ਪਿੰਡ ਚੁਗਾਵਾਂ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ ''ਚ ਮਹਿਮਾਨ ਵਜੋਂ ਸ਼ਾਮਿਲ ਹੋਵੇਗੀ
Wednesday, Jan 22, 2025 - 05:41 PM (IST)
ਮੋਗਾ (ਕਸ਼ਿਸ਼ ਸਿੰਗਲਾ) : ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਚੇਅਰਪਰਸਨ Dਤੇ ਪਿੰਡ ਚੁਗਾਵਾਂ ਦੇ ਸਰਪੰਚ ਨਰਿੰਦਰ ਕੌਰ ਵੱਲੋਂ ਆਪਣੇ ਪਿੰਡ ਲਈ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਉਨ੍ਹਾਂ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਰਾਜਧਾਨੀ ਦਿੱਲੀ ਵਿਖੇ ਹੋ ਰਹੇ ਰਾਸ਼ਟਰੀ ਸਮਾਰੋਹ ਵਿਚ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਚੁਣਿਆ ਗਿਆ ਹੈ। ਇਹ ਜਾਣਕਾਰੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀਆਦਰਸ਼ ਨਿਰਮਲ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਨਰਿੰਦਰ ਕੌਰ ਦੀ ਅਗਵਾਈ ਵਿਚ ਕਮੇਟੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਪਿੰਡ ਚੁਗਾਵਾਂ 'ਚ ਜਲ ਸਪਲਾਈ ਸਕੀਮ ਨੂੰ ਬੜੇ ਹੀ ਵਧੀਆ ਢੰਗ ਨਾਲ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ ਘਰਾਂ ਦੀ ਗਿਣਤੀ ਲਗਭਗ 497 ਹੈ ਤੇ 2700 ਦੇ ਕਰੀਬ ਆਬਾਦੀ ਹੈ ਅਤੇ ਪਿੰਡ ਵਿਚ 3 ਆਂਗਣਵਾੜੀ ਸੈਂਟਰ ਅਤੇ 2 ਸਰਕਾਰੀ ਸਕੂਲ ਵੀ ਹਨ।
ਉਨ੍ਹਾਂ ਕਿਹਾ ਕਿ ਨਰਿੰਦਰ ਕੌਰ ਗ੍ਰਾਮ ਪੰਚਾਇਤ ਵਾਟਰ ਸਪਲਾਈ ਦੇ ਚੇਅਰਪਰਸਨ ਤੇ ਪਿੰਡ ਦੀ ਸਰਪੰਚ ਹੋਣ ਕਰਕੇ ਉਨ੍ਹਾਂ ਵਲੋਂ ਅਣਥੱਕ ਯਤਨ ਕੀਤੇ ਜਾਂਦੇ ਹਨ ਤਾਂ ਕਿ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਪੇਸ਼ ਆਵੇ। ਪਿੰਡ ਦੇ ਵਾਟਰ ਵਰਕਸ ਨੂੰ ਸੁੰਦਰ ਦਿੱਖ ਦੇਣ ਲਈ ਉਨ੍ਹਾਂ ਵੱਲੋਂ ਵਾਟਰ ਵਰਕਸ ਉਪਰ ਸੁੰਦਰ ਪਾਰਕ ਬਣਾਇਆ ਗਿਆ ਹੈ। ਇਸ ਪਾਰਕ ਵਿਚ ਸਮੁੱਚੇ ਪਿੰਡ ਦੇ ਲੋਕ ਸੈਰ ਕਰਨ ਲਈ ਆਉਂਦੇ ਹਨ ਅਤੇ ਉਨ੍ਹਾਂ ਵਲੋਂ ਪਿੰਡ ਦੇ ਸਾਰੇ ਘਰਾਂ ਅੱਗੇ ਘਰ ਦੇ ਮੁਖੀ ਦੇ ਨਾਮ ਦੀ ਨੇਮ ਪਲੇਟ ਵੀ ਲਗਾਈ ਗਈ ਹੈ, ਜਿਸ ਉਪਰ ਮੁਖੀ ਦੇ ਨਾਮ ਦੇ ਨਾਲ ਵਾਟਰ ਸਪਲਾਈ ਦੇ ਕੁਨੈਕਸ਼ਨ ਦਾ ਨੰਬਰ ਵੀ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮੇਟੀ ਦੀ ਮਹੀਨਾਵਾਰ ਮੀਟਿੰਗ ਵੀ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਨਰਿੰਦਰ ਕੌਰ ਦੀ ਇਸ ਚੋਣ ਉੱਤੇ ਖੁਸ਼ੀ ਜ਼ਾਹਿਰ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੀ ਵਿਅਕਤੀਗਤ ਤੌਰ ਉੱਤੇ ਜਾਂ ਕਿਸੇ ਸਮੂਹ ਦੇ ਰੂਪ ਵਿਚ ਆਪਣਾ ਅਤੇ ਲੋਕਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਅੱਗੇ ਆਉਣ। ਉਨ੍ਹਾਂ ਦੇ ਇਸ ਯੋਗਦਾਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਦਾ ਮਾਣ ਸਨਮਾਨ ਦਿੱਤਾ ਅਤੇ ਦਿਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਭਵਿੱਖ ਵਿਚ ਵੀ ਵਧੀਆ ਕੰਮ ਕਰਨ ਵਾਲੇ ਵਿਅਕਤੀਆਂ, ਸਮੂਹਾਂ ਜਾਂ ਸੰਸਥਾਵਾਂ ਨੂੰ ਉਨ੍ਹਾਂ ਦੀ ਵਿਸ਼ੇਸ਼ ਪ੍ਰਾਪਤੀ ਲਈ ਰਾਜ ਅਤੇ ਰਾਸ਼ਟਰੀ ਪੱਧਰ ਉੱਤੇ ਸਨਮਾਨਿਤ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਨਰਿੰਦਰ ਕੌਰ ਦੇ ਸਮਰਪਣ ਅਤੇ ਅਗਵਾਈ ਨੇ ਚੁਗਵਾਂ ਪਿੰਡ ਦੇ ਵਸਨੀਕਾਂ ਦੇ ਜੀਵਨ 'ਤੇ ਮਹੱਤਵਪੂਰਨ ਪ੍ਰਭਾਵ ਪਾਇਆ ਹੈ। ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਅਤੇ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਯਤਨ ਸੱਚਮੁੱਚ ਸ਼ਲਾਘਾਯੋਗ ਹਨ। ਸਾਨੂੰ ਮਾਣ ਹੈ ਕਿ ਉਹ ਦਿੱਲੀ ਵਿਚ ਗਣਤੰਤਰ ਦਿਵਸ ਸਮਾਰੋਹ ਵਿਚ ਮੋਗਾ ਜ਼ਿਲ੍ਹੇ ਦੀ ਨੁਮਾਇੰਦਗੀ ਕਰ ਰਹੀ ਹੈ। ਉਨ੍ਹਾਂ ਸਰਪੰਚ ਨਰਿੰਦਰ ਕੌਰ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਅਤੇ ਸੁਨਿਹਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਚੇਅਰਪਰਸਨ ਤੇ ਸਰਪੰਚ ਨਰਿੰਦਰ ਕੌਰ ਨੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਧੰਨਵਾਦੀ ਹੈ ਕਿ ਉਸਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਣ ਲਈ ਚੁਣਿਆ ਗਿਆ ਹੈ।