ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

Wednesday, Apr 30, 2025 - 09:12 PM (IST)

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਜੈਤੋ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ ਅਤੇ ਦਰਾ ਖੈਬਰ ਤੱਕ ਜਿੱਤਾਂ ਪ੍ਰਾਪਤ ਕੀਤੀਆਂ । ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਲਈ ਵਿਸ਼ੇਸ਼ ਯੋਗਦਾਨ ਸੀ। ਉਨ੍ਹਾਂ ਸਿੱਖ ਜਰਨੈਲ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਢਾਡੀ, ਕਵੀਸ਼ਰ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਇੰਚਾਰਜ ਸ. ਪ੍ਰਜਿੰਦਰ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਜਸਪਾਲ ਸਿੰਘ ਢੱਡੇ, ਸ. ਗੁਰਤਿੰਦਰਪਾਲ ਸਿੰਘ, ਸ. ਅਜੈ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਆਦਿ ਮੌਜੂਦ ਸਨ।


author

DILSHER

Content Editor

Related News