''ਜਲ ਸ਼ਕਤੀ ਅਭਿਆਨ'' ਤਹਿਤ ਸੰਗਰੂਰ ਜ਼ਿਲੇ ਨੂੰ ਪੰਜਾਬ ਭਰ ''ਚੋਂ ਮਿਲਿਆ ਪਹਿਲਾ ਰੈਂਕ

08/14/2019 5:22:32 PM

ਸੰਗਰੂਰ(ਬੇਦੀ) : ਕੁਦਰਤ ਦੇ ਅਨਮੋਲ ਸੋਮੇ ਪਾਣੀ ਨੂੰ ਬਚਾਉਣ ਲਈ ਲੋਕ ਜਾਗਰੂਕਤਾ ਲਹਿਰ ਚਲਾ ਕੇ ਜ਼ਿਲਾ ਸੰਗਰੂਰ ਨੂੰ ਡਾਰਕ ਜ਼ੋਨ ਦੇ ਦਾਗ ਤੋਂ ਮੁਕਤੀ ਦਿਵਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਉਪਰਾਲਿਆਂ ਨੂੰ ਬੂਰ ਪੈਣ ਲੱਗ ਪਿਆ ਹੈ। ਕੇਂਦਰ ਸਰਕਾਰ ਵੱਲੋਂ ਚਲਾਏ 'ਜਲ ਸ਼ਕਤੀ ਅਭਿਆਨ' ਵਿਚ ਜ਼ਿਲਾ ਸੰਗਰੂਰ ਪੰਜਾਬ ਭਰ ਵਿਚੋਂ ਪਹਿਲੇ ਰੈਂਕ 'ਤੇ ਆ ਗਿਆ ਹੈ। ਬੀਤੀ ਰਾਤ ਜ਼ਿਲਾ ਅਧਿਕਾਰੀਆਂ ਨਾਲ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਹ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ ਦਿੱਲੀ ਤੋਂ ਆਈ ਉੱਚ ਪੱਧਰੀ ਟੀਮ ਵੱਲੋਂ ਜ਼ਿਲੇ ਦੇ 9 ਬਲਾਕਾਂ ਵਿਚ ਮੀਂਹ ਦੇ ਪਾਣੀ ਦੀ ਸਾਂਭ ਸੰਭਾਲ, ਛੱਪੜਾਂ ਦੇ ਪਾਣੀ ਨੂੰ ਸਾਫ਼ ਕਰਕੇ ਵਰਤੋਂ 'ਚ ਲਿਆਉਣ ਯੋਗ ਬਣਾਉਣ ਅਤੇ ਜਲ ਸਰੋਤਾਂ ਦੀ ਸਾਂਭ-ਸੰਭਾਲ ਲਈ ਗੁਣਵੱਤਾ ਦੇ ਆਧਾਰ 'ਤੇ ਪ੍ਰਸ਼ਾਸਨਿਕ ਵਿਭਾਗਾਂ ਵੱਲੋਂ ਜਲ ਸਰੋਤਾਂ ਦੀ ਸੰਭਾਲ ਦੇ ਯਤਨਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਥੋਰੀ ਨੇ ਦੱਸਿਆ ਕਿ ਅਭਿਆਨ ਨੂੰ ਜ਼ਿਲੇ 'ਚ ਯੋਜਨਾਬੱਧ ਢੰਗ ਨਾਲ ਲਾਗੂ ਕਰਨ ਲਈ ਹਰੇਕ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਜਿਸ ਦਾ ਸੁਖਾਵਾਂ ਨਤੀਜਾ ਦੇਖਣ ਨੂੰ ਮਿਲਿਆ ਹੈ ਅਤੇ ਜ਼ਿਲਾ ਸੰਗਰੂਰ ਪੰਜਾਬ ਭਰ 'ਚੋਂ ਪਹਿਲੇ ਰੈਂਕ 'ਤੇ ਪਹੁੰਚ ਗਿਆ ਹੈ।

ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ ਨਿਰਧਾਰਿਤ ਸਮੇਂ ਅੰਦਰ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਆਨਲਾਈਨ ਅਤੇ ਆਫਲਾਈਨ ਮੁਹੱਈਆ ਕਰਵਾਉਣ ਵਿਚ ਵੀ ਜ਼ਿਲਾ ਸੰਗਰੂਰ ਪਹਿਲੇ ਸਥਾਨ 'ਤੇ ਹੈ। ਉਨ੍ਹਾਂ ਦੱਸਿਆ ਕਿ 1 ਜਨਵਰੀ 2019 ਤੋਂ 13 ਅਗਸਤ ਤੱਕ ਵੱਖ-ਵੱਖ ਸੇਵਾਵਾਂ ਲਈ ਪ੍ਰਾਪਤ ਹੋਏ 64166 ਬਿਨੈ ਪੱਤਰਾਂ 'ਚੋਂ 60964 ਯੋਗ ਪਾਏ ਗਏ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਵੱਖ-ਵੱਖ ਸਮਾਂ ਸੀਮਾ ਤਹਿਤ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ 'ਚ ਸਿਰਫ਼ 0.82 ਪ੍ਰਤੀਸ਼ਤ ਮਾਮਲੇ ਬਕਾਇਆ ਹਨ ਜੋ ਕਿ ਇਕ ਪ੍ਰਤੀਸ਼ਤ ਤੋਂ ਵੀ ਘੱਟ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਨੂੰ ਵੀ ਛੇਤੀ ਨਿਪਟਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਦਿਵਿਆਂਗ ਵਿਅਕਤੀਆਂ ਨੂੰ ਜ਼ਿਲਾ ਪੱਧਰ 'ਤੇ ਜਾਰੀ ਹੋਣ ਵਾਲੇ ਯੂਨੀਕ ਦਿਵਿਆਂਗ ਪਛਾਣ ਪੱਤਰ (ਯੂ.ਡੀ.ਆਈ.ਡੀ) ਦੇ ਬਕਾਇਆ ਮਾਮਲਿਆਂ ਨੂੰ 30 ਅਗਸਤ ਤੋਂ ਪਹਿਲਾਂ-ਪਹਿਲਾਂ ਨਿਪਟਾਉਣ ਦੇ ਆਦੇਸ਼ ਦਿੱਤੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ-ਨਿਰਦੇਸ਼ ਤਹਿਤ ਸੋਲਿਡ ਵੇਸਟ ਸੈਗਰੀਗੇਸ਼ਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਵੀ ਸਮੀਖਿਆ ਕੀਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ, ਵਣ ਵਿਭਾਗ ਅਤੇ ਐਕਸੀਅਨ ਪੰਚਾਇਤੀ ਰਾਜ ਦੇ ਪੱਧਰ 'ਤੇ ਹੋ ਰਹੇ ਯਤਨਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਖੁਸ਼ਹਾਲੀ ਦੇ ਰਾਖਿਆਂ ਦੁਆਰਾ ਦਿੱਤੀ ਜਾਣ ਵਾਲੀ ਫੀਡਬੈਕ 'ਤੇ ਐਸ.ਡੀ.ਐਮ ਪੱਧਰ 'ਤੇ ਕੀਤੀ ਜਾ ਰਹੀ ਕਾਰਵਾਈ ਦਾ ਵੀ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਐਸ.ਡੀ.ਐਮ ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਜਨਰਲ ਅੰਕੂਰ ਮਹਿੰਦਰੂ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਪਵਿੱਤਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

cherry

This news is Content Editor cherry