ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਹਰ ਅੱਖ ਹੋਈ ਨਮ (ਤਸਵੀਰਾਂ)

05/10/2021 4:08:29 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਨੇੜੇ ਸਿਯੋਮ ਨਦੀ ’ਚ ਡਿੱਗਣ ਕਾਰਨ ਭਾਰਤੀ ਫ਼ੌਜ ਦੀ 31 ਫੀਲਡ ਯੂਨਿਟ ਰੈਜੀਮੈਂਟ ਦੇ ਜਾਂਬਾਜ਼ ਹੌਲਦਾਰ ਅੰਮ੍ਰਿਤਪਾਲ ਸਿੰਘ ਸ਼ਹੀਦ ਹੋ ਗਏ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਦੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਪਹੁੰਚਣ ’ਤੇ ਮਾਹੌਲ ਬਹੁਤ ਗ਼ਮਗੀਨ ਹੋ ਗਿਆ।

PunjabKesari
ਸ਼ਹੀਦ ਹੌਲਦਾਰ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰਹੁ-ਰੀਤਾਂ ਮੁਤਾਬਕ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪਿੰਡ ਖੇੜੀ ਦੇ ਸ਼ਮਸ਼ਾਨਘਾਟ ਵਿਖੇ ਮਾਹੌਲ ਉਸ ਵੇਲੇ ਗ਼ਮਗੀਨ ਹੋ ਗਿਆ, ਜਦੋਂ ਭਾਰਤੀ ਫ਼ੌਜ ਦੇ ਇਸ ਸ਼ਹੀਦ ਦੀ ਚਿਖਾ ਨੂੰ ਉਨ੍ਹਾਂ ਦੇ 11 ਸਾਲਾ ਪੁੱਤਰ ਗੁਰਸੇਵਕ ਸਿੰਘ ਵੱਲੋਂ ਅਗਨੀ ਦਿਖਾਈ ਗਈ। ਇਸ ਦੌਰਾਨ ਹਰ ਅੱਖ ਨਮ ਸੀ ਅਤੇ ਦੇਸ਼ ਦੇ ਇਸ ਯੋਧੇ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ’ਚ ਲੋਕ ਪੁੱਜੇ ਹੋਏ ਸਨ।

PunjabKesari
ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਭਾਰਤੀ ਫ਼ੌਜ ਦੇ ਜਵਾਨਾਂ ਨੇ ਹਥਿਆਰ ਉਲਟੇ ਕਰ ਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰ ਕੇ ਸ਼ਹੀਦ ਨੂੰ ਸਲਾਮੀ ਦਿੱਤੀ। ਫ਼ੌਜੀ ਅਧਿਕਾਰੀਆਂ ਨੇ ਭਾਵੁਕਤਾ ਭਰੇ ਮਾਹੌਲ ’ਚ ਸ਼ਹੀਦ ਦੀ ਦੇਹ ਦੇ ਤਾਬੂਤ ਦੁਆਲੇ ਲਿਪਟਿਆ ਤਿਰੰਗਾ ਝੰਡਾ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਕੇ ਸਲਾਮੀ ਦਿੱਤੀ।

PunjabKesari
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ. ਡੀ. ਐੱਮ. ਸੰਗਰੂਰ ਸ਼੍ਰੀ ਯਸ਼ਪਾਲ ਸ਼ਰਮਾ ਅਤੇ ਡੀ. ਐੱਸ. ਪੀ. ਸਤਪਾਲ ਸ਼ਰਮਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਨੇ ਅਰਦਾਸ ਕੀਤੀ ਕਿ ਪ੍ਰਮਾਤਮਾ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

PunjabKesari
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਇਤਾਂ ਮੁਤਾਬਿਕ ਸ਼ਹੀਦ ਦੇ ਪਰਿਵਾਰ ਨੂੰ ਐਕਸਗ੍ਰੇਸ਼ੀਆ ਗ੍ਰਾਂਟ ਸਮੇਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਪਰਿਵਾਰਾਂ ਦੀ ਲੋੜੀਂਦੀ ਸਹਾਇਤਾ ਲਈ ਵਚਨਬੱਧ ਹੈ। ਇਸ ਮੌਕੇ ਜ਼ਿਲ੍ਹਾ ਰੱਖਿਆ ਭਲਾਈ ਸੇਵਾਵਾਂ ਦਫ਼ਤਰ ਤੋਂ ਸੁਪਰਡੈਂਟ ਸ. ਹਰਜੀਤ ਸਿੰਘ, ਅਸ਼ੋਕ ਕੁਮਾਰ ਸਮੇਤ ਹੋਰ ਸਮਾਜਿਕ, ਧਾਰਮਿਕ, ਰਾਜਸੀ ਆਗੂ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।


Manoj

Content Editor

Related News