ਪਾਕਿਸਤਾਨ ਖਿਲਾਫ ਸਖਤ ਕਦਮ ਚੁੱਕੇ ਭਾਰਤ ਸਰਕਾਰ : ਬੀਬੀ ਭੱਠਲ

02/16/2019 3:50:22 PM

ਸ਼ੇਰਪੁਰ(ਅਨੀਸ਼)— ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾ ਬੋਰਡ ਪੰਜਾਬ ਦੀ ਉਪ ਚੇਅਰਮੈਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਪੁਲਵਾਮਾ ਵਿਚ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਦੇ ਜਵਾਨਾਂ 'ਤੇ ਕੀਤੇ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਭੱਠਲ ਨੇ ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ, ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ ਉਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਭਾਰਤ ਸਰਕਾਰ ਪਾਕਿਸਤਾਨ ਖਿਲਾਫ ਸਖਤ ਕਦਮ ਚੁੱਕੇ। ਬੀਬੀ ਭੱਠਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਚੁੱਪ ਬੈਠਣ ਦੀ ਬਜਾਇ ਦੇਸ਼ ਦੇ ਦੁਸ਼ਮਣਾਂ ਨੂੰ ਮੂੰਹ-ਤੋੜ ਜਵਾਬ ਦੇਣਾ ਚਾਹੀਦਾ ਹੈ।

ਇਸ ਦੌਰਾਨ ਉਨ੍ਹਾਂ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜਨ ਸਬੰਧੀ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ। ਬੀਬੀ ਭੱਠਲ ਨੇ ਕਿਹਾ ਕਿ ਹਰ ਪਾਰਟੀ ਵਿਚ ਹਰੇਕ ਵਿਅਕਤੀ ਨੂੰ ਟਿਕਟ ਮੰਗਣ ਦਾ ਅਧਿਕਾਰ ਹੈ ਅਤੇ ਇਹ ਹਾਈਕਮਾਨ ਨੇ ਦੇਖਣਾ ਹੈ ਕਿ ਕਿਹੜਾ ਉਮੀਦਵਾਰ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਕਾਂਝਲਾ ਦੇ ਸਪੁੱਤਰ ਸਰਪੰਚ ਅਮਨਦੀਪ ਸਿੰਘ ਕਾਂਝਲਾ, ਗਗਨਦੀਪ ਸਿੰਘ ਕਾਂਝਲਾ, ਬੰਤ ਸਿੰਘ ਪੁੰਨਵਾਲ ਆਦਿ ਆਗੂ ਮੌਜੂਦ ਸਨ।

cherry

This news is Content Editor cherry