ਫ਼ਿਰੋਜ਼ਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੈਸ ਲੀਕ ਹਾਦਸੇ ਦੇ ਪੀੜਤਾਂ ਦਾ ਇਲਾਜ ਕਰੇਗੀ ਸ਼੍ਰੋਮਣੀ ਕਮੇਟੀ: ਐਡਵੋਕੇਟ ਧਾਮੀ
Saturday, Aug 03, 2024 - 12:04 AM (IST)
ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫ਼ਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੇ ਸਾਰੇ ਪੀੜਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਕਰੇਗੀ।
ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਟੀਮ ਜਾਂਚ ਲਈ ਭੇਜੀ ਗਈ ਹੈ, ਜੋ ਪੂਰੀ ਰਿਪੋਰਟ ਦੇਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਬੱਚਿਆਂ ਅਤੇ ਸੇਵਾਦਾਰਾਂ ਦੇ ਨਾਲ ਹਰ ਪੱਧਰ 'ਤੇ ਖੜ੍ਹੀ ਹੈ ਅਤੇ ਇਸ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਉਨ੍ਹਾਂ ਦੇ ਇਲਾਜ ਦਾ ਖਰਚਾ ਚੁੱਕੇਗੀ।
ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਆਮ ਸੰਗਤ ਅਤੇ ਬੱਚਿਆਂ ਨੂੰ ਅਜਿਹੀਆਂ ਸੰਵੇਦਨਸ਼ੀਲ ਥਾਵਾਂ 'ਤੇ ਨਾ ਜਾਣ ਦੇਣ ਅਤੇ ਸੰਗਤਾਂ ਸੇਵਾ ਲਈ ਸੁਰੱਖਿਅਤ ਪ੍ਰਬੰਧ ਕਰਨ | ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਸਰਕੂਲਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।