ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੋਹਨ ਸਿੰਘ ਬੰਗੀ ਨੇ ਦਿੱਤਾ ਅਸਤੀਫਾ

03/18/2018 5:53:35 PM

ਤਲਵੰਡੀ ਸਾਬੋ (ਮੁਨੀਸ਼) - ਮਾਲਵੇ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਤੇ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੋਹਣ ਸਿੰਘ ਬੰਗੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਿਆ ਸਰਗਰਮ ਸਿਆਸਤ ਤੋਂ ਵੀ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਤਖਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਸ਼੍ਰੋਮਣੀ ਕਮੇਟੀ ਮੈਂਬਰ ਮੋਹਣ ਸਿੰਘ ਬੰਗੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਂ ਆਪਣਾ ਅਸਤੀਫਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨੂੰ ਸੌਂਪ ਦਿੱਤਾ। ਉਨ੍ਹਾਂ ਨੇ ਆਪਣੇ ਅਸਤੀਫੇ ਵਿਚ ਲਿਖਿਆ ਕਿ ਪਾਰਟੀ ਨੇ ਉਨ੍ਹਾਂ ਨੂੰ ਬੀਤੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਦੀ ਟਿਕਟ ਦੇ ਕੇ ਮਾਣ ਬਖਸ਼ਿਆ ਹੈ ਤੇ ਉਨ੍ਹਾਂ ਨੇ ਵੀ ਸਮੇਂ-ਸਮੇਂ 'ਤੇ ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਹੈ। ਉਨ੍ਹਾਂ ਅੱਗੇ ਲਿਖਿਆ ਹੈ ਕਿ ਹੁਣ ਉਹ ਆਪਣੇ ਪਰਿਵਾਰਕ ਰੁਝੇਵੇਂ ਵੱਧ ਜਾਣ ਕਾਰਣ ਆਪਣੇ ਕੰਮ ਨਾਲ ਇਨਸਾਫ ਨਹੀਂ ਕਰ ਪਾ ਰਹੇ ਸਨ ਇਸ ਲਈ ਉਨ੍ਹਾਂ ਨੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਮੋਹਣ ਸਿੰਘ ਬੰਗੀ ਬੀਤੇ ਕਈ ਸਾਲ ਸ਼੍ਰੋਮਣੀ ਕਮੇਟੀ ਦੇ ਸਰਗਰਮ ਅੰਤ੍ਰਿਗ ਮੈਂਬਰ ਵੀ ਰਹਿ ਚੁੱਕੇ ਹਨ। 
ਜ਼ਿਕਰਯੋਗ ਹੈ ਕਿ ਮੋਹਣ ਸਿੰਘ ਬੰਗੀ ਸੰਨ 2002 ਵਿਚ ਹੋਈ ਪੰਜਾਬ ਵਿਧਾਨ ਸਭਾ ਚੋਣ ਵਿਚ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਆਪਣੇ ਸ਼੍ਰੋਮਣੀ ਕਮੇਟੀ ਮੈਂਬਰ ਤੋਂ ਅਸਤੀਫੇ ਦੇ ਨਾਲ ਹੀ ਅੱਜ ਤੋਂ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਵੀਂ ਐਲਾਨ ਕਰ ਦਿੱਤਾ। ਤਖਤ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ ਨੇ ਦੱਸਿਆ ਕਿ ਸ. ਬੰਗੀ ਵਲੋਂ ਦਿੱਤਾ ਅਸਤੀਫਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜ ਦਿੱਤਾ ਜਾਵੇਗਾ ਤੇ ਅੱਗੇ ਫੈਸਲਾ ਉਨ੍ਹਾਂ ਨੇ ਹੀ ਕਰਨਾ ਹੈ।


Related News