ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Wednesday, Sep 23, 2026 - 08:40 PM (IST)

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਜੈਤੋ, (ਰਘੂਨੰਦਨ ਪਰਾਸ਼ਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੁੱਖ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਗਿਆਨੀ ਵਿਸ਼ਾਲ ਸਿੰਘ ਨੇ ਲਿਆ। 
ਇਸ ਮੌਕੇ ਗਿਆਨੀ ਵਿਸ਼ਾਲ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ। ਉਨ੍ਹਾਂ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੀਤ ਮੈਨੇਜਰ ਦਿਲਬਾਗ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।


author

Shubam Kumar

Content Editor

Related News