ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ‘ਹਾਮੀ ਮਜ਼ਦੂਰਾਂ ਦੇ’ ਸੰਸਥਾ ਵੱਲੋਂ ਜ਼ੋਰਦਾਰ ਪ੍ਰਦਰਸ਼ਨ

Tuesday, Jan 04, 2022 - 11:03 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਮਜ਼ਦੂਰਾਂ ਦੀਆਂ ਭਖ਼ਦੀਆਂ ਮੰਗਾਂ ਨੂੰ ਲੈ ਕੇ ਅੱਜ ‘ਹਾਮੀ ਮਜ਼ਦੂਰਾਂ ਦੇ’ ਨਾਮੀ ਸੰਸਥਾ ਵੱਲੋਂ ਸੰਗਰੂਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਵਾਲੀਆਂ ਰਾਜਸੀ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਲੀਡਰਾਂ ਨੂੰ ਪਿੰਡਾਂ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਤੇ ਇਨ੍ਹਾਂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਸਰਪ੍ਰਸਤ ਚਮਨਦੀਪ ਸਿੰਘ ਮਿਲਖੀ ਨੇ ਕਿਹਾ ਕਿ ਅੱਜ ਮਜ਼ਦੂਰਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੋ ਚੁੱਕੀ ਹੈ। ਮਜ਼ਦੂਰਾਂ ਦੀ ਹਾਲਤ ਸੁਧਾਰਨ ਲਈ ਕੁਝ ਵੀ ਨਹੀਂ ਕੀਤਾ ਸਗੋਂ ਹਰ ਵਾਰ ਵੋਟਾਂ ’ਚ ਮਜ਼ਦੂਰਾਂ ਨੂੰ ਆਪੋ-ਆਪਣੇ ਮਨੋਰਥ ਲਈ ਵਰਤਿਆ ਗਿਆ। ਉਨ੍ਹਾਂ ਕਿਹਾ ਕਿ ਮਾੜੇ ਸਿਸਟਮ ਕਾਰਨ ਅੱਜ ਗਰੀਬ ਵਰਗ ਹੋਰ ਗਰੀਬ ਹੋ ਰਿਹਾ ਹੈ, ਜਦਕਿ ਅਮੀਰ ਹੋਰ ਅਮੀਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਮਜ਼ਦੂਰ ਵਰਗ ਜਾਗ ਚੁੱਕਾ ਹੈ ਅਤੇ ਆਪਣੀਆਂ ਮੰਗਾਂ ਲਈ ਮੈਦਾਨ ’ਚ ਨਿੱਤਰ ਗਏ।

PunjabKesari

ਉਨ੍ਹਾਂ ਕਿਹਾ ਕਿ ਜਦੋਂ ਤੱਕ ਮਜ਼ਦੂਰਾਂ ਦੀਆਂ ਬੁਨਿਆਦੀ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਇਸੇ ਤਰ੍ਹਾਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਤਿੱਖੇ ਸ਼ਬਦਾਂ ’ਚ ਕਿਹਾ ਕਿ ਹਰ ਵਾਰ ਲਾਲਚ ਦੇ ਕੇ ਮਜ਼ਦੂਰਾਂ ਦੀਆਂ ਵੋਟਾਂ ਹਾਸਲ ਕਰਨ ਵਾਲੀਆਂ ਰਾਜਸੀ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਲੀਡਰਾਂ ਨੂੰ ਪਿੰਡਾਂ ’ਚ ਆਉਣ ਸਮੇਂ ਸਵਾਲ ਕੀਤੇ ਜਾਣਗੇ ਤੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਕਰਕੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣ, ਗਰੀਬ ਪਰਿਵਾਰਾਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇ, ਮਜ਼ਦੂਰ ਪਰਿਵਾਰਾਂ ਸਿਰ ਚੜ੍ਹੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਕਰਜ਼ੇ ਮੁਆਫ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਮੰਗਾਂ ਦੀ ਪੂਰਤੀ ਤੱਕ ਅਸੀਂ ਸੰਘਰਸ਼ ਜਾਰੀ ਰੱਖਾਂਗੇ। ਇਸ ਮੌਕੇ ਲਖਵਿੰਦਰ ਸਿੰਘ ਕਲੌਦੀ ਸਰਕਲ ਪ੍ਰਧਾਨ , ਮਾਲਵਿੰਦਰ ਸਿੰਘ ਕਲੌਦੀ , ਸਾਬਕਾ ਸਰਪੰਚ ,ਕਰਨੈਲ ਸਿੰਘ ਰਾਮਪੁਰਾ, ਗੁਰਪਾਲ ਸਿੰਘ ਬਿੱਲਾ ਆਦਿ ਹਾਜ਼ਰ ਸਨ।
 


Manoj

Content Editor

Related News