ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਮੁਹੱਈਆ ਕਰਵਾਏ 491.26 ਲੱਖ ਦੇ ਕਰਜ਼ੇ: ਸਾਧੂ ਸਿੰਘ ਧਰਮਸੋਤ

02/12/2021 5:09:37 PM

ਚੰਡੀਗੜ੍ਹ: ਪੰਜਾਬ ਦੇ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ 491.26 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ। ਇਹ ਕਰਜ਼ੇ 289 ਨੌਜਵਾਨਾਂ ਨੂੰ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਏ ਗਏ ਹਨ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੱਛੜੀਆਂ ਸ਼ੇਣੀਆਂ ਚੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਾਲ 2020-2021 ਦੌਰਾਨ ਪੱਛੜੀਆਂ ਸ਼੍ਰੇਣੀਆਂ ਦੇ 751 ਨੌਜਵਾਨਾਂ ਨੂੰ 1127.75 ਲੱਖ ਦੇ ਕਰਜ਼ੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 279 ਨੌਜਵਾਨਾਂ ਨੂੰ 474.46 ਲੱਖ ਦੇ ਕਰਜ਼ੇ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ ਹੋਰਨਾਂ ਨੌਜਵਾਨਾਂ ਨੂੰ ਕਰਜ਼ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ 10 ਨੌਜਵਾਨਾਂ ਨੂੰ 16.80 ਲੱਖ ਰੁਪਏ ਦੇ ਕਰਜ਼ੇ ਘੱਟ ਵਿਆਜ ਦਰਾਂ ’ਤੇ ਸਵੈ-ਰੋਜ਼ਗਾਰ ਲਈ ਮੁਹੱਈਆ ਕਰਵਾਏ ਗਏ ਹਨ।ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਲਗਭਗ 4 ਸਾਲਾਂ ਦੇ ਸਮੇਂ ਦੌਰਾਨ ਸੂਬੇ ਦੇ 1459 ਗ਼ਰੀਬ ਪੱਛੜੀਆਂ ਸ਼ੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਨੌਜਵਾਨਾਂ ਨੂੰ 2436.74 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾ ਚੁੱਕੇ ਹਨ। ਜਿਨ੍ਹਾਂ ਨੂੰ ਪ੍ਰਾਪਤ ਕਰਕੇ ਉਹ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰ ਚੁੱਕੇ ਹਨ ਅਤੇ ਆਪਣਾ ਜੀਵਨ ਨਿਰਵਾਹ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜ਼ਾ ਕੇਸਾਂ ਦੇ ਛੇਤੀ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਵੀ ਸੋਧ ਕੀਤੀ ਗਈ ਹੈ। ਧਰਮਸੋਤ ਨੇ ਦੱਸਿਆ ਕਿ ਬੀ.ਸੀ. ਕਾਰਪੋਰੇਸ਼ਨ ਦਾ ਮੁੱਖ ਮੰਤਵ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਘੱਟ ਵਿਆਜ਼ ਦਰਾਂ ’ਤੇ ਸਵੈ-ਰੋਜ਼ਗਾਰ ਧੰਦੇ ਜਿਵੇਂ: ਡੇਅਰੀ ਫਾਰਮ, ਕਰਿਆਨਾ ਦੁਕਾਨ, ਸਟਰਿੰਗ ਦਾ ਕੰਮ, ਲੱਕੜ ਦਾ ਵਪਾਰ ਅਤੇ ਉਚੇਰੀ ਸਿੱਖਿਆ ਲਈ ਕਰਜ਼ੇ ਮੁਹੱਈਆ ਕਰਵਾਉਣਾ ਹੈ ਤਾਂ ਜੋ ਇਨ੍ਹਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ ਅਤੇ ਇਨ੍ਹਾਂ  ਨੂੰ ਗ਼ਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।


Shyna

Content Editor

Related News