ਸਿੰਗਲਾ ਨੇ ਕਿਸਾਨੀ ਅੰਦੋਲਨ ’ਚ ਸ਼ਹੀਦ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ 5 ਲੱਖ ਰੁਪਏ ਦਾ ਚੈੱਕ

01/28/2021 12:39:06 PM

ਭਵਾਨੀਗੜ੍ਹ (ਕਾਂਸਲ): ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਸਾਨੀ ਅੰਦੋਲਨ ’ਚ ਸ਼ਹੀਦ ਹੋਏ ਬਖੋਪੀਰ ਪਿੰਡ ਦੇ ਕਿਸਾਨ ਗੁਰਚਰਨ ਸਿੰਘ ਦੇ ਪਰਿਵਾਰ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਭੇਂਟ ਕੀਤਾ ਹੈ। ਜ਼ਿਕਰਯੋਗ ਹੈ ਕਿ ਗੁਰਚਰਨ ਸਿੰਘ 25 ਦਸੰਬਰ ਤੋਂ ਸਿੰਘੂ ਬਾਰਡਰ ’ਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਅੰਦੋਲਨ ’ਚ ਸ਼ਾਮਲ ਸੀ। ਅੰਦੋਲਨ ’ਚ ਗੁਰਬਚਨ ਸਿੰਘ ਦੀ ਸਿਹਤ ਖ਼ਰਾਬ ਹੋ ਗਈ ਅਤੇ 3 ਜਨਵਰੀ 2021 ਨੂੰ ਉਹ ਸ਼ਹੀਦੀ ਪ੍ਰਾਪਤ ਕਰ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਡੱਟ ਕੇ ਖਡ਼੍ਹੀ ਹੈ ਅਤੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿੰਨਾ ਸਮਾਂ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹੈ, ਓਨਾ ਸਮਾਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸੂਬੇ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਇਸ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਦਿ੍ੜ ਹੈ ਅਤੇ ਇਨ੍ਹਾਂ ਨੂੰ ਲਾਗੂ ਹੋਣ ਤੋਂ ਰੋਕਣ ਲਈ ਕਿਸੇ ਤਰ੍ਹਾਂ ਦੀ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸੰਵਿਧਾਨ ਦਾ ਘਾਣ ਕਰਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਪਾਸ ਕਰਵਾਇਆ ਗਿਆ ਹੈ ਅਤੇ ਹੁਣ ਵਿਰੋਧ ਕਰ ਰਹੇ ਲੱਖਾਂ ਕਿਸਾਨਾਂ ਦੀ ਗੱਲ ਸੁਣਨ ਤੋਂ ਵੀ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨਾਲ ਕਿਸਾਨ, ਮਜ਼ਦੂਰ ਅਤੇ ਆੜਤੀਆਂ ਦੇ ਪਵਿੱਤਰ ਰਿਸ਼ਤੇ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਲੋਕ ਇਨ੍ਹਾਂ ਕਾਨੂੰਨਾਂ ਵਿਰੁੱਧ ਆਪੋ-ਆਪਣੇ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਏਕਤਾ ਤੋੜਨ ਲਈ ਪਾਸ ਕੀਤੇ ਇਨਾਂ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ.ਡੀ.ਐੱਮ. ਭਵਾਨੀਗੜ੍ਹ ਡਾ. ਕਰਮਜੀਤ ਸਿੰਘ, ਕਿਸਾਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।


Aarti dhillon

Content Editor

Related News