ਖਰੜ ''ਚ ਸੂਬੇ ਭਰ ਦੇ ਸਫਾਈ ਸੇਵਕਾਂ ਨੇ ਸਰਕਾਰ ਖਿਲਾਫ ਕੀਤੀ ਰੋਸ ਰੈਲੀ

Wednesday, Jun 24, 2026 - 06:05 PM (IST)

ਖਰੜ ''ਚ ਸੂਬੇ ਭਰ ਦੇ ਸਫਾਈ ਸੇਵਕਾਂ ਨੇ ਸਰਕਾਰ ਖਿਲਾਫ ਕੀਤੀ ਰੋਸ ਰੈਲੀ

ਖਰੜ (ਅਮਰਦੀਪ ਸਿੰਘ ਸੈਣੀ) : ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਅੱਜ ਨਗਰ ਕੌਂਸਲ ਖਰੜ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਗਈ। ਇਸ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਹਜ਼ਾਰਾਂ ਸਫਾਈ ਸੇਵਕਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਸ਼ੋਕ ਸਾਰਵਾਨ ਨੇ ਕਿਹਾ ਕਿ ਸਰਕਾਰ ਵੱਲੋਂ ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਗੱਲ ਕਰਨ ਵਾਲੀ ਸਰਕਾਰ ਅੱਜ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਬੇਪਰਵਾਹ ਬਣੀ ਹੋਈ ਹੈ।

ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਹਰ ਰੋਜ਼ ਸਵੇਰੇ ਤੋਂ ਲੋਕਾਂ ਦੀ ਸਫਾਈ ਅਤੇ ਸਿਹਤਮੰਦ ਵਾਤਾਵਰਣ ਲਈ ਕੰਮ ਕਰਦੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਬਣਦੇ ਹੱਕ ਅਤੇ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਮੰਗ ਕੀਤੀ ਕਿ ਠੇਕੇ ’ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਠੇਕਾ ਪ੍ਰਣਾਲੀ ਨੂੰ ਖਤਮ ਕੀਤਾ ਜਾਵੇ। ਅਸ਼ੋਕ ਸਾਰਵਾਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ 2 ਜੁਲਾਈ ਨੂੰ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਤੈਅ ਕਰਵਾਈ ਗਈ ਹੈ। ਜੇਕਰ ਉਸ ਮੀਟਿੰਗ ਵਿਚ ਵੀ ਸਫਾਈ ਸੇਵਕਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਿਆ ਤਾਂ 8 ਜੁਲਾਈ ਤੋਂ ਪੰਜਾਬ ਭਰ ਦੇ ਸਫਾਈ ਸੇਵਕ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਰੈਲੀ ਦੌਰਾਨ ਯੂਨੀਅਨ ਦੇ ਜਨਰਲ ਸਕੱਤਰ ਰਮੇਸ਼ ਗੈਚਡ, ਖਰੜ ਪ੍ਰਧਾਨ ਅਮਿਤ ਕੁਮਾਰ ਮੰਨੂੰ, ਚੇਅਰਮੈਨ ਪ੍ਰਦੀਪ ਸ਼ਰਮਾ, ਮੁੱਖ ਸਲਾਹਕਾਰ ਕੁਲਦੀਪ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਸਫਾਈ ਕਰਮਚਾਰੀ ਮੌਜੂਦ ਸਨ।


author

Gurminder Singh

Content Editor

Related News