ਮਾਲਵੇ ਦੇ ਕਈ ਜ਼ਿਲਿਆਂ ''ਚ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

12/12/2018 5:05:09 PM

ਪਟਿਆਲਾ (ਇੰਦਰਜੀਤ) - ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਪੰਜਾਬ ਭਰ 'ਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਟਿਆਲਾ ਵਿਖੇ ਵੀ ਗੁਰਦੁਆਰਾ ਸ੍ਰੀ ਦੁਖਨਿਵਾਰਣ ਸਾਹਿਬ 'ਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ ਹੋਈਆਂ ਸਨ। ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ।

ਮਾਨਸਾ (ਮਿੱਤਲ) - ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰੂਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧੁਰ ਕੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਦ ਭੋਗ ਪਾਏ ਗਏ। ਇਸ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਭਾਈ ਗੁਰਨਾਮ ਸਿੰਘ ਜੀ ਰਾਮਾ ਮੰਡੀ ਅਤੇ ਹਜ਼ੂਰੀ ਰਾਗੀ ਭਾਈ ਮੱਖਣ ਸਿੰਘ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਗ੍ਰੰਥੀ ਭਾਈ ਮੇਹਰ ਸਿੰਘ ਨੇ ਗੁਰੂ ਸਾਹਿਬਾਨ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।  

ਸਾਦਿਕ (ਜ. ਬ., ਪਰਮਜੀਤ) - ਐੱਸ. ਬੀ. ਆਰ. ਐੱਸ. ਸੰਸਥਾਵਾਂ ਘੁੱਦੂਵਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾਵਾਂ ਦੇ ਐਡਮਨਿਸਟਰੇਸ਼ਨ ਅਫਸਰ ਦਵਿੰਦਰ ਸਿੰਘ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਕਰਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਹਾਨ ਜੀਵਨ ਬਾਰੇ ਦੱਸਦਿਆਂ ਕਿਹਾ ਕਿ ਅੱਜ ਹਿੰਦੋਸਤਾਨ 'ਚ ਹਿੰਦੂ ਧਰਮ ਮੌਜੂਦ ਹੈ ਤਾਂ ਉਸ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਦਾ ਬੜਾ ਵੱਡਾ ਯੋਗਦਾਨ ਹੈ। ਇਸ ਸਮੇਂ ਸੰਸਥਾਵਾਂ ਦੇ ਪ੍ਰੈਜ਼ੀਡੈਂਟ ਮੇਜਰ ਸਿੰਘ ਢਿੱਲੋਂ, ਵਾਈਸ ਪ੍ਰਿੰਸੀਪਲ ਪ੍ਰੋ. ਜਸਵਿੰਦਰ ਕੌਰ ਆਦਿ ਹਾਜ਼ਰ ਸਨ।


rajwinder kaur

Content Editor

Related News