ਕਿਸੇ ਵੀ ਸੂਰਤ ''ਚ ਜ਼ਿਲ੍ਹੇ ਦੀ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ : ਡੀ. ਸੀ. ਆਸ਼ਿਕਾ ਜੈਨ

Tuesday, Mar 21, 2023 - 08:10 PM (IST)

ਮੋਹਾਲੀ (ਪਰਦੀਪ) : ਮੋਹਾਲੀ ਜ਼ਿਲ੍ਹੇ 'ਚ ਕਿਸੇ ਵੀ ਸੂਰਤ ’ਚ ਸ਼ਾਂਤੀ ਭੰਗ ਨਾ ਹੋਣ ਦੇਣ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਾਂ ਖਾਸ ਕਰਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰੋਂ ਧਰਨਾ ਚੁਕਾਇਆ ਗਿਆ ਹੈ।

ਇਹ ਵੀ ਪੜ੍ਹੋ : TV 'ਤੇ ਲਾਈਵ ਸ਼ੋਅ ਦੌਰਾਨ ਅਚਾਨਕ ਬੇਹੋਸ਼ ਹੋ ਕੇ ਡਿੱਗੀ ਐਂਕਰ, ਦੇਖੋ ਵੀਡੀਓ

ਗੁਰਦੁਆਰਾ ਸਾਹਿਬ ਦੇ ਬਾਹਰੋਂ ਧਰਨਾ ਹਟਾਏ ਜਾਣ ਤੋਂ ਬਾਅਦ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਰਨੇ ਕਾਰਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਤੋਂ ਇਲਾਵਾ ਇਸ ਸੜਕ ’ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਧਰਨੇ ਕਾਰਨ ਧਰਨਾਕਾਰੀਆਂ ਦਾ ਸੰਗਤ ਅਤੇ ਲੋਕਾਂ ਨਾਲ ਟਕਰਾਅ ਪੈਦਾ ਹੋਣ ਲੱਗ ਪਿਆ ਸੀ। ਇਸ ਕਰਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰ ਦੇ ਅਨੇਕਾਂ ਲੋਕਾਂ ਨੇ ਇਸ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਸੀ।

ਇਹ ਵੀ ਪੜ੍ਹੋ : ਅਫਗਾਨਿਸਤਾਨ 'ਚ ਤਾਲਿਬਾਨ ਸਰਕਾਰ ਨੇ ਹੁਣ ਨਵਰੋਜ਼ ਤਿਉਹਾਰ 'ਤੇ ਲਗਾਈ ਪਾਬੰਦੀ

ਉਨ੍ਹਾਂ ਕਿਹਾ ਕਿ ਧਰਨਾਕਾਰੀਆਂ ਅਤੇ ਸੰਗਤ/ਆਮ ਲੋਕਾਂ ਵਿਚਕਾਰ ਕਿਸੇ ਵੀ ਤਰ੍ਹਾਂ ਦੇ ਸੰਭਾਵੀ ਟਕਰਾਅ ਨੂੰ ਰੋਕਣ ਲਈ ਇਹ ਧਰਨਾ ਚੁਕਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸ਼ਾਂਤੀ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਆਸ਼ਿਕਾ ਜੈਨ ਨੇ ਕਿਹਾ ਕਿ ਇਸ ਸਮੇਂ ਸ਼ਹਿਰ 'ਚ ਸਾਰੀਆਂ ਸੜਕਾਂ ’ਤੇ ਆਵਾਜਾਈ ਖੁੱਲ੍ਹ ਗਈ ਹੈ ਅਤੇ ਮੋਹਲੀ ਦੀ ਕੋਈ ਵੀ ਸੜਕ ਬੰਦ ਨਹੀਂ ਹੈ। ਡੀ. ਸੀ. ਨੇ ਦੱਸਿਆ ਕਿ ਸ਼ਹਿਰ 'ਚ ਹਾਲਾਤ ਪੂਰੀ ਤਰ੍ਹਾਂ ਸ਼ਾਂਤੀਪੂਰਨ ਹਨ। ਉਨ੍ਹਾਂ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋਕਾਂ ਦੇ ਸਹਿਯੋਗ ਦੀ ਵੀ ਮੰਗ ਕੀਤੀ।

ਇਹ ਵੀ ਪੜ੍ਹੋ : ਅਜਬ-ਗਜ਼ਬ : ਹਫ਼ਤੇ ’ਚ ਸਿਰਫ਼ ਇਕ ਦਿਨ ਖਾਣਾ ਖਾਂਦੀ ਹੈ ਇਹ ਔਰਤ, ਬਿੱਲੀਆਂ 'ਤੇ ਖਰਚ ਹੋ ਜਾਂਦੈ ਸਾਰਾ ਪੈਸਾ

ਇਸੇ ਦੌਰਾਨ ਜ਼ਿਲ੍ਹੇ ਦੇ ਐੱਸ. ਐੱਸ. ਪੀ. ਡਾ. ਸੰਦੀਪ ਗਰਗ ਨੇ ਕਿਹਾ ਕਿ ਧਰਨੇ ਦੌਰਾਨ ਕੁਝ ਲੋਕਾਂ ਵੱਲੋਂ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਧਰਨਾਕਾਰੀਆਂ ਵੱਲੋਂ ਗੁਰਦੁਆਰਾ ਸਾਹਿਬ ਆਉਣ ਵਾਲੀ ਸੰਗਤ ਅਤੇ ਪੰਚਾਇਤ ਮੈਂਬਰਾਂ ਨਾਲ ਧੱਕਾ-ਮੁੱਕੀ ਕਰਨ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸੇ ਕਰਕੇ ਸ਼ਾਂਤੀ ਬਹਾਲੀ ਦੇ ਮੱਦੇਨਜ਼ਰ ਧਰਨੇ ਨੂੰ ਚੁਕਾਇਆ ਗਿਆ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆ ਦੇ ਬ੍ਰਿਸਬੇਨ ’ਚ ਖ਼ਾਲਿਸਤਾਨ ਸਮਰਥਕਾਂ ਦਾ ‘ਰੈਫਰੈਂਡਮ’ ਬਣਿਆ ‘ਫਲਾਪ ਸ਼ੋਅ’

ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕਰਦਿਆਂ ਡਾ. ਗਰਗ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਪੁਖਤਾ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਦੱਸਿਆ ਕਿ ਧਰਨੇ ਨੂੰ ਚੁਕਾਉਣ ਸਮੇਂ ਪੁਲਸ ਮੁਲਾਜ਼ਮਾਂ ਸਮੇਤ ਕੁਝ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ 25 ਕੁ ਵਿਅਕਤੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸ ਮੌਕੇ ਮੋਹਾਲੀ ਦੇ ਐੱਸ. ਡੀ. ਐੱਮ. ਸਰਬਜੀਤ ਕੌਰ ਵੀ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News