ਹੈਰੀਟੇਜ ਸਟਰੀਟ ''ਤੇ ਲੱਗੇ ਬੁੱਤਾਂ ਨੂੰ ਤੋੜਨ ਵਾਲੇ ਨੌਜਵਾਨਾਂ ਨੂੰ ਕੀਤਾ ਜਾਵੇ ਰਿਹਾਅ : ਸਿੱਖ ਸੰਗਠਨ

01/20/2020 3:26:01 PM

ਸੰਗਰੂਰ (ਬੇਦੀ) : ਸੰਗਰੂਰ ਵਿਚ ਅੱਜ 7 ਸਿੱਖ ਸੰਗਠਨਾਂ ਨੇ ਡੀ.ਸੀ. ਨੂੰ ਮੰਗ ਪੱਤਰ ਸੌਂਪ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ ਲੱਗੇ ਬੁੱਤਾਂ ਨੂੰ ਤੋੜਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ 8 ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਸਿੱਖ ਸੰਗਠਨਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਕਈ ਸਿੱਖ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ਵਿਚ ਲਗਾਏ ਗਏ ਗਿੱਧੇ-ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਸੀ ਪਰ ਸਰਕਾਰ ਅਤੇ ਪ੍ਰਸ਼ਾਸਨ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਹੁਣ ਜਦੋਂ ਸਿੱਖ ਨੌਜਵਾਨਾਂ ਨੇ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ 'ਤੇ ਹੀ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸਿੱਖ ਸੰਗਠਨਾਂ ਦਾ ਕਹਿਣਾ ਹੈ ਕਿ ਜੇਕਰ ਸਿੱਖ ਨੌਜਵਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਤਾਂ ਇਹ ਸੰਘਰਸ਼ ਤੇਜ਼ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ ਲੱਗੇ ਬੁੱਤਾਂ ਨੂੰ ਨਹੀਂ ਹਟਾਇਆ ਜਾਂਦਾ, ਉਦੋਂ ਤੱਕ ਜਥੇਬੰਦੀਆਂ ਚੁੱਪ ਨਹੀਂ ਬੈਠਣਗੀਆਂ। ਉਨ੍ਹਾਂ ਸਰਕਾਰ ਤੋਂ ਇਨ੍ਹਾਂ ਬੁੱਤਾਂ ਨੂੰ ਜਲਦੀ ਤੋਂ ਜਲਦੀ ਹਟਾਉਣ ਦੀ ਮੰਗ ਕੀਤੀ ਹੈ।

cherry

This news is Content Editor cherry