ਅਰੁਣਾ ਚੌਧਰੀ ਦੇ ਖਿਲਾਫ ਰੋਸ ਧਰਨਾ ਦੇਣ ਦੀ ਤਿਆਰੀ ''ਚ ਆਂਗਣਵਾੜੀ ਯੂਨੀਅਨ

04/24/2019 5:28:40 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਮੈਡਮ ਅਰੁਣਾ ਚੌਧਰੀ ਦੇ ਖਿਲਾਫ ਰੋਸ ਧਰਨਾ ਦਿੱਤਾ ਜਾਵੇਗਾ। ਯੂਨੀਅਨ ਵਲੋਂ ਦੀਨਾਨਗਰ ਵਿਖੇ 28 ਅਪ੍ਰੈਲ ਦਿਨ ਐਤਵਾਰ ਨੂੰ ਰੋਸ ਧਰਨਾ ਲਗਾਉਣ ਲਈ ਪੰਜਾਬ ਭਰ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸੂਬਾ ਪੱਧਰੀ ਇਸ ਪ੍ਰਦਰਸ਼ਨ ਨੂੰ ਕਾਮਯਾਬ ਕਰਨ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੁਰਜੋਰ ਅਪੀਲ ਕੀਤੀ ਜਾ ਰਹੀ ਹੈ। ਇਸ ਸਬੰਧ 'ਚ ਯੂਨੀਅਨ ਵਲੋਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਲੰਬੀ, ਕਿੱਲਿਆਂਵਾਲੀ, ਸੁਖਨਾ ਤੇ ਹੁਸਨਰ ਆਦਿ ਵਿਖੇ ਮੀਟਿੰਗਾਂ ਕੀਤੀਆਂ ਗਈਆਂ। 
ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਜ਼ਿਲਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਕੇਂਦਰ ਸਰਕਾਰ ਵਲੋਂ 7 ਮਹੀਨੇ ਪਹਿਲਾਂ ਭੇਜੇ ਪੈਸੇ ਉਨ੍ਹਾਂ ਨੂੰ ਨਹੀਂ ਦਿੱਤੇ ਜਾ ਰਹੇ, ਜਿਸ ਕਰਕੇ ਆਪਣਾ ਹੱਕ ਲੈਣ ਲਈ ਜਥੇਬੰਦੀ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਦੀਨਾਨਗਰ 'ਚ ਹੋਣ ਵਾਲੀ ਇਸ ਰੈਲੀ 'ਚ ਹਜ਼ਾਰਾਂ ਵਰਕਰਾਂ ਤੇ ਹੈਲਪਰਾਂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ।

rajwinder kaur

This news is Content Editor rajwinder kaur