ਕਰਜ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਕਿਸਾਨ
Thursday, Jan 17, 2019 - 04:53 PM (IST)

ਸ਼ੇਰਪੁਰ(ਅਨੀਸ਼)— ਪਿੰਡ ਈਨਾ ਬਾਜਵਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਕੁਲਦੀਪ ਸਿੰਘ (45) ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਸ਼ਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਕੋਲ 29 ਬਿੱਘੇ ਜ਼ਮੀਨ ਸੀ, ਜਿਹੜੀ ਹੁਣ ਘੱਟ ਕੇ 7 ਬਿੱਘੇ ਰਹਿ ਗਈ ਹੈ। ਉਸ ਨੇ ਦੱਸਿਆ ਕਿ ਮੇਰੇ ਭਰਾ ਦੇ ਸਿਰ ਬੈਂਕ ਅਤੇ ਆੜ੍ਹਤੀਏ ਦਾ ਕਾਫੀ ਕਰਜ਼ਾ ਸੀ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਨੇ ਕੱਲ ਸ਼ਾਮ ਨੂੰ 4 ਵਜੇ ਪੁਰਾਣੇ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਥਾਣਾ ਸ਼ੇਰਪੁਰ ਦੀ ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਇਕ ਲੜਕਾ ਛੱਡ ਗਿਆ ਹੈ।