ਡੀ. ਸੀ. ਨੇ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

09/26/2019 5:30:30 PM

ਸੰਗਰੂਰ (ਵਿਵੇਕ ਸਿੰਧਵਾਨੀ, ਪ੍ਰਵੀਨ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੰਗਰੂਰ ਵੱਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਪ੍ਰਾਪਤ ਹੋਏ ਹੁਕਮਾਂ ਦੀ ਪਾਲਣਾ ਕਰਦਿਆਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਜ਼ਿਲੇ ਦੇ ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਾਏ ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਥੋਰੀ ਨੇ ਕਿਹਾ ਕਿ ਪ੍ਰਦੂਸ਼ਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਬਹੁਤ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਚਾਰ ਵੈਨਾਂ ਰਾਹੀਂ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਦਿਆਂ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਵੀ ਦੱਸਿਆ ਜਾਵੇਗਾ। ੳਨ੍ਹਾਂ ਕਿਸਾਨਾਂ ਦੇ ਨਾਲ-ਨਾਲ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਪ੍ਰਦੂਸ਼ਣ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਆਪਣੇ ਬੱਚਿਆਂ ਨੂੰ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ।

ਇਸ ਮੌਕੇ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 3 ਪ੍ਰਚਾਰ ਵੈਨਾਂ ਰਾਹੀਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਫੈਸਲੇ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਜ਼ਿਲੇ ਦੇ ਸਾਰੇ ਪਿੰਡਾਂ 'ਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਚਾਰ ਵੈਨਾਂ ਦੁਆਰਾ ਰੋਜ਼ਾਨਾ 40 ਤੋਂ 50 ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਗ ਲਾਉਣ ਤੋਂ ਰੋਕਣ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਪੋਸਟਰ ਵੀ ਵੰਡੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੇ ਨਾੜ/ਫਸਲੀ ਰਹਿੰਦ-ਖੂੰਹਦ ਨੂੰ ਖੇਤ 'ਚ ਹੀ ਦਬਾਉਣ, ਅਜਿਹਾ ਕਰਨ ਨਾਲ ਨਾੜ 'ਚ ਮੌਜੂਦ ਖੁਰਾਕੀ ਤੱਤ ਦੁਬਾਰਾ ਜ਼ਮੀਨ 'ਚ ਜਮ੍ਹਾ ਹੋ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ।


cherry

Content Editor

Related News