ਸ਼੍ਰੋਮਣੀ ਕਮੇਟੀ ਨੇ ਪੰਜਾਬ ਦੀ ਵੰਡ ਸਮੇਂ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

08/16/2022 3:08:07 PM

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਗੁਰਦੁਆਰਾ ਸਾਹਿਬਾਨਾਂ ਵਾਂਗ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਅਰਦਾਸ ਸਮਾਗਮ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕੀਤੀ ਗਈ ਤੇ ਗੁਰੂਘਰ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਵੱਡੇ ਪੱਧਰ 'ਤੇ ਅਰਦਾਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਅਤੇ ਗੁਰਦੁਆਰਾ ਸ੍ਰੀ ਫ਼ਤਹਿਗਡ਼੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ  15 ਅਗਸਤ 1947 ਨੂੰ ਭਾਰਤ ਪਾਕਿਸਤਾਨ ਦੇ ਆਧਾਰ 'ਤੇ ਪੰਜਾਬ ਦੀ ਵੰਡ ਸਮੇਂ ਹੋਈ ਹਿੰਸਾ ਵਿੱਚ 20 ਲੱਖ ਦੇ ਕਰੀਬ ਮਾਸੂਮ ਬੱਚੇ-ਬੱਚੀਆਂ, ਬੀਬੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਆਪਣੀਆਂ ਜਾਨਾਂ ਗੁਆਈਆਂ ਸਨ।

ਉਨ੍ਹਾਂ ਕਿਹਾ ਕਿ ਅੱਜ ਜਾਨਾਂ ਗਵਾਉਣ ਵਾਲੇ ਬੱਚੇ-ਬੱਚੀਆਂ, ਬੀਬੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਸਮਾਗਮ ਕਰਵਾਏ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। 

Anuradha

This news is Content Editor Anuradha