ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਕਮੇਟੀਆਂ ਨਾਲ ਕੀਤੀ ਮੀਟਿੰਗ

Monday, Feb 24, 2025 - 12:06 AM (IST)

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਕਮੇਟੀਆਂ ਨਾਲ ਕੀਤੀ ਮੀਟਿੰਗ

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨਵੰਬਰ ਮਹੀਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾ ਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਕੌਮੀ ਜਾਹੋ ਜਲਾਲ ਨਾਲ ਮਨਾਈ ਜਾ ਰਹੀ ਹੈ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਨੂੰ ਸਮਰਪਿਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। 

ਇਸੇ ਤਰ੍ਹਾਂ ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ, ਜਿਨ੍ਹਾਂ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੇ ਨਿਰਦੇਸ਼ਾਂ ਅਨੁਸਾਰ ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ ਦੀ ਅਗਵਾਈ ਵਿੱਚ ਇਕ ਟੀਮ ਸਿੰਘ ਸਭਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਤਾਲਮੇਲ ਲਈ ਭੇਜੀ ਗਈ ਹੈ। 

PunjabKesari

ਇਹ ਵੀ ਪੜ੍ਹੋ- ਫੇਲ੍ਹ ਹੋ ਗਿਆ IIT ਬਾਬਾ ! ਚੈਂਪੀਅਨਜ਼ ਟਰਾਫ਼ੀ 'ਚ ਭਾਰਤ 'ਤੇ ਪਾਕਿਸਤਾਨ ਦੀ ਜਿੱਤ ਦੀ ਕੀਤੀ ਸੀ ਭਵਿੱਖਬਾਣੀ

ਸ਼੍ਰੋਮਣੀ ਕਮੇਟੀ ਦੀ ਇਸ ਟੀਮ ਨੇ ਇਤਿਹਾਸਕ ਗੁਰਦੁਆਰਾ ਬੜਾ ਸਿੱਖ ਸੰਗਤ ਕਲਕੱਤਾ ਵਿਖੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਕਲਕੱਤਾ ਦੀਆਂ ਸਮੂਹ ਸਿੱਖ ਜਥੇਬੰਦੀਆਂ ਸਿੰਘ ਸਭਾਵਾਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਬੰਧਕ ਕਮੇਟੀ ਅਤੇ ਕਲਕੱਤਾ ਦੀਆਂ ਸੰਗਤਾਂ ਨੇ ਸ਼ਹਿਰ ਵਿਖੇ ਨਗਰ ਕੀਰਤਨ ਦਾ ਰੂਟ ਤੈਅ ਕਰਨ, ਨਿੱਘਾ ਸਵਾਗਤ ਕਰਨ ਅਤੇ ਰਾਤ ਦੇ ਵਿਸ਼ਰਾਮ ਕਰਨ ਦੀ ਜ਼ਿੰਮੇਵਾਰੀ ਲਈ।

ਇਸ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਲਛਮੀਪੁਰ (ਕੜਾਹ ਗੋਲਾ) ਬਿਹਾਰ, ਗੁਰਦੁਆਰਾ ਸਿੰਘ ਸਭਾ ਸਿਲੀਗੁੜੀ, ਸਿੱਖ ਪ੍ਰਤੀਨਿਧੀ ਬੋਰਡ ਈਸਟਰਨ ਜ਼ੋਨ, ਗੁਰਦੁਆਰਾ ਸਾਹਿਬ ਆਲਮਬਾਗ ਵਿਖੇ ਵੀ ਮੀਟਿੰਗਾਂ ਕੀਤੀਆਂ ਗਈਆਂ। ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਨ ਦਾ ਵਿਸ਼ਵਾਸ ਦਿਵਾਇਆ। ਇਨ੍ਹਾਂ ਮੀਟਿੰਗਾਂ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਇੰਚਾਰਜ ਸ਼ਤਾਬਦੀਆਂ ਬਲਦੇਵ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਇੰਚਾਰਜ ਸਿੱਖ ਮਿਸ਼ਨ ਮੱਧ ਪ੍ਰਦੇਸ਼ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News