ਹੁਣ ਤੱਕ ਦੀਆਂ ਇਤਿਹਾਸਕ ਘਟਨਾਵਾਂ ਸਬੰਧੀ ਸਿੱਖ ਡਾਇਰੀ ਹੋਵੇਗੀ ਪ੍ਰਕਾਸ਼ਿਤ: ਲੌਂਗੋਵਾਲ

10/17/2019 11:10:24 AM

ਪਟਿਆਲਾ (ਜੋਸਨ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਡਾਇਰੀ ਛਾਪੀ ਜਾਵੇਗੀ। ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਖੇ 550 ਸਾਲ ਦੀਆਂ ਇਤਿਹਾਸਕ ਘਟਨਾਵਾਂ ਨੂੰ ਦਰਸਾਉਂਦੀ ਚਿਤਰ ਪ੍ਰਦਰਸ਼ਨੀ ਵੀ ਲਾਈ ਜਾਏਗੀ। ਇਸ ਦੀ ਜ਼ਿੰਮੇਵਾਰੀ ਸਿੱਖ ਵਿਦਵਾਨ ਹਰਵਿੰਦਰ ਸਿੰਘ ਖ਼ਾਲਸਾ ਬਠਿੰਡਾ ਨੂੰ ਸੌਂਪੀ ਗਈ ਹੈ। ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਹੋਈ ਇਕੱਤਰਤਾ 'ਚ ਇਹ ਫੈਸਲਾ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵੀ ਹੋਈ। ਇਸ ਵਿਚ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰਤਾ ਮਗਰੋਂ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਤੋਂ ਲੈ ਕੇ ਹੁਣ ਤੱਕ 550 ਸਾਲ ਦੀਆਂ ਇਤਿਹਾਸਕ ਘਟਨਾਵਾਂ ਨੂੰ ਸਿੱਖ ਡਾਇਰੀ ਅਤੇ ਚਿਤਰ ਪ੍ਰਦਰਸ਼ਨੀ ਦੇ ਰੂਪ ਵਿਚ ਸੰਗਤਾਂ ਤੱਕ ਲਿਜਾਇਆ ਜਾਵੇਗਾ। 551 ਘਟਨਾਵਾਂ ਦੇ ਆਧਾਰ 'ਤੇ ਸਿੱਖ ਡਾਇਰੀ ਪ੍ਰਕਾਸ਼ਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਵਿਚ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਘਟਨਾਵਾਂ ਦਰਜ ਹੋਣਗੀਆਂ। ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਇਤਿਹਾਸਕ ਚਿਤਰ ਪ੍ਰਦਰਸ਼ਨੀ ਲਾਈ ਜਾਏਗੀ। ਇਸ ਵਿਚ 51 ਵੱਡ-ਆਕਾਰੀ ਤਸਵੀਰਾਂ ਇਤਿਹਾਸ ਨੂੰ ਰੂਪਮਾਨ ਕਰਨਗੀਆਂ। ਇਹ ਇਤਿਹਾਸ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਾਤਿਸ਼ਾਹ ਤੱਕ, ਬਾਬਾ ਬੰਦਾ ਸਿੰਘ ਬਹਾਦਰ ਤੋਂ ਮਹਾਰਾਜਾ ਰਣਜੀਤ ਸਿੰਘ ਤੱਕ, ਸਮੇਂ-ਸਮੇਂ 'ਤੇ ਚੱਲੀਆਂ ਲਹਿਰਾਂ ਵਿਚ ਸਿੱਖਾਂ ਦੇ ਯੋਗਦਾਨ ਅਤੇ ਵਿਸ਼ਵ ਪ੍ਰਸਿੱਧ ਸਿੱਖ ਸ਼ਖ਼ਸੀਅਤਾਂ ਨਾਲ ਸਬੰਧਤ ਹੋਵੇਗਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੇ 2 ਪ੍ਰਮੁੱਖ ਵਿਦਵਾਨਾਂ ਡਾ. ਰਤਨ ਸਿੰਘ ਜੱਗੀ ਅਤੇ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਨੂੰ ਵੀ ਸ਼ਤਾਬਦੀ ਸਮਾਗਮਾਂ ਦੌਰਾਨ ਸਨਮਾਨਤ ਕਰੇਗੀ। ਇਸ ਤੋਂ ਇਲਾਵਾ ਹਰਿਆਣਾ ਦੇ ਖਰਖੋਟਾ ਵਿਖੇ ਵੱਖ-ਵੱਖ ਸਕੂਲਾਂ ਵਿਚ ਪੜ੍ਹਦੇ 25 ਸਿੱਖ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇਣ ਦਾ ਵੀ ਫੈਸਲਾ ਕੀਤਾ ਗਿਆ।

ਇਕੱਤਰਤਾ ਦੌਰਾਨ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪ੍ਰਿਤਪਾਲ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪਨੂੰ, ਮਨਜੀਤ ਸਿੰਘ ਬੱਪੀਆਣਾ, ਤੇਜਿੰਦਰਪਾਲ ਸਿੰਘ ਢਿੱਲੋਂ, ਰਾਮਪਾਲ ਸਿੰਘ ਬਹਿਣੀਵਾਲ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਡਾ. ਪਰਮਵੀਰ ਸਿੰਘ, ਹਰਵਿੰਦਰ ਸਿੰਘ ਖ਼ਾਲਸਾ, ਡਾ. ਪ੍ਰਭਜੋਤ ਕੌਰ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜੀ. ਸੁਖਮਿੰਦਰ ਸਿੰਘ, ਪਰਮਜੀਤ ਸਿੰਘ ਸਰੋਆ, ਕੁਲਵਿੰਦਰ ਸਿੰਘ ਰਮਦਾਸ, ਹਰਜਿੰਦਰ ਸਿੰਘ ਕੈਰੋਂਵਾਲ ਅਤੇ ਦਰਸ਼ਨ ਸਿੰਘ ਪੀ. ਏ. ਆਦਿ ਮੌਜੂਦ ਸਨ।

ਸਿੰਘ ਸਾਹਿਬ ਦਾ ਫ਼ੈਸਲਾ ਸਰਬ ਪ੍ਰਵਾਨਿਤ ਹੋਵੇਗਾ : ਭਾਈ ਲੌਂਗੋਵਾਲ
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਨਿਰੋਲ ਧਾਰਮਕ ਸਟੇਜ ਲਾ ਕੇ ਸਮੁੱਚੀ ਮਨੁੱਖਤਾ ਨੂੰ ਸਰਬ-ਸਾਂਝੀਵਾਲਾ ਦਾ ਸੁਨੇਹਾ ਦਿੱਤਾ ਜਾਏਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਲੌਂਗੋਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਸਮਾਗਮ ਸੰਗਤੀ ਰੂਪ ਵਿਚ ਹੋਣਗੇ। ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਹੋਵੇਗੀ।ਉਨ੍ਹਾਂ ਕਿਹਾ ਕਿ ਸਮਾਗਮ ਇਕ ਸਟੇਜ 'ਤੇ ਕੀਤੇ ਜਾਣ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ। ਹੁਣ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਚੁੱਕਾ ਹੈ। ਸਿੰਘ ਸਾਹਿਬ ਵੱਲੋਂ ਜੋ ਫੈਸਲਾ ਲਿਆ ਜਾਵੇਗਾ, ਸਰਬ ਪ੍ਰਵਾਨਿਤ ਹੋਵੇਗਾ।


Shyna

Content Editor

Related News