰਾਜ਼ਯੋਗ ਅਤੇ ਅਸ਼ੋਭਨੀਯ ਸ਼ਬਦ ਲਿਖੇ ਹੋਏ ਮਿਲੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੰਗਤ ਵੱਡੀ ਗਿਣਤੀ 'ਚ ਗੁਰਦੁਆਰਾ ਸਾਹਿਬ ਵਿਖੇ ਇਕੱਠੀ ਹੋ ਗਈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਈ ਪਾਵਨ ਸਰੂਪ ਸੁਸ਼ੋਭਿਤ ਹਨ। ਰੋਜ਼ਾਨਾ ਦੀ ਸੇਵਾ ਦੌਰਾਨ ਜਦੋਂ ਉਨ੍ਹਾਂ ਨੇ ਇੱਕ ਸਰੂਪ ਦਾ ਨਿਰੀਖਣ ਕੀਤਾ ਤਾਂ ਉਸ ਦੇ ਕੁੱਝ ਅੰਗਾਂ ’ਤੇ ਇਤਰਾਜ਼ਯੋਗ ਲਿਖਤ ਦਰਜ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਨੂੰ ਇਸ ਬਾਰੇ ਜਾਣੂੰ ਕਰਵਾਇਆ, ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਸਭ ਦੇ ਸਾਹਮਣੇ ਆ ਸਕੇ ਅਤੇ ਕਿਸੇ ਵੀ ਤਰ੍ਹਾਂ ਦਾ ਸ਼ੱਕ ਜਾਂ ਭਰਮ ਪੈਦਾ ਨਾ ਹੋਵੇ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਥਾਨਕ ਪ੍ਰਬੰਧਕ ਕਮੇਟੀ ਅਤੇ ਨਿਹੰਗ ਸਿੰਘਾਂ ਵੱਲੋਂ ਸਾਂਝੇ ਤੌਰ ’ਤੇ ਕੀਤਾ ਜਾਂਦਾ ਹੈ। ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਨਿਹੰਗ ਸਿੰਘਾਂ ਵੱਲੋਂ ਵੀ ਗੰਭੀਰ ਨਾਰਾਜ਼ਗੀ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਦੋਸ਼ੀ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਪਿੰਡ ਦੇ ਸਰਪੰਚ ਰਿੱਕੀ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੂੰ ਵੀ ਲਿਖ਼ਤੀ ਸ਼ਿਕਾਇਤ ਭੇਜੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਇੱਕ ਅਹਿਮ ਬੈਠਕ ਵੀ ਬੁਲਾਈ ਗਈ ਹੈ, ਜਿਸ 'ਚ ਅਗਲੀ ਰਣਨੀਤੀ ’ਤੇ ਵਿਚਾਰ ਕੀਤਾ ਜਾਵੇਗਾ। ਸਰਪੰਚ ਨੇ ਮੰਗ ਕੀਤੀ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜੌੜਕੀਆਂ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਹੋਰ ਸੰਬੰਧਿਤ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਮੌਕੇ ਤੋਂ ਸਬੂਤ ਇਕੱਠੇ ਕਰਕੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

 ਡੀ. ਐੱਸ. ਪੀ. ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਦੋ ਵੱਖ-ਵੱਖ ਕਮੇਟੀਆਂ, ਸਥਾਨਕ ਕਮੇਟੀ ਅਤੇ ਨਿਹੰਗ ਸਿੰਘਾਂ ਵੱਲੋਂ ਕੀਤਾ ਜਾਂਦਾ ਹੈ। ਇਸ ਲਈ ਇਸ ਸਮੇਂ ਕਿਸੇ ਵੀ ਨਤੀਜੇ ’ਤੇ ਪਹੁੰਚਣਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਉਪਰੰਤ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਪੁਲਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਜਾਂਚ 'ਚ ਸਹਿਯੋਗ ਕਰਨ।


author

Babita

Content Editor

Related News