ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਨੇ ਕੈਪਟਨ, ਸਿੰਗਲਾ ਤੇ ਮਨਪ੍ਰੀਤ ਬਾਦਲ ਦਾ ਫੂਕਿਆ ਪੁਤਲਾ

10/08/2019 4:45:28 PM

ਸੰਗਰੂਰ (ਬੇਦੀ) : ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਨੇ ਲਾਲ ਬੱਤੀ ਚੌਂਕ, ਸੰਗਰੂਰ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਸਿਆਸਤ ਦੇ ਰਾਵਣ, ਮੇਘਨਾਥ, ਕੁੰਭਕਰਨ ਕਰਾਰ ਦਿੰਦਿਆਂ ਪੁਤਲੇ ਫੂਕ ਕੇ ਰੋਸ-ਪ੍ਰਦਰਸ਼ਨ ਕੀਤਾ। ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਵੱਲੋਂ 8 ਸਤੰਬਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ 'ਤੇ ਆਪਣਾ ਪੱਕਾ ਮੋਰਚਾ ਲਾਇਆ ਹੋਇਆ ਹੈ।

ਦੁਸਹਿਰੇ ਮੌਕੇ ਸਰਕਾਰ ਵਿਰੁੱਧ ਆਪਣੇ ਗੁੱਸੇ ਦੀ ਭੜਾਸ ਕੱਢਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੱਕੇ ਮੋਰਚੇ ਨੂੰ ਪੂਰਾ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਸਾਡੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਨੇ ਕੋਈ ਹੱਲ ਨਹੀਂ ਕੀਤਾ, ਸਗੋਂ ਜ਼ਿਮਨੀ ਚੋਣ ਹਲਕਿਆਂ 'ਚ ਕਾਂਗਰਸੀ ਆਗੂਆਂ ਵੱਲੋਂ ਮੁੜ ਲਾਰੇ ਲਾਉਂਦਿਆਂ ਲੋਕਾਂ ਨੂੰ ਭਰਮਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਦਾ “ਰੁਜ਼ਗਾਰ ਨਹੀਂ-ਵੋਟ ਨਹੀਂ“ ਮੁਹਿੰਮ ਚਲਾਕੇ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ।

ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ ਪੰਜਾਬ ਵਿਚ ਅਧਿਆਪਕਾਂ ਦੀਆਂ ਕਰੀਬ 30 ਹਜ਼ਾਰ ਅਸਾਮੀਆਂ ਖਾਲੀ ਹਨ, ਜਿਨ੍ਹਾਂ ਦੀ ਭਰਤੀ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਇਨਕਲਾਬੀ ਲੋਕ ਮੋਰਚਾ ਦੇ ਸਵਰਨਜੀਤ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਮਨਧੀਰ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੁਖਜਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

cherry

This news is Content Editor cherry