ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਸਮਾਗਮਾਂ 'ਚ ਹੁੰਮ-ਹੁੰਮਾ ਕੇ ਪੁੱਜਣ ਦਾ ਸੱਦਾ

08/08/2019 6:56:16 PM

ਸੰਗਰੂਰ (ਬੇਦੀ, ਯਾਦਵਿੰਦਰ) : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਅਤੇ ਪਾਰਟੀ ਦੀ ਭਰਤੀ ਸੰਬੰਧੀ ਇਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਜ਼ਿਲਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਪਾਰਟੀ ਦੇ ਆਬਜ਼ਰਵਰ ਸਿਕੰਦਰ ਸਿੰਘ ਮਲੂਕਾ, ਸਹਾਇਕ ਆਬਜ਼ਰਵਰ ਦਰਸ਼ਨ ਸਿੰਘ ਕੋਟਫੱਤਾ, ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ ਤੌਰ 'ਤੇ ਸ਼ਾਮਲ ਹੋਏ।

ਸਿਕੰਦਰ ਸਿੰਘ ਮਲੂਕਾ ਨੇ ਜਿੱਥੇ ਪਾਰਟੀ ਦੀ ਭਰਤੀ ਪੂਰੇ ਜ਼ੋਰ-ਸ਼ੋਰ ਨਾਲ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਣ ਦਾ ਸੱਦਾ ਦਿੱਤਾ, ਉਥੇ ਹੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 20 ਅਗਸਤ ਨੂੰ ਹੋ ਰਹੇ ਸ਼ਹੀਦੀ ਸਮਾਗਮ ਵਿਚ ਹੁੰਮ ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤੀ ਵੱਲ ਲੈ ਕੇ ਜਾਣ ਦੀ ਧਾਰ ਲਈ ਹੈ ਤਾਂ ਕਿ ਅਜਿਹੇ ਕਾਰਨ ਦੂਰ ਹੋ ਸਕਣ ਜੋ ਪਾਰਟੀ ਨੂੰ ਢਾਹ ਲਗਾਉਂਦੇ ਹਨ। ਉਨ੍ਹਾਂ ਪਰਮਿੰਦਰ ਸਿੰਘ ਢੀਂਡਸਾ ਨੂੰ ਵਿਧਾਇਕ ਦਲ ਦਾ ਨੇਤਾ ਬਣਨ 'ਤੇ ਸੰਗਰੂਰ ਦੇ ਵਰਕਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਇਸ ਜ਼ਿਲੇ ਲਈ ਮਾਣ ਵਾਲੀ ਗੱਲ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜੋਰ ਕਰਨ ਲਈ ਪੰਥ ਵਿਰੋਧੀ ਤਾਕਤਾਂ ਹੋਰ ਸਰਗਰਮ ਹੋ ਗਈਆਂ ਹਨ। ਉਨ੍ਹਾਂ ਸੰਗਤ ਨੂੰ ਪੰਥ ਵਿਰੋਧੀ ਤਾਕਤਾਂ ਦਾ ਸਾਹਮਣਾ ਕਰਨ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ ਇਤਿਹਾਸਿਕ ਰੈਲੀ ਹੋਵੇਗੀ। ਉਨ੍ਹਾਂ ਕਿਹਾ ਕਿ ਰੈਲੀ ਪ੍ਰਤੀ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਦੀ ਭਰਤੀ ਮੁਹਿੰਮ ਨੂੰ ਸਫਲ ਬਣਾਉਣ ਦੇ ਨਾਲ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸੋਚ ਉੱਤੇ ਪਹਿਰਾ ਦੇਣ ਲਈ ਲੋਕਾਂ ਨੂੰ ਲਾਮਬੰਦ ਕਰਨ।

ਜ਼ਿਲਾ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲੇ ਅੰਦਰ ਪਾਰਟੀ ਦੀ ਭਰਤੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੇ ਬਰਸੀ ਸਮਾਗਮ ਦੇ ਢੁੱਕਵੇ ਪ੍ਰਬੰਧ ਅਤੇ ਵੱਡਾ ਇਕੱਠ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮੀਟਿੰਗ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਦਾ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ 'ਤੇ ਜ਼ਿਲਾ ਜਥੇਬੰਦੀ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਪਾਰਟੀ ਦੇ ਸਹਾਇਕ ਅਬਜ਼ਰਬਰ ਦਰਸ਼ਨ ਸਿੰਘ ਕੋਟਫੱਤਾ, ਗਗਨਜੀਤ ਸਿੰਘ ਬਰਨਾਲਾ ਸਮੇਤ ਹੋਰ ਆਗੂ ਸ਼ਾਮਲ ਸਨ।

cherry

This news is Content Editor cherry