ਅਕਾਲੀ ਬਸਪਾ ਗੱਠਜੋੜ ਨਾਲ ਕਾਂਗਰਸ ਭਾਜਪਾ ਅਤੇ ਆਪ ਵਾਲੇ ਬੌਖਲਾ ਗਏ : ਐਡਵੋਕੇਟ ਰਾਹੀਂ

06/23/2021 12:00:23 PM

ਬਰਨਾਲਾ (ਵਿਵੇਕ ਸਿੰਧਵਾਨੀ): ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਵੇਖ ਕੇ ਕਾਂਗਰਸ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੁਖਲਾ ਗਏ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਆਪਣੀ ਹਾਰ ਸਪੱਸ਼ਟ ਦਿਖਾਈ ਦੇ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਤ ਟੇਕ ਸਿੰਘ ਧਨੌਲਾ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਦਾ ਗੱਠਜੋੜ ਪੰਜਾਬ ਵਿਚੋਂ ਕਾਂਗਰਸ ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਨਾਲ ਸਫਾਇਆ ਕਰ ਦੇਵੇਗਾ ਅਤੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਸੱਤਾ ਵਿੱਚ ਆਵੇਗੀ।

ਅਕਾਲੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਆਪਣੇ ਹੀ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਪੰਜਾਬ ਦੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨਾਲ ਵੱਡਾ ਧੋਖਾ ਕੀਤਾ ਹੈ,ਕਿਉਂਕਿ ਸੂਬੇ ਦੇ ਪੜ੍ਹੇ ਲਿਖੇ ਨੌਜਵਾਨ ਡਿਗਰੀਆਂ ਹੱਥਾਂ ਵਿੱਚ ਫੜ੍ਹ ਕੇ ਸੜਕਾਂ ਤੇ ਥਾਂ-ਥਾਂ ਧਰਨੇ ਲਾਈ ਬੈਠੇ ਹਨ ਪਰ ਕਾਂਗਰਸ ਸਰਕਾਰ ਨੇ ਤਕ ਕਰੋੜਪਤੀ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇ ਦਿੱਤੀ ਹੈ ਪਰ ਹੱਕਾਂ ਲਈ ਲੜਾਈ ਲੜ ਰਹੇ ਬੇਰੁਜ਼ਗਾਰ ਨੌਜਵਾਨਾਂ ਤੇ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ ਜੋ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਨਤੀਜਾ ਹੈ।

ਉਨ੍ਹਾਂ ਕਿਹਾ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨ ਆਪਣੇ ਨਾਲ ਹੋ ਰਹੀ ਇਸ ਵਧੀਕੀ ਦਾ ਜਵਾਬ ਅਗਲੇ ਸਾਲ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਦੇਣਗੇ।ਜਿਸ ਕਰਕੇ ਕਾਂਗਰਸ ਇਸ ਦਾ ਖਾਮਿਆਜ਼ਾ ਭੁਗਤਣ ਲਈ ਤਿਆਰ ਰਹੇ। ਉਨ੍ਹਾਂ ਕਿਹਾ ਸੰਸਦ ਰਵਨੀਤ ਸਿੰਘ ਬਿੱਟੂ ਨੇ ਘਟੀਆ ਬਿਆਨਬਾਜ਼ੀ ਕਰਕੇ ਆਪਣੀ ਬਿਮਾਰ ਮਾਨਸਿਕਤਾ ਦਾ ਸਬੂਤ ਦੇ ਦਿੱਤਾ ਹੈ। ਉਨ੍ਹਾਂ ਕਿਹਾ ਪੰਜਾਬ ਵਿਚ ਰਹਿੰਦੇ ਸਾਰੇ ਵਰਗਾਂ ਦੇ ਲੋਕ ਕਾਂਗਰਸ ਦੀ ਸਰਕਾਰ ਤੋਂ ਦੁਖੀ ਹਨ ਅਤੇ ਕਾਂਗਰਸ ਨੂੰ ਚਲਦਾ ਕਰਕੇ ਪੰਜਾਬ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਲਈ ਬੜੀ ਬੇਸਬਰੀ ਦੇ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ।ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਨਗਰ ਕੌਂਸਲਰ ਤਰਲੋਚਨ ਬਾਂਸਲ,ਅਕਾਲੀ ਆਗੂ ਡੋਗਰ ਸਿੰਘ, ਟਰੱਕ ਯੂਨੀਅਨ ਤਪਾ ਦੇ ਸਾਬਕਾ ਪ੍ਰਧਾਨ ਰਾਕੇਸ਼ ਟੋਨਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ ਭਦੌੜ ਤੋਂ ਇਲਾਵਾ ਹੋਰ ਵੀ ਅਕਾਲੀ ਆਗੂ ਹਾਜ਼ਰ ਸਨ।


Shyna

Content Editor

Related News