ਸੰਗਰੂਰ ਜ਼ਿਲੇ ''ਚ ਹੁਣ ਤਕ 8,367 ਵਿਅਕਤੀਆਂ ਨੂੰ ਘਰਾਂ ''ਚ ਕੀਤਾ ਏਕਾਂਤਵਾਸ : ਡੀ. ਸੀ.

05/12/2020 6:08:45 PM

ਸੰਗਰੂਰ,(ਸਿੰਗਲਾ)- ਸੰਗਰੂਰ ਜ਼ਿਲੇ 'ਚ ਕੋਵਿਡ-19 ਦੀ ਮਹਾਮਾਰੀ ਫੈਲਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲਾ ਵਾਸੀਆਂ ਨੂੰ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਕੰਟੇਨਮੈਂਟ ਜ਼ੋਨ ਜਾਂ ਬਾਹਰੀ ਇਲਾਕਿਆਂ ਤੋਂ ਪਰਤਣ ਵਾਲੇ ਸੰਗਰੂਰ ਵਾਸੀ ਆਪਣੇ ਪਹੁੰਚਣ ਸਬੰਧੀ ਸਾਰੀ ਸੂਚਨਾ ਜ਼ਿਲਾ ਕੰਟਰੋਲ ਰੂਮ ਨੰਬਰ 01672-232304 'ਤੇ ਜ਼ਰੂਰ ਦੇਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਕੋਰੋਨਾਵਾਇਰਸ ਨੂੰ ਰੋਕਣ ਲਈ ਸੰਗਰੂਰ ਵਾਸੀ ਸਰਕਾਰ, ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵੀ ਯਕੀਨੀ ਬਣਾਉਣ ਤਾਂ ਜੋ ਕੋਵਿਡ-19 ਦੇ ਸੰਪਰਕ ਵਿਚ ਆਉਣ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲਾ ਵਾਸੀ ਪੂਰੀ ਤਰ੍ਹਾਂ ਸੁਚੇਤ ਰਹਿ ਕੇ ਜ਼ਿਲਾ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਕੋਰੋਨਾਵਾਇਰਸ ਨੂੰ ਅੱਗੇ ਫੈਲਣ ਤੋਂ ਸਹਿਜੇ ਹੀ ਰੋਕਿਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਹੋਰਨਾਂ ਸੂਬਿਆਂ ਤੋਂ ਪਰਤਣ ਵਾਲੇ ਵਿਅਕਤੀਆਂ ਲਈ ਆਪਣੇ ਆਪ ਨੂੰ 21 ਦਿਨਾਂ ਲਈ ਇਕਾਂਤਵਾਸ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 11 ਮਈ ਤੱਕ ਸੰਗਰੂਰ ਜ਼ਿਲੇ 'ਚ 8,367 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਟੀਮਾਂ ਬਣਾ ਕੇ ਲਗਾਤਾਰ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਸੰਭਾਵੀ ਖ਼ਤਰੇ ਤੋਂ ਬਚਿਆ ਜਾ ਸਕੇ। ਉਨ੍ਹਾਂ ਸਿਹਤ ਅਧਿਕਾਰੀਆਂ ਕੋਲੋਂ ਮੈਡੀਕਲ ਸਕਰੀਨਿੰਗ ਦੇ ਕਾਰਜਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।  

ਘਨਸ਼ਿਆਮ ਥੋਰੀ ਨੇ ਕਿਹਾ ਕਿ ਸੰਸਥਾਤਮਕ ਤਰੀਕੇ ਰਾਹੀਂ ਬਾਹਰੀ ਇਲਾਕਿਆਂ ਤੋਂ ਆਉਣ ਵਾਲੇ ਵਿਅਕਤੀਆਂ ਨੂੰ ਪਹਿਲਾਂ ਇਕਾਂਤਵਾਸ ਕੇਂਦਰਾਂ 'ਚ ਭੇਜਿਆ ਜਾਂਦਾ ਹੈ ਤੇ ਟੈਸਟ ਨੈਗੇਟਿਵ ਆਉਣ 'ਤੇ ਹੀ ਉਨ੍ਹਾਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਹਾਲਤ ਵਿਚ ਹੋਮ ਕੁਆਰੰਟਾਈਨ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਨਾ ਹੀ ਕੋਈ ਰਿਸ਼ਤੇਦਾਰ ਜਾਂ ਦੋਸਤ-ਮਿੱਤਰ ਘਰਾਂ 'ਚ ਕੁਆਰੰਟਾਈਨ ਕੀਤੇ ਲੋਕਾਂ ਨੂੰ ਮਿਲਣ ਜਾਣ। ਉਨ੍ਹਾਂ ਕਿਹਾ ਕਿ ਏਕਾਂਤਵਾਸ 'ਚ ਰਹਿ ਰਹੇ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਸਪਲਾਈ ਘਰੋ-ਘਰੀ ਪਹੁੰਚਾਈ ਜਾ ਰਹੀ ਹੈ।
ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ (ਵਿ) ਰਜਿੰਦਰ ਬੱਤਰਾ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ, ਵਣ ਮੰਡਲ ਅਧਿਕਾਰੀ ਵਿਦਿਆ ਸਾਗਰੀ, ਜ਼ਿਲ•ਾ ਮਾਲ ਅਫ਼ਸਰ ਗਗਨਦੀਪ ਸਿੰਘ, ਸਿਵਲ ਸਰਜਨ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਮਹੇਸ਼ ਅਹੂਜਾ, ਐਸ.ਐਮ.ਓ ਡਾ. ਕਿਰਪਾਲ ਸਿੰਘ, ਜ਼ਿਲਾ ਐਪੋਡੋਮੋਲਿਜਸਟ ਡਾ. ਉਪਾਸਨਾ ਬਿੰਦਰਾ, ਡਾ. ਸਨਵੀਰ ਰਾਏ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।


Deepak Kumar

Content Editor

Related News