ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਨੇ ਡੀ. ਸੀ. ਦਫਤਰ ਅੱਗੇ ਕੀਤਾ ਪ੍ਰਦਰਸ਼ਨ

05/30/2020 3:37:03 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਕਿਸਾਨੀ ਮੰਗਾਂ ਦੀ ਪੂਰਤੀ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨ ਆਗੂਆਂ ਨੇ ਸਥਾਨਕ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਦਾ ਪੁਤਲਾ ਵੀ ਫੂਕਿਆ। ਇਸ ਦੌਰਾਨ ਉਨ੍ਹਾਂ ਨੇ ਉੁਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਝੋਨੇ ਦੀ ਬਿਜਾਈ ਆ ਗਈ ਹੈ ਤੇ ਝੋਨੇ ਦੇ ਬੀਜਾਂ 'ਚ ਘਪਲੇ ਆਉਣਾ ਬੇਹੱਦ ਚਿੰਤਾ ਦਾ ਵਿਸ਼ਾ ਹੈ। ਅਜਿਹੀਆਂ ਹੀ ਹੋਰ ਵੀ ਕਈ ਮੰਗਾਂ ਹਨ, ਜਿੰਨ੍ਹਾਂ ਦੇ ਹੱਲ ਲਈ ਯੂਨੀਅਨ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਮੋਟਰਾਂ 'ਤੇ ਪੰਜਾਬ ਸਰਕਾਰ ਵਲੋਂ ਬਿੱਲ ਲਾਉਣ ਦੀ ਨੀਤੀ ਨੂੰ ਵਾਪਸ ਲਿਆ ਜਾਵੇ, ਕਿਉਂਕਿ ਸਰਕਾਰ ਵਲੋਂ ਬਿਜਲੀ, ਨਹਿਰੀ ਪਾਣੀ ਦੀ ਸਹੂਲਤ ਬਰਕਰਾਰ ਰੱਖਣਾ ਕਿਸਾਨਾਂ ਨਾਲ ਸਰਕਾਰ ਦਾ ਵਾਅਦਾ ਹੈ, ਜੋ ਪੂਰਾ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਧਾਰਮਿਕ ਅਸਥਾਨ ਖੋਲ੍ਹਣ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਇਸ ਤੋਂ ਇਲਾਵਾ ਝੋਨੇ ਦੇ ਬੀਜਾਂ 'ਚ ਘਪਲੇ ਦੀ ਉਚ ਪੱਧਰੀ ਜਾਂਚ ਕਰਨ, ਹਰ ਕਿਸਾਨ ਦਾ ਸਮੁੱਚਾ ਕਰਜ਼ੇ ਮੁਆਫ ਕਰਨ ਅਤੇ ਕਣਕ ਦੀ ਖਰੀਦ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੇ ਸਾਲ 2019-20 'ਚ ਕੱਟੇ ਗਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਪੈਸੇ ਤੁਰੰਤ ਵਾਪਸ ਕੀਤੇ ਜਾਣ ਦੀ ਗੱਲ ਵੀ ਆਖ਼ੀ ਗਈ। ਇਸ ਉਪਰੰਤ ਕਿਸਾਨਾਂ ਆਗੂਆਂ ਨੇ ਸਰਕਾਰ ਦਾ ਪੁਤਲਾ ਫੂਕਿਆ ਤੇ ਨਾਅਰੇਬਾਜ਼ੀ ਵੀ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਦੇ ਰੀਡਰ ਨੂੰ ਕਿਸਾਨ ਆਗੂਆਂ ਨੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਅਗਵਾਈ 'ਚ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਤੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਸਰਕਾਰ ਨੇ ਉਕਤ ਮੰਗਾਂ 'ਤੇ ਗੌਰ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਰਨੈਲ ਸਿੰਘ, ਜ਼ਿਲ੍ਹਾ ਸਕੱਤਰ ਨਿਰਮਲ ਸਿੰਘ, ਹਰਦਿਆਲ ਸਿੰਘ, ਖੁਸ਼ਵੰਤ ਸਿੰਘ, ਬਲਦੇਵ ਸਿੰਘ, ਗੁਰਮੀਤ ਸਿੰਘ, ਜਸਬੀਰ ਸਿੰਘ, ਇਕਬਾਲ ਸਿੰਘ, ਜਗਦੇਵ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ : ਟਰਾਲੇ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ


Baljeet Kaur

Content Editor

Related News