ਡੀ.ਸੀ. ਨੇ ਡੇਪੋ ਮੁਹਿੰਮ ''ਚ ਹਰੇਕ ਵਰਗ ਦੇ ਲੋਕਾਂ ਨੂੰ ਸ਼ਾਮਲ ਹੋਣ ਦਾ ਦਿੱਤਾ ਸੱਦਾ
Tuesday, Jul 09, 2019 - 05:10 PM (IST)

ਸੰਗਰੂਰ (ਬੇਦੀ) : ਜ਼ਿਲਾ ਸੰਗਰੂਰ 'ਚ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਚ ਹਰੇਕ ਵਰਗ ਦੇ ਲੋਕਾਂ ਨੂੰ ਸ਼ਾਮਿਲ ਕੀਤਾ ਜਾਵੇ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੇਪੋ) ਮੁਹਿੰਮ ਨੂੰ ਸਫ਼ਲਤਾ ਨਾਲ ਲਾਗੂ ਕਰਨ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਜ਼ਿਲੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੇ ਇਲਾਵਾ ਸਮੂਹ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਸਰਕਾਰ ਦੇ ਇਨ੍ਹਾਂ ਮਹੱਤਵਪੂਰਨ ਨਸ਼ਾ ਵਿਰੋਧੀ ਪ੍ਰੋਗਰਾਮਾਂ ਦੇ ਉਦੇਸ਼ਾਂ ਅਤੇ ਫਾਇਦਿਆਂ ਬਾਰੇ ਵਿਸਥਾਰ 'ਚ ਜਾਣੂ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ 'ਚ ਵਿਦਿਆਰਥੀਆਂ ਨੂੰੰ ਨਿਯਮਤ ਤੌਰ 'ਤੇ ਨਸ਼ਿਆਂ ਦੀ ਵਰਤੋਂ ਨਾਲ ਸਰੀਰ ਅਤੇ ਮਨ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਜਾਵੇ। ਇਸ ਦੌਰਾਨ ਸਿਵਲ ਸਰਜਨ ਕੋਲੋਂ ਜ਼ਿਲੇ 'ਚ ਸਰਕਾਰੀ ਅਤੇ ਗੈਰ-ਸਰਕਾਰੀ ਦੇ ਤੌਰ 'ਤੇ ਚੱਲ ਰਹੇ ਨਸ਼ਾ ਮੁਕਤੀ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ 'ਚ ਜੇਰੇ ਇਲਾਜ ਨਸ਼ਾ ਪੀੜਤਾਂ ਲਈ ਅਪਣਾਈ ਜਾ ਰਹੀ ਇਲਾਜ ਪ੍ਰਣਾਲੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲੇ 'ਚ ਚੱਲ ਰਹੇ ਓਟ ਕਲੀਨਿਕਾਂ 'ਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ 'ਚ ਨਸ਼ਿਆਂ ਦੇ ਸੇਵਨ ਦੇ ਰੁਝਾਨ ਨੂੰ ਘਟਾਉਣ ਲਈ ਮਾਹਿਰਾਂ ਦੇ ਪੱਧਰ 'ਤੇ ਹੋ ਰਹੇ ਉਪਰਾਲਿਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲੇ 'ਚ ਓਟ ਕਲੀਨਿਕਾਂ ਦੀ ਗਿਣਤੀ ਨੂੰ ਵਧਾਉਣ ਅਤੇ ਇਲਾਜ ਕਰਵਾਉਣ ਵਾਲਿਆਂ ਨੂੰ ਲਗਾਤਾਰ ਤਿੰਨ ਦਿਨਾਂ ਦੀ ਦਵਾਈ ਦੇਣ ਦੀ ਸੁਵਿਧਾ ਲਾਗੂ ਕਰਵਾਉਣ ਲਈ ਸਰਕਾਰ ਨੂੰ ਲਿਖਿਆ ਗਿਆ ਹੈ।
ਇਸ ਮੌਕੇ ਐੈੱਸ.ਐੈੱਸ.ਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੀ ਸਪਲਾਈ ਨੂੰ ਤੋੜਨ ਲਈ ਪੂਰੀ ਤਰ੍ਹਾਂ ਚੌਕਸ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਦੇ ਹੈਲਪਲਾਈਨ ਨੰਬਰ 181 'ਤੇ ਕੋਈ ਵੀ ਨਾਗਰਿਕ ਨਸ਼ੇ ਦੇ ਤਸਕਰਾਂ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੈਲਪਲਾਈਨ 'ਤੇ ਪ੍ਰਾਪਤ ਹੋਣ ਵਾਲੀ ਜਾਣਕਾਰੀ ਨੂੰ ਗੁਪਤ ਰੱਖਿਆ ਜਾਂਦਾ ਹੈ ਅਤੇ ਸ਼ਿਕਾਇਤ ਕਰਤਾ ਦੇ ਨਾਮ ਅਤੇ ਪਤੇ ਨੂੰ ਵੀ ਕਿਸੇ ਨਾਲ ਸਾਂਝਾ ਨਹੀਂ ਕੀਤਾ ਜਾਂਦਾ। ਐੈੱਸ.ਐੈੱਸ.ਪੀ ਨੇ ਕਿਹਾ ਨਸ਼ਾ ਇਕ ਸਮਾਜਿਕ ਬੁਰਾਈ ਹੈ, ਜਿਸ ਦੇ ਮੁਕੰਮਲ ਤੌਰ 'ਤੇ ਖਾਤਮੇ ਲਈ ਸਾਰਿਆਂ ਦਾ ਸਾਂਝਾ ਸਹਿਯੋਗ ਜ਼ਰੂਰੀ ਹੈ।
ਮੀਟਿੰਗ ਦੌਰਾਨ ਡਿਪਟੀ ਮੈਡੀਕਲ ਸੁਪਰਡੈਂਟ ਪਰਮਿੰਦਰ ਕੌਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸਤੀਸ਼ ਕਪੂਰ, ਸਿਵਲ ਸਰਜਨ ਡਾ. ਗੁਰਸ਼ਰਨ ਸਿੰਘ ਅਤੇ ਹੋਰ ਮੈਂਬਰ ਵੀ ਹਾਜ਼ਿਰ ਸਨ।