ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਚੇਤਨ ਦੀ ਗ੍ਰਿਫ਼ਤਾਰੀ ਦੀ ਮੰਗ, ਸੀਪੀ ਦਫ਼ਤਰ ਪੁੱਜੀਆਂ ਸਿੱਖ ਜੱਥੇਬੰਦੀਆਂ

Monday, Jun 29, 2026 - 08:22 PM (IST)

ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਚੇਤਨ ਦੀ ਗ੍ਰਿਫ਼ਤਾਰੀ ਦੀ ਮੰਗ, ਸੀਪੀ ਦਫ਼ਤਰ ਪੁੱਜੀਆਂ ਸਿੱਖ ਜੱਥੇਬੰਦੀਆਂ

ਲੁਧਿਆਣਾ (ਰਾਜ): ਸੋਸ਼ਲ ਮੀਡੀਆ 'ਤੇ ਸਿੱਖ ਗੁਰੂ ਸਾਹਿਬਾਨ ਅਤੇ ਧਰਮ ਦੇ ਖਿਲਾਫ ਕਥਿਤ ਤੌਰ 'ਤੇ ਇਤਰਾਜ਼ਯੋਗ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਵਾਲੇ ਦੋਸ਼ੀ ਚੇਤਨ ਸ਼ਰਮਾ ਦੀ ਗ੍ਰਿਫ਼ਤਾਰੀ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੋਮਵਾਰ ਸਵੇਰੇ ਭਾਰੀ ਗਿਣਤੀ ਵਿੱਚ ਨਿਹੰਗ ਸਿੰਘ ਅਤੇ ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਨੁਮਾਇੰਦੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ (ਸੀਪੀ) ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਦੀ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਚੱਲ ਰਹੀ ਹੈ।

ਦੱਸ ਦੇਈਏ ਕਿ ਦੋਸ਼ੀ ਚੇਤਨ ਸ਼ਰਮਾ ਦੀ ਗ੍ਰਿਫ਼ਤਾਰੀ ਨਾ ਹੋਣ ਤੋਂ ਰੋਸ ਵਿੱਚ ਆਏ ਨਿਹੰਗ ਸਿੰਘਾਂ ਨੇ ਬੀਤੇ ਦਿਨ ਸਮਰਾਲਾ ਚੌਕ ਤੋਂ ਬਸਤੀ ਜੋਧੇਵਾਲ ਜਾਣ ਵਾਲੇ ਮੁੱਖ ਮਾਰਗ 'ਤੇ ਸ਼ਰੇਆਮ ਚੱਕਾ ਜਾਮ ਕਰ ਦਿੱਤਾ ਸੀ। ਇਸ ਪ੍ਰਦਰਸ਼ਨ ਕਾਰਨ ਹਾਈਵੇਅ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਗਈ ਸੀ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਸਥਿਤੀ ਨੂੰ ਵਿਗੜਦਾ ਦੇਖ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਸਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਵਾਉਣ ਦਾ ਯਤਨ ਕੀਤਾ ਸੀ।

ਸਖਤ ਮੁਸ਼ੱਕਤ ਤੋਂ ਬਾਅਦ, ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀ ਨਿਹੰਗ ਸਿੰਘਾਂ ਨੂੰ ਭਰੋਸਾ ਦਿੱਤਾ ਸੀ ਕਿ ਸੋਮਵਾਰ ਨੂੰ ਉਨ੍ਹਾਂ ਦੀ ਪੁਲਿਸ ਦੇ ਉੱਚ ਅਧਿਕਾਰੀਆਂ (ਸੀਨੀਅਰ ਅਫਸਰਾਂ) ਨਾਲ ਵਿਸ਼ੇਸ਼ ਮੀਟਿੰਗ ਕਰਵਾਈ ਜਾਵੇਗੀ, ਜਿੱਥੇ ਉਨ੍ਹਾਂ ਦੀਆਂ ਮੰਗਾਂ 'ਤੇ ਤੁਰੰਤ ਫੈਸਲਾ ਲਿਆ ਜਾਵੇਗਾ। ਪੁਲਿਸ ਦੇ ਇਸ ਪੁਖ਼ਤਾ ਭਰੋਸੇ ਤੋਂ ਬਾਅਦ ਨਿਹੰਗ ਸਿੰਘਾਂ ਨੇ ਸੜਕ ਤੋਂ ਜਾਮ ਖੋਲ੍ਹ ਦਿੱਤਾ ਸੀ। ਦਿੱਤੇ ਗਏ ਇਸੇ ਭਰੋਸੇ ਤਹਿਤ ਅੱਜ ਸੋਮਵਾਰ ਸਵੇਰੇ ਹੀ ਨਿਹੰਗ ਸਿੰਘ ਅਤੇ ਸਿੱਖ ਜੱਥੇਬੰਦੀਆਂ ਦੇ ਆਗੂ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਗਏ।

ਸਿੱਖ ਨੁਮਾਇੰਦਿਆਂ ਦਾ ਸਾਫ਼ ਕਹਿਣਾ ਹੈ ਕਿ ਪੁਲਿਸ ਨੇ ਦੋਸ਼ੀ ਦੇ ਖਿਲਾਫ ਮੁਕੱਦਮਾ ਤਾਂ ਦਰਜ ਕਰ ਲਿਆ ਹੈ, ਪਰ ਉਸ ਦੀ ਗ੍ਰਿਫ਼ਤਾਰੀ ਵਿੱਚ ਢਿੱਲ ਵਰਤੀ ਜਾ ਰਹੀ ਹੈ, ਜਿਸ ਨਾਲ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ। ਉਹ ਦੋਸ਼ੀ ਨੂੰ ਤੁਰੰਤ ਸਲਾਖਾਂ ਪਿੱਛੇ ਧੱਕਣ ਦੀ ਮੰਗ 'ਤੇ ਅੜੇ ਹੋਏ ਹਨ। ਫਿਲਹਾਲ, ਸੀਪੀ ਦਫ਼ਤਰ ਦੇ ਅੰਦਰ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸਿੱਖ ਆਗੂਆਂ ਵਿਚਕਾਰ ਗੱਲਬਾਤ ਦਾ ਦੌਰ ਚੱਲ ਰਿਹਾ ਹੈ ਅਤੇ ਖ਼ਬਰ ਲਿਖੇ ਜਾਣ ਤੱਕ ਇਹ ਮੀਟਿੰਗ ਲਗਾਤਾਰ ਜਾਰੀ ਸੀ। ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਸੁਰੱਖਿਆ ਦੇ ਲਿਹਾਜ਼ ਨਾਲ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News