ਭਾਜਪਾ ਨਾਲੋਂ ਨਾਤਾ ਤੋੜਨ ਤੋਂ ਬਾਅਦ ਪਛਤਾ ਰਿਹੈ ਸ਼੍ਰੋਮਣੀ ਅਕਾਲੀ ਦਲ : ਕੈਲਾਸ਼ ਚੌਧਰੀ

01/28/2022 7:01:29 PM

ਫਿਰੋਜ਼ਪੁਰ (ਕੁਮਾਰ)-ਭਾਜਪਾ ਨਾਲੋਂ ਨਾਤਾ ਤੋੜਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪਛਤਾ ਰਿਹਾ ਹੈ ਕਿਉਂਕਿ ਜਦੋਂ ਪੰਜਾਬ ’ਚ ਅਕਾਲੀ-ਭਾਜਪਾ ਦੀ ਸਰਕਾਰ ਆਈ ਸੀ ਤਾਂ ਇਸ ਦਾ ਸਭ ਤੋਂ ਵੱਡਾ ਕਾਰਨ ਭਾਜਪਾ ਦਾ ਸਾਥ ਸੀ। ਇਹ ਜਾਣਕਾਰੀ ਦਿੰਦਿਆਂ ਕੇਂਦਰੀ ਖੇਤੀਬਾੜੀ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੋਹਿਤ ਢੱਲ ਦੇ ਗ੍ਰਹਿ ਵਿਖੇ ‘ਜਗ ਬਾਣੀ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਤੋਂ ਬਿਨਾਂ ਸ਼੍ਰੋਮਣੀ ਅਕਾਲੀ ਦਲ ਜ਼ੀਰੋ ਹੋ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਭਾਜਪਾ ਸਪੱਸ਼ਟ ਬਹੁਮਤ ਨਾਲ ਪੰਜਾਬ ’ਚ ਆਪਣੀ ਸਰਕਾਰ ਬਣਾਏਗੀ ਅਤੇ ਸੱਤਾ ’ਚ ਆਉਂਦੇ ਹੀ ਭ੍ਰਿਸ਼ਟਾਚਾਰ, ਗੁੰਡਾਰਾਜ ਅਤੇ ਨਸ਼ਿਆਂ ਆਦਿ ਨੂੰ ਖ਼ਤਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਭਾਜਪਾ ਦੇ ਸਮੂਹ ਅਹੁਦੇਦਾਰ ਮੰਡਲ ਪੱਧਰ ’ਤੇ ਘਰ-ਘਰ ਜਾ ਕੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਇਤਿਹਾਸਕ ਵਿਕਾਸ ਕਾਰਜਾਂ ਤੋਂ ਜਾਣੂ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਸਾਧਨ ਪੈਦਾ ਕੀਤੇ ਜਾਣਗੇ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕ ਕੇ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਲਿਜਾਇਆ ਜਾਵੇਗਾ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਕੋਰੋਨਾ ਨੂੰ ਲੈ ਕੇ ਰੈਲੀਆਂ ਕਰਨ ਦੀ ਇਜਾਜ਼ਤ ਦਿੰਦਾ ਹੈ ਤਾਂ ਭਾਜਪਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਫਿਰੋਜ਼ਪੁਰ ’ਚ ਵੀ ਵੱਡੀ ਰੈਲੀ ਕਰ ਸਕਦੀ ਹੈ। ਕੇਂਦਰੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਰਾਸ਼ਟਰਵਾਦੀ ਵਿਚਾਰਧਾਰਾ ’ਤੇ ਚੱਲ ਕੇ ਉਹ ਭਾਜਪਾ ਨੂੰ ਸਪੱਸ਼ਟ ਬਹੁਮਤ ਦੇ ਕੇ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਦੇ ਪਿੱਪਲ, ਮੋਹਿਤ ਢੱਲ ਜ਼ਿਲ੍ਹਾ ਮੀਤ ਪ੍ਰਧਾਨ, ਸਾਬਕਾ ਰਾਜ ਮੰਤਰੀ ਪੰਜਾਬ ਤੇ ਭਾਜਪਾ ਆਗੂ ਡੀ. ਪੀ. ਚੰਦਨ ਆਦਿ ਭਾਜਪਾ ਆਗੂ ਵੀ ਹਾਜ਼ਰ ਸਨ।


Manoj

Content Editor

Related News