ਸਕੂਲ ਪ੍ਰਿੰਸੀਪਲ, ਅਧਿਆਪਕ ਤੇ ਵਿਦਿਆਰਥੀਆਂ ਦੇ ਮਾਪੇ ਟੀਕਾਕਰਨ ਮੁਹਿੰਮ ’ਚ ਉਤਸ਼ਾਹ ਨਾਲ ਲੈਣ ਹਿੱਸਾ : DC ਸੰਗਰੂਰ

03/21/2022 9:29:52 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਡਿਪਟੀ ਕਮਿਸ਼ਨਰ ਰਾਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੋਵਿਡ ਟੀਕਾਕਰਨ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਕੋਵਿਡ ਮਹਾਮਾਰੀ ਪ੍ਰਤੀ ਲਾਪਰਵਾਹੀ ਵਾਲਾ ਵਤੀਰਾ ਅਪਣਾਉਣ ਦੀ ਥਾਂ ’ਤੇ ਕੋਵਿਡ ਟੀਕਾਕਰਨ ਕਰਵਾ ਕੇ ਆਪਣੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ ਹਿੱਤਾਂ ਨੂੰ ਪ੍ਰਮੁੱਖਤਾ ਦਿੰਦਿਆਂ ਅਤੇ ਸਕੂਲਾਂ, ਕਾਲਜਾਂ ਸਮੇਤ ਹੋਰ ਵਿੱਦਿਅਕ ਅਦਾਰਿਆਂ ’ਚ ਪੜ੍ਹ ਰਹੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਹਰੇਕ ਵਿੱਦਿਅਕ ਅਦਾਰੇ ਦੇ ਪ੍ਰਿੰਸੀਪਲ, ਅਧਿਆਪਕ ਅਤੇ ਖਾਸ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤਵੱਜੋਂ ਦੇ ਕੇ ਆਪਣੇ ਬੱਚਿਆਂ ਦਾ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਦੇ ਆਧਾਰ ’ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਟੀਕਾਕਰਨ ਦੀ ਪ੍ਰਗਤੀ ਬਾਰੇ ਜਾਇਜ਼ਾ ਲਿਆ ਜਾਵੇ ਤਾਂ ਜੋ ਕੋਈ ਵੀ ਯੋਗ ਨਾਗਰਿਕ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ, ਜਿਨ੍ਹਾਂ ਦੀ ਉਮਰ 14 ਸਾਲ ਤੋਂ ਵੱਧ ਹੈ, ਉਨ੍ਹਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕੀਤਾ ਜਾਵੇ ਅਤੇ ਜਿਹੜੇ ਸਕੂਲੀ ਵਿਦਿਆਰਥੀਆਂ ਦੇ ਟੀਕਾਕਰਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੋਵੇ ਅਤੇ ਉਨ੍ਹਾਂ ਦੀ ਨਿਯਮਾਂ ਮੁਤਾਬਕ ਦੂਜੀ ਡੋਜ਼ ਬਕਾਇਆ ਹੋਵੇ ਤਾਂ ਅਜਿਹੇ ਵਿਦਿਆਰਥੀਆਂ ਨੂੰ ਵੀ ਟੀਕਾਕਰਨ ਦੀ ਦੂਜੀ ਡੋਜ਼ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਲਤੀਫ਼ ਅਹਿਮਦ, ਐੱਸ. ਡੀ. ਐੱਮ. ਸੁਨਾਮ ਜਸਪ੍ਰੀਤ ਸਿੰਘ, ਐੱਸ. ਡੀ. ਐੱਮ. ਧੂਰੀ ਇਸਮਤ ਵਿਜੇ ਸਿੰਘ, ਐੱਸ. ਡੀ. ਐੱਮ. ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਗਗਨਦੀਪ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਤੋਂ ਇਲਾਵਾ ਸਿਹਤ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
 


Manoj

Content Editor

Related News