ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂ.ਸੀ.ਸੀ. ’ਤੇ ਵਿਚਾਰ ਲੈਣ ਲਈ ਸਬ ਕਮੇਟੀ ਗਠਿਤ
Friday, Jul 07, 2023 - 02:09 PM (IST)
ਚੰਡੀਗੜ੍ਹ (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨ ਤਜਵੀਜਸ਼ੁਦਾ ਸਾਂਝੇ ਸਿਵਲ ਕੋਡ (ਯੂ. ਸੀ. ਸੀ.) ’ਤੇ ਵਿਚਾਰ ਵਟਾਂਦਰੇ ਲਈ ਅਤੇ ਕੇਸ ਤਿਆਰ ਕਰਕੇ ਕਾਨੂੰਨ ਕਮਿਸ਼ਨ ਨੂੰ ਸੌਂਪਣ ਵਾਸਤੇ ਸਬ ਕਮੇਟੀ ਦਾ ਗਠਨ ਕੀਤਾ। ਇਹ ਵੀ ਫ਼ੈਸਲਾ ਲਿਆ ਗਿਆ ਕਿ ਰਾਜ ਦੇ ਹਰ ਲੋਕਸਭਾ ਖੇਤਰ ਲਈ ਇਕ ਹਲਕਾ ਇੰਚਾਰਜ ਨਿਯੁਕਤ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਪਾਰਟੀ ਦੇ ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਵਿਚ ਇਸ ਸਬੰਧੀ ਫ਼ੈਸਲਾ ਲਿਆ ਗਿਆ। ਇਸ ਚਾਰ ਮੈਂਬਰੀ ਸਬ ਕਮੇਟੀ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਨੂੰ ਸੰਵਿਧਾਨਕ ਮਾਹਿਰਾਂ, ਬੁੱਧੀਜੀਵੀਆਂ ਅਤੇ ਸਿੱਖ ਕੌਮ ਦੇ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਮੀਟਿੰਗ ਵਿਚ ਸਿੱਖ ਗੁਰਦੁਆਰਾ (ਸੋਧ) ਬਿਲ 2023 ਨੂੰ ਵੀ ਰੱਦ ਕਰ ਦਿੱਤਾ ਗਿਆ ’ਤੇ ਜ਼ੋਰ ਦੇ ਕੇ ਕਿਹਾ ਗਿਆ ਕਿ ਇਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜੀ ਹੈ। ਇਸ ਨੇ ਬਿਲ ਵਿਚ ਕੀਤੀ ਗਈ ਸੋਧ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਕ ਕਰਾਰ ਦਿੱਤਾ ਅਤੇ ਸਰਕਾਰ ਨੂੰ ਅਜਿਹੀ ਦਖ਼ਲਅੰਦਾਜੀ ਨਾਲ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਤੋਂ ਗੁਰੇਜ ਕਰਨ ਦੀ ਚਿਤਾਵਨੀ ਵੀ ਦਿੱਤੀ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕ ਸੰਪਰਕ ਮੁਹਿੰਮ ਪ੍ਰੋਗਰਾਮ ਦਾ ਖ਼ੁਲਾਸਾ ਕੀਤਾ, ਜਿਸ ਤਹਿਤ ਸਾਰੇ ਹਲਕਾ ਇੰਚਾਰਜ ਆਪੋ ਆਪਣੇ ਹਲਕਿਆਂ ਵਿਚ ਸਾਰੇ ਪਿੰਡਾਂ ਵਿਚ ਜਾਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 'ਆਪ' ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਲੋਕਾਂ ਤੱਕ ਪਹੁੰਚ ਕਰੀਏ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਹੱਕਾਂ ਵਾਸਤੇ ਲੜਨ ਅਤੇ ਇਸ ਭ੍ਰਿਸ਼ਟ ਸਰਕਾਰ ਅਤੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਰੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕਰਨ ਲਈ ਸੰਘਰਸ਼ ਕਰਨ ਦਾ ਭਰੋਸਾ ਦੁਆਇਆ।
ਇਹ ਵੀ ਪੜ੍ਹੋ- ਕਪੂਰਥਲਾ-ਜਲੰਧਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਆਟੋ ਚਾਲਕ ਦੀ ਮੌਤ, ਲਾਸ਼ ਵੇਖ ਧਾਹਾਂ ਮਾਰ ਰੋਈ ਪਤਨੀ
ਇਸ ਦੌਰਾਨ ਇਹ ਵੀ ਫ਼ੈਸਲਾ ਲਿਆ ਗਿਆ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸੂਬੇ ਭਰ ਦਾ ਦੌਰਾ ਕਰ ਕੇ ਯੂਥ ਵਿੰਗ ਨੂੰ ਸੰਗਠਤ ਕਰਨਗੇ ਅਤੇ ਨੌਜਵਾਨਾਂ ਤੋਂ ਫੀਡਬੈਕ ਲੈਣਗੇ। ਇਹ ਵੀ ਫ਼ੈਸਲਾ ਲਿਆ ਗਿਆ ਕਿ ਸੂਬੇ ਵਿਚ ਹਰੇਕ ਲੋਕ ਸਭਾ ਹਲਕੇ ਲਈ ਇੰਚਾਰਜ ਨਿਯੁਕਤ ਕੀਤਾ ਜਾਵੇਗਾ। ਇਸ ਦੌਰਾਨ ਮੀਟਿੰਗ ਨੇ ਇਕ ਮਤਾ ਪਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਵਿਚ ਗੁਰਸਿੱਖਾਂ ਦੀ ਦਾਹੜੀ ਦਾ ਮਖੌਲ ਉਡਾਉਣ ਤੇ ਇਸਦਾ ਅਪਮਾਨ ਕਰਨ ਦੀ ਨਿਖੇਧੀ ਕੀਤੀ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖਾਲਸਾ ਪੰਥ ਦੀ ਵਿਲੱਖਣ ਪਛਾਣ ’ਤੇ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਹਮਲਾ ਹੈ। ਮਤੇ ਵਿਚ ਇਸ ਗੱਲ ਦਾ ਵੀ ਨੋਟਿਸ ਲਿਆ ਗਿਆ ਕਿ ਵਿਧਾਨ ਸਭਾ ਵਿਚ ਪੰਜਾਬ ਦੇ ਸਤਿਕਾਰਯੋਗ ਭਗਤਾਂ ਦਾ ਵੀ ਅਪਮਾਨ ਕੀਤਾ ਗਿਆ ਤੇ ਕੀਰਤਨੀ ਸਿੰਘਾਂ ਦਾ ਵੀ ਅਪਮਾਨ ਕੀਤਾ ਗਿਆ। ਮਤੇ ਵਿਚ ਇਹ ਵੀ ਮੰਗ ਕੀਤੀ ਗਈ ਕਿ ਮੁੱਖ ਮੰਤਰੀ ਸਿੱਖਾਂ ਦੇ ਕੱਕਾਰਾਂ ਦਾ ਅਪਮਾਨ ਕਰਨ ਵਾਸਤੇ ਮੁਆਫ਼ੀ ਮੰਗਣ ਅਤੇ ਇਹ ਸਾਰੀਆਂ ਅਪਮਾਨਜਨਕ ਟਿੱਪਣੀਆਂ ਰਿਕਾਰਡ ਵਿਚੋਂ ਕੱਢੀਆਂ ਜਾਣ।
ਇਹ ਵੀ ਪੜ੍ਹੋ- ਪਟਿਆਲਾ: ਗੇਮ ਖੇਡਦਿਆਂ-ਖੇਡਦਿਆਂ ਘਰ 'ਚ ਪੈ ਗਏ ਵੈਣ, 11 ਸਾਲਾ ਬੱਚੇ ਦੀ ਹੋਈ ਸ਼ੱਕੀ ਹਾਲਾਤ 'ਚ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711