ਕੋਰੋਨਾ ਤੋਂ ਕੁਝ ਰਾਹਤ ਹੁਣ ਡੇਂਗੂ ਬਣਿਆ ਆਫਤ

10/28/2020 1:05:45 AM

ਕੋਟਕਪੂਰਾ, (ਨਰਿੰਦਰ)- ਬੀਤੇ ਕੁਝ ਦਿਨਾਂ ਤੋਂ ਫਰੀਦਕੋਟ ਜ਼ਿਲੇ ਅੰਦਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲਾ ਫਰੀਦਕੋਟ ਵਿਚ 200 ਦੇ ਕਰੀਬ ਡੇਂਗੂ ਦੇ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿੰਨ੍ਹਾਂ ਵਿਚੋਂ 2 ਦੀ ਮੌਤ ਵੀ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਮੌਸਮ ਦੇ ਬਦਲਣ ਕਾਰਣ ਡੇਂਗੂ ਦੇ ਮਾਮਲੇ ਸਾਹਮਣੇ ਆਉਣਾ ਆਮ ਗੱਲ ਹੈ ਅਤੇ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਬੀਤੇ ਸਮੇਂ ਦੌਰਾਨ ਵੀ ਜਾਗਰੂਕਤਾ ਅਭਿਆਨ ਚਲਾਇਆ ਜਾਂਦਾ ਰਿਹਾ ਹੈ ਪਰ ਇਸ ਵਾਰ ਸਿਹਤ ਵਿਭਾਗ ਦੇ ਕੋਵਿਡ-19 ਵਿਚ ਰੁੱਝੇ ਹੋਣ ਕਾਰਣ ਡੇਂਗੂ ਵਾਲੇ ਪਾਸੇ ਜ਼ਿਆਦਾ ਧਿਆਨ ਨਹੀਂ ਦਿੱਤਾ ਜਾ ਸਕਿਆ, ਜਿਸ ਕਾਰਣ ਜ਼ਿਲਾ ਫਰੀਦਕੋਟ ਵਿਚ ਡੇਂਗੂ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਅਨੁਸਾਰ ਜ਼ਿਲੇ ਅੰਦਰ 200 ਦੇ ਕਰੀਬ ਡੇਂਗੂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੰਨ੍ਹਾਂ ਵਿਚੋਂ 2 ਦੀ ਮੌਤ ਹੋ ਚੁੱਕੀ ਹੈ। ਇੰਨ੍ਹਾਂ ਦੋਵਾਂ ਵਿਚੋਂ ਇਕ ਮਰੀਜ਼ ਨੂੰ ਡੇਂਗੂ ਹੋਣ ਦੀ ਪੁਸ਼ਟੀ ਤਾਂ ਹੋ ਚੁੱਕੀ ਹੈ ਜਦਕਿ ਦੂਜੇ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਇਕੱਲੇ ਕੋਟਕਪੂਰਾ ਅਤੇ ਇਸਦੇ ਆਲੇ-ਦੁਆਲੇ ਦੇ ਇਲਾਕਿਆਂ ’ਚ 100 ਦੇ ਕਰੀਬ ਡੇਂਗੂ ਦੇ ਮਰੀਜ਼ ਸਾਹਮਣੇ ਆ ਚੁੱਕੇ ਹਨ। ਡਾ. ਰਜਿੰਦਰ ਕੁਮਾਰ ਸਿਵਲ ਸਰਜਨ ਫਰੀਦਕੋਟ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਜ਼ਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੀ ਮਦਦ ਨਾਲ ਫੌਗਿੰਗ ਅਤੇ ਸਪਰੇ ਕਰਵਾਈ ਜਾ ਰਹੀ ਹੈ।

Bharat Thapa

This news is Content Editor Bharat Thapa