ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਕੈਬਨਿਟ ਮੰਤਰੀ ਸਿੰਗਲਾ ਨੇ ਕੀਤਾ ਰੈਗੂਲਰ

Friday, Jan 07, 2022 - 05:40 PM (IST)

ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਕੈਬਨਿਟ ਮੰਤਰੀ ਸਿੰਗਲਾ ਨੇ ਕੀਤਾ ਰੈਗੂਲਰ

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਲੋਕ ਨਿਰਮਾਣ ਮੰਤਰੀ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਪੱਕੇ ਕਰਵਾਉਣ ਉਪਰੰਤ ਰੈਗੂਲਰ ਸੇਵਾਵਾਂ ਸੰਬੰਧੀ ਮਨਜ਼ੂਰੀ ਪੱਤਰ ਦਿੱਤੇ। ਇਸ ਮੌਕੇ ਬੋਲਦਿਆਂ ਸਿੰਗਲਾ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਤਨਦੇਹੀ ਤੇ ਇਮਾਨਦਾਰੀ ਨਾਲ ਕੀਤੇ ਗਏ ਕੰਮ ਦਾ ਹੀ ਨਤੀਜਾ ਹੈ ਕਿ ਅੱਜ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਪਿੰਡਾਂ ਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਤੇ ਸਾਂਝੀਆਂ ਥਾਂਵਾਂ ’ਤੇ ਸਫ਼ਾਈ ਵਿਵਸਥਾ ਕਾਇਮ ਰੱਖਣ ਲਈ ਉਹ ਸਮੂਹ ਸਫ਼ਾਈ ਸੇਵਕਾਂ ਦੇ ਦਿਲੋਂ ਧੰਨਵਾਦੀ ਹਨ।

ਇਹ ਵੀ ਪੜ੍ਹੋ : ਧੂਰੀ ’ਚ ਪੈਰਾਮੈਡੀਕਲ ਸਟਾਫ਼ ਵੱਲੋ ਖ਼ਾਲੀ ਪੀਪੇ ਖੜਕਾ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਸੰਗਰੂਰ ਹਲਕਾ ਉਨਾਂ ਦੇ ਆਪਣੇ ਪਰਿਵਾਰ ਵਾਂਗ ਹੈ ਅਤੇ ਇਸ ਹਲਕੇ ’ਚ ਰਹਿਣ ਵਾਲੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦੇਣਗੇ। ਉਨਾਂ ਕਿਹਾ ਕਿ ਇਸ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਉਨ੍ਹਾਂ ਵੱਲੋਂ ਸਥਾਨਕ ਆਗੂਆਂ ਦੀ ਅਗਵਾਈ ’ਚ ਆਪਣੀ ਟੀਮ ਵੀ ਲੋਕ ਭਲਾਈ ਦੇ ਕੰਮਾਂ ’ਚ ਪੂਰੀ ਮੁਸ਼ਤੈਦੀ ਨਾਲ ਲਗਾਈ ਹੋਈ ਹੈ ਜੋ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਭਲਾਈ ਸਕੀਮਾਂ ਤੇ ਉਨ੍ਹਾਂ ਦੇ ਲਾਭਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੇ ਹਨ।

ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਦੱਸਿਆ ਕਿ ਸਫ਼ਾਈ ਸੇਵਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਪੱਧਰ ’ਤੇ ਬੜੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਸਫ਼ਾਈ ਸੇਵਕਾਂ ਨੂੰ ਹਰ ਸਹੂਲਤ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਪੂਰੀ ਤਨਦੇਹੀ ਨਾਲ ਇਲਾਕਾ ਵਾਸੀਆਂ ਦੀ ਸੇਵਾ ਕਰ ਸਕਣ। 
ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ.ਡੀ.ਐੱਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਿੰਦਰ ਬਾਂਸਲ, ਮਹੇਸ਼ ਕੁਮਾਰ ਮੇਸ਼ੀ, ਅਮਰਜੀਤ ਸਿੰਘ ਟੀਟੂ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

Harnek Seechewal

Content Editor

Related News