ਰਾਜ ਪੱਧਰੀ ਰੋਜ਼ਗਾਰ ਮੇਲੇ 'ਚ ਬਿਨੈਕਾਰਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ

11/15/2018 1:02:01 PM

ਸੰਗਰੂਰ (ਵਿਵੇਕ ਸਿੰਧਵਾਨੀ, ਬਾਂਸਲ)- ਪੰਜਾਬ ਸਰਕਾਰ ਦੇ 'ਘਰ-ਘਰ ਰੋਜ਼ਗਾਰ' ਮਿਸ਼ਨ ਤਹਿਤ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵਚਨਬੱਧ ਹੈ। ਬਾਹਰਲੇ ਰਾਜਾਂ ਦੇ ਉਦਯੋਗਪਤੀਆਂ ਨੂੰ ਰਾਜ ਅੰਦਰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰ ਕੇ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਹੁਨਰਮੰਦ ਬੇਰੋਜ਼ਗਾਰਾਂ ਨੂੰ ਭਵਿੱਖ 'ਚ ਰੋਜ਼ਗਾਰ ਦੇ ਸਮਰੱਥ ਬਣਾਉਣ ਅਤੇ ਸੂਬੇ ਦੀ ਆਰਥਕ ਸਥਿਤੀ ਨੂੰ ਮਜ਼ਬੂਤ ਕਰਨ ਦੀ ਦਿਸ਼ਾ 'ਚ ਮਹੱਤਪੂਰਨ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਨੇ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ ਰਾਜ ਪੱਧਰੀ ਰੋਜ਼ਗਾਰ ਮੇਲੇ ਦਾ ਜਾਇਜ਼ਾ ਲੈਂਦਿਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਰੋਜ਼ਗਾਰ ਮੇਲਿਆਂ ਰਾਹੀਂ ਪ੍ਰਾਈਵੇਟ ਉਦਯੋਗਾਂ ਨੂੰ ਪ੍ਰੇਰਿਤ ਕਰ ਕੇ ਉਨ੍ਹਾਂ ਦੀ ਲੋਡ਼ ਮੁਤਾਬਕ ਅਜਿਹਾ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿੱਥੋ ਉਹ ਸਿੱਧੇ ਤੌਰ 'ਤੇ ਹੁਨਰਮੰਦ ਨੌਜਵਾਨਾਂ ਦੀ ਚੋਣ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਘਰ-ਘਰ ਰੋਜ਼ਗਾਰ ਮਿਸ਼ਨ ਦੇ ਪੋਰਟਲ 'ਤੇ ਰਜਿਸਟਰੇਸ਼ਨ ਕਰਵਾ ਕੇ ਕੋਈ ਵੀ ਲੋਡ਼ਵੰਦ ਬਿਨੈਕਾਰ ਜ਼ਿਲਾ ਰੋਜ਼ਗਾਰ ਬਿਊਰੋ ਨਾਲ ਜੁਡ਼ ਸਕਦਾ ਹੈ ਅਤੇ ਅਜਿਹੇ ਮੇਲਿਆਂ ਦਾ ਹਿੱਸਾ ਬਣ ਕੇ ਭਵਿੱਖ 'ਚ ਰੋਜ਼ਗਾਰ ਹਾਸਲ ਕਰ ਸਕਦਾ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ 'ਚ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਪਾਉਣ ਲਈ ਹਰ ਪ੍ਰੋਗਰਾਮ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਦੇਸ਼ ਭਗਤ ਕਾਲਜ ਬਰਡ਼ਵਾਲ ਧੂਰੀ ਵਿਖੇ 15 ਨਵੰਬਰ ਨੂੰ ਰੋਜ਼ਗਾਰ ਮੇਲਾ ਲੱਗੇਗਾ ਅਤੇ 20 ਨਵੰਬਰ ਨੂੰ ਸਲਾਈਟ ਲੌਂਗੋਵਾਲ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਣਾ ਹੈ। ਸ਼੍ਰੀ ਥੋਰੀ ਨੇ ਦੱਸਿਆ ਕਿ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਜ਼ਿਲਾ ਰੋਜ਼ਗਾਰ ਬਿਊਰੋ ਸਥਾਪਤ ਕੀਤਾ ਗਿਆ ਹੈ, ਜਿਥੇ ਤਾਇਨਾਤ ਸਟਾਫ ਵੱਲੋਂ ਬੇਰੋਜ਼ਗਾਰਾਂ ਨੂੰ ਉਨ੍ਹਾਂ ਦੀ ਲੋਡ਼ ਅਤੇ ਹੁਨਰ ਮੁਤਾਬਕ ਢੁੱਕਵੀਂ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਦਾਮਨ ਥਿੰਦ ਬਾਜਵਾ ਨੇ ਪੰਜਾਬ ਸਰਕਾਰ ਦੇ ਉੱਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 'ਘਰ-ਘਰ ਰੋਜ਼ਗਾਰ' ਮਿਸ਼ਨ ਤਹਿਤ ਮਿੱਥੇ ਟੀਚੇ ਨੂੰ ਸੁਨਾਮ 'ਚ ਸਫ਼ਲਤਾ ਨਾਲ ਲਾਗੂ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ਼੍ਰੀ ਵਿਜੈ ਇੰਦਰ ਸਿੰਗਲਾ ਸਮੇਤ ਹੋਰ ਸ਼ਖਸੀਅਤਾਂ ਵੱਲੋਂ ਮੌਕੇ 'ਤੇ ਹੀ ਪ੍ਰਾਈਵੇਟ ਕੰਪਨੀਆਂ ਵੱਲੋਂ ਚੁਣੇ ਗਏ ਪ੍ਰਾਰਥੀਆਂ ਨੂੰ ਨੌਕਰੀ ਦੇ ਪੇਸ਼ਕਸ਼ ਪੱਤਰ (ਆਫਰ ਲੈਟਰ) ਪ੍ਰਦਾਨ ਕੀਤੇ ਗਏ। ਇਸ ਦੌਰਾਨ ਰਾਸ਼ਟਰੀ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਲਾਭਪਾਤਰੀ ਪੇਂਡੂ ਅੌਰਤਾਂ ਨੂੰ ਸਵੈ-ਰੋਜ਼ਗਾਰ ਲਈ ਕਰੀਬ 26 ਲੱਖ ਰੁਪਏ ਦੇ ਕਰਜ਼ੇ ਪ੍ਰਦਾਨ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਿਕਰਮਜੀਤ ਸਿੰਘ ਸ਼ੇਰਗਿੱਲ, ਐੱਸ. ਡੀ. ਐੱਮ. ਸੁਨਾਮ ਮਨਜੀਤ ਕੌਰ, ਹਰਮਨ ਬਾਜਵਾ ਸਮੇਤ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।


Related News