ਸੰਤ ਲੌਂਗੋਵਾਲ ਨੇ ਪੰਜਾਬ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ  :  ਧਰਮਸੋਤ

08/21/2018 12:01:52 PM

ਲੌਂਗੋਵਾਲ/ਸੰਗਰੂਰ/ਚੰਡੀਗੜ੍ਹ (ਸਿੰਧਵਾਨੀ, ਯਾਦਵਿੰਦਰ, ਵਿਜੇ, ਵਸ਼ਿਸ਼ਟ, ਕਮਲ) : 'ਸੂਬੇ 'ਚ ਸ਼ਾਂਤੀ ਅਤੇ ਆਪਸੀ ਸਦਭਾਵਨਾ ਲਈ ਸੰਤ ਹਰਚੰਦ ਸਿੰਘ ਲੌਂਗੋਵਾਲ ਵੱਲੋਂ ਪਾਏ ਮਹੱਤਵਪੂਰਨ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।' ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ  ਸਿੰਘ ਧਰਮਸੋਤ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 33ਵੀਂ ਬਰਸੀ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਖੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਜੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਗੱਲਬਾਤ ਕਰਦਿਆਂ ਕੀਤਾ।

ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਸੂਬਾ ਪੱਧਰੀ ਸਮਾਗਮ ਵਜੋਂ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਦਿਹਾਂਤ ਹੋ ਜਾਣ ਕਾਰਨ 7 ਦਿਨਾਂ ਦੇ ਰਾਸ਼ਟਰੀ ਸੋਗ ਕਾਰਨ ਰਾਜ ਪੱਧਰੀ ਸਮਾਗਮ ਨਹੀਂ ਕਰਵਾਇਆ ਗਿਆ ਪਰ ਸ਼ਾਂਤੀ ਦੇ ਮਸੀਹਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਅਹਿਮ ਦੇਣ ਨੂੰ ਦਿਲੋਂ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸੰਤ ਲੌਂਗੋਵਾਲ ਨੇ ਪੰਜਾਬ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਅਤੇ ਜਦੋਂ ਪੰਜਾਬ ਖੂਨ ਦੀ ਲੜਾਈ ਲੜ ਰਿਹਾ ਸੀ, ਉਸ ਸਮੇਂ ਪੰਜਾਬ ਅਤੇ ਪੰਜਾਬੀਆਂ ਦੀ ਰਾਖੀ ਲਈ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਰਾਜੀਵ-ਲੌਂਗੋਵਾਲ ਸਮਝੌਤਾ ਕਰ ਕੇ ਪੰਜਾਬ ਤੇ ਪੰਜਾਬੀਅਤ ਲਈ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਤੇ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ ਨੂੰ ਸ਼ਹੀਦ ਕਰ ਦਿੱਤਾ।

ਧਰਮਸੋਤ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਦੇਸ਼ ਦੇ ਸੰਵਿਧਾਨ ਲਈ ਜਿਹੜੇ ਦੇਸ਼ ਭਗਤਾਂ ਤੇ ਸ਼ਖ਼ਸੀਅਤਾਂ ਨੇ ਆਪਣੀ ਕੁਰਬਾਨੀ ਦੇ ਦਿੱਤੀ, ਉਨ੍ਹਾਂ ਨੂੰ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾਣਾ ਚਾਹੀਦਾ।ਇਸ ਮੌਕੇ ਹਰਮਨ ਬਾਜਵਾ, ਘਨਸ਼ਿਆਮ ਕਾਂਸਲ, ਐੱਸ. ਐੱਸ. ਪੀ. ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐੱਸ. ਡੀ. ਐੱਮ. ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ, ਕਾਰਜਕਾਰੀ ਮੈਜਿਸਟਰੇਟ ਪਵਿੱਤਰ ਸਿੰਘ ਸਮੇਤ ਹੋਰ ਅਧਿਕਾਰੀ, ਆਗੂ ਤੇ ਵਰਕਰ ਵੀ ਹਾਜ਼ਰ ਸਨ।