ਸੀਵਰੇਜ ਦੇ ਗੰਦੇ ਪਾਣੀ ਤੋਂ ਪਰੇਸ਼ਾਨ ਲੋਕਾਂ ਨੇ ਕੀਤੀ ਨਾਅਰੇਬਾਜ਼ੀ

08/08/2019 3:48:59 PM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸੀਵਰੇਜ ਦੀ ਸਮੱਸਿਆ ਤੋਂ ਪਰੇਸ਼ਾਨ ਮੁਹੱਲਾ ਰਵਿਦਾਸ ਨਗਰ ਦੇ ਲੋਕਾਂ ਵਲੋਂ ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਆਪਣੀ ਭੜਾਸ ਕੱਢੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੇ ਕਿਹਾ ਕਿ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਉਨ੍ਹਾਂ ਦਾ ਹਾਲ ਬੇਹਾਲ ਹੋ ਗਿਆ ਹੈ। ਮੁਹੱਲੇ ਦੇ 50 ਦੇ ਕਰੀਬ ਘਰਾਂ 'ਚ ਰਹਿ ਰਹੇ ਲੋਕ ਖੁਜਲੀ ਵਰਗੀ ਬੀਮਾਰੀ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਦੇ ਇਸ ਗੰਦੇ ਪਾਣੀ ਦਾ ਨਿਪਟਾਰਾ ਕਰਨ ਲਈ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਇਕ ਹਫਤੇ ਦਾ ਸਮਾਂ ਦਿੱਤਾ ਸੀ, ਜਿਸ ਦੇ ਬਾਵਜੂਦ ਉਨ੍ਹਾਂ ਨੇ ਇਸ ਸਮੱਸਿਆ ਨੂੰ ਹੱਲ ਨਹੀਂ ਕੀਤਾ। ਸੀਵਰੇਜ ਦਾ ਪਾਣੀ ਇਕੱਠਾ ਹੋ ਕੇ ਉਨ੍ਹਾਂ ਦੇ ਘਰਾਂ ਦੇ ਬਾਹਰ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਉਹ ਸਾਬਕਾ ਵਿਧਾਇਕ ਅਤੇ ਕੌਂਸਲਰਾਂ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਇਸ ਸਮੱਸਿਆ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਨ ਦੀ ਅਪੀਲ ਕੀਤੀ ਹੈ।


Related News